
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦਾ ਜਾਇਜ਼ਾ
- by Jasbeer Singh
- August 12, 2024

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦਾ ਜਾਇਜ਼ਾ -ਕਿਹਾ, ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ 'ਤੇ ਬਣਾਏ ਜਾ ਰਹੇ ਨੇ ਨਸ਼ਾ ਵਿਰੋਧੀ ਸਪੈਸ਼ਲ ਸੈੱਲ ਪਟਿਆਲਾ, 12 ਅਗਸਤ : ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ 'ਤੇ ਨਸ਼ਾ ਵਿਰੋਧੀ ਸਪੈਸ਼ਲ ਸੈੱਲ ਬਣਾਏ ਜਾ ਰਹੇ ਹਨ, ਜਿਥੇ ਉਹ ਵਿਅਕਤੀ ਸੰਪਰਕ ਕਰ ਸਕਣਗੇ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਨਸ਼ਿਆਂ ਤੋਂ ਪੀੜਤ ਹਨ ਅਤੇ ਆਪਣਾ ਇਲਾਜ ਕਰਵਾਉਣਾ ਚਾਹੁੰਦੇ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈ ਰਹੇ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਨਸ਼ਿਆਂ ਦੇ ਕੋਹੜ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੀ ਸ਼ਮੂਲੀਅਤ ਤੋਂ ਬਿਨਾਂ ਕਦੇ ਵੀ ਸਫਲ ਨਹੀਂ ਹੋ ਸਕਦੀ, ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ। ਮੈਡਮ ਕੰਚਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਦੀ ਤਨਦੇਹੀ ਨਾਲ ਸਹਾਇਤਾ ਕਰਨ ਲਈ ਪਹਿਲਾਂ ਹੀ ਵੱਖ-ਵੱਖ ਉਪਰਾਲੇ ਸ਼ੁਰੂ ਕੀਤੇ ਜਾ ਰਹੇ ਹਨ । ਮੀਟਿੰਗ ਦੌਰਾਨ ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਐਸ.ਡੀ.ਐਮ. ਦੁਧਨਸਾਧਾ ਮਨਜੀਤ ਕੌਰ, ਐਸ.ਡੀ.ਐਮ. ਸਮਾਣਾ ਰਿਚਾ ਗੋਇਲ, ਐਸ.ਡੀ.ਐਮ. ਪਾਤੜਾਂ ਰਵਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।