
ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ’ਚ ਪ੍ਰਦਰਸ਼ਨ, ਦੋ ਥਾਵਾਂ ’ਤੇ ਦਿਖਾਏ ਕਾਲੇ ਝੰਡੇ
- by Aaksh News
- May 20, 2024

ਮੋਗਾ ਦੇ ਪ੍ਰਤਾਪ ਰੋਡ ‘ਤੇ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਰੋਡ ਸ਼ੋਅ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕੱਚੇ ਬਿਜਲੀ ਕਾਮਿਆਂ ਨੇ ਇਸ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਮਾਨ ਦੇ ਕਾਫਲੇ ਨੂੰ ਕਾਲੀਆਂ ਝੰਡੀਆ ਦਿਖਾਈਆਂ ਗਈਆਂ। ਪਤਾ ਲੱਗਾ ਹੈ ਕਿ ਪ੍ਰਤਾਪ ਰੋਡ ’ਤੇ ਇਕ ਦੁਕਾਨ ਖੁੱਲ੍ਹਣ ਤੋਂ ਥੋੜ੍ਹੀ ਦੇਰ ਬਾਅਦ ਹੀ 5 ਤੋਂ 6 ਪ੍ਰਦਰਸ਼ਨਕਾਰੀ ਇਕ ਥਾਂ ’ਤੇ ਇਕੱਠੇ ਹੋ ਗਏ, ਜਿਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਕਾਲੇ ਝੰਡੇ ਦਿਖਾ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਇਸ ਦੌਰਾਨ ਉਥੇ ਮੌਜੂਦ ਪੁਲਿਸ ਨੇ ਮੌਕੇ ‘ਤੇ ਹੀ ਦਬੋਚ ਲਿਆ। ਇਸ ਤੋਂ ਬਾਅਦ ਮੌਕੇ ’ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਕੇ ਥਾਣੇ ਲੈ ਗਏ। ਰੋਡ ਸ਼ੋਅ ਦੀ ਸਮਾਪਤੀ ਤੋਂ ਬਾਅਦ ਜਿਵੇਂ ਹੀ ਮੁੱਖ ਮੰਤਰੀ ਦੇ ਵਾਹਨਾਂ ਦਾ ਕਾਫਲਾ ਫਿਰੋਜ਼ਪੁਰ ਰੋਡ ਵੱਲ ਵਧਿਆ ਤਾਂ ਰਸਤੇ ਵਿਚ 7 ਤੋਂ 8 ਨੌਜਵਾਨਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ‘ਚ ਸ਼ਾਮਲ ਪਾਵਰਕੌਮ ਦੇ ਉਕਤ ਮੁਲਾਜ਼ਮਾਂ ’ਚੋਂ ਗੁਰਮੀਤ ਸਿੰਘ ਤੇ ਪ੍ਰਗਟ ਸਿੰਘ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਉਨ੍ਹਾਂ ਨੂੰ ਪੱਕੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਮੁੱਖ ਮੰਤਰੀ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੇ ਜਿਸ ਕਾਰਨ ਉਨ੍ਹਾਂ ਨੂੰ ਵਿਰੋਧ ਕਰਨਾ ਪਿਆ। ਉਹ ਲੰਬੇ ਸਮੇਂ ਤੋਂ ਮੁੱਖ ਮੰਤਰੀ ਨਾਲ ਗੱਲ ਕਰਨ ਲਈ ਸਮਾਂ ਮੰਗ ਰਹੇ ਹਨ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਮੁਲਾਜ਼ਮ ਕਾਲੇ ਕੱਪੜੇ ਪਾ ਕੇ ਪੁੱਜੇ ਹੋਏ ਸਨ ਅਤੇ ਜਿਵੇਂ ਹੀ ਮੁੱਖ ਮੰਤਰੀ ਉਨ੍ਹਾਂ ਦੇ ਕੋਲੋਂ ਲੰਘਣ ਲੱਗੇ ਤਾਂ ਉਨ੍ਹਾਂ ਨੇ ਉਥੇ ਹੀ ਧਰਨਾ ਸ਼ੁਰੂ ਕਰ ਦਿੱਤਾ।