ਜ਼ਿਲ੍ਹੇ ਭਰ ਦੀਆਂ 105 ਟੌਪਰ ਵਿਦਿਆਰਥਣਾਂ ਦਾ ਸਨਮਾਨ - 21 ਵਿਦਿਆਰਥਣਾਂ ਨੇ 500 ਵਿਚੋਂ 500 ਅੰਕ ਕੀਤੇ ਹਾਸਲ - - 'ਬੇਟੀ ਪੜਾਓ ਬੇਟੀ ਬਚਾਓ' ਤਹਿਤ ਸਕੂਲੀ ਸਿੱਖਿਆ ਵਿਭਾਗ ਨੇ ਕੀਤਾ ਉਪਰਾਲਾ ਪਟਿਆਲਾ, 29 ਅਪ੍ਰੈਲ 2026 : 'ਬੇਟੀ ਪੜਾਓ ਬੇਟੀ ਬਚਾਓ' ਮੁਹਿੰਮ ਤਹਿਤ ਜਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਸਹਿਯੋਗ ਨਾਲ ਸਕੂਲੀ ਸਿੱਖਿਆ ਵਿਭਾਗ (ਐਲੀਮੈਂਟਰੀ ਸਿੱਖਿਆ) ਪਟਿਆਲਾ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਸ਼ਾਲੂ ਮਹਿਰਾ ਦੀ ਰਹਿਨੁਮਾਈ ਹੇਠ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਜਿਲ੍ਹੇ ਭਰ ਵਿੱਚੋਂ ਚੰਗੇ ਅੰਕ ਹਾਸਲ ਕਰਨ ਵਾਲੀਆਂ 105 ਟੌਪਰ ਵਿਦਿਆਰਥਣਾਂ ਦਾ ਸਨਮਾਨ ਕੀਤਾ ਹੈ। ਜ਼ਿਲੇ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚੋਂ ਸੈਸ਼ਨ 2025-26 ਦੌਰਾਨ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੌਰਾਨ ਚੰਗੇ ਅੰਕ ਹਾਸਲ ਕਰਨ ਵਾਲੀਆਂ 105 ਵਿਦਿਆਰਥਣਾਂ ਦਾ ਸਨਮਾਨ ਕਰਨ ਲਈ ਸਨਮਾਨ ਸਮਾਰੋਹ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਉਪ ਜਿਲਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਪਟਿਆਲਾ ਮਨਵਿੰਦਰ ਕੌਰ ਭੁੱਲਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਮਲਟੀਪਰਪਜ਼ ਸਕੂਲ ਦੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਪ ਜਿਲਾ ਸਿੱਖਿਆ ਅਧਿਕਾਰੀ ਮਨਵਿੰਦਰ ਕੌਰ ਭੁੱਲਰ ਨੇ ਕਿਹਾ ਕਿ ਜਿਲੇ ਭਰ ਦੀਆਂ 105 ਵਿਦਿਆਰਥਣਾਂ ਵੱਲੋਂ ਬਹੁਤ ਹੀ ਸ਼ਾਨਦਾਰ ਅੰਕ ਪ੍ਰਾਪਤ ਕਰਨੇ ਜਿੱਥੇ ਆਪਣੇ ਆਪ ਵਿੱਚ ਮਾਣ ਵਾਲੀ ਗੱਲ ਹੈ ਉਥੇ ਹੀ 21 ਵਿਦਿਆਰਥਣਾਂ ਅਜਿਹੀਆਂ ਵੀ ਹਨ ਜਿਨਾਂ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਇੱਕ ਵੱਖਰੀ ਮਿਸਾਲ ਪੈਦਾ ਕੀਤੀ ਹੈ। ਉਹਨਾਂ ਕਿਹਾ ਕਿ ਇੰਨੇ ਸ਼ਾਨਦਾਰ ਅੰਕ ਹਾਸਲ ਕਰਕੇ ਇਹਨਾਂ ਧੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅੱਜ ਦੇ ਯੁੱਗ ਵਿੱਚ ਧੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ। ਉਹਨਾਂ ਕਿਹਾ ਕਿ ਜੇਕਰ ਧੀਆਂ ਨੂੰ ਪੜ੍ਹਨ ਦਾ ਸੁਚੱਜਾ ਮਾਹੌਲ ਦਿੱਤਾ ਜਾਵੇ ਤਾਂ ਇਹਨਾਂ ਨੇ ਹੀ ਕਲਪਨਾ ਚਾਵਲਾ, ਮਦਰ ਟਰੇਸਾ, ਕਿਰਨ ਬੇਦੀ ਵਰਗੀਆਂ ਸ਼ਖਸੀਅਤਾਂ ਬਣਨਾ ਹੈ। ਉਹਨਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਜੋ ਧੀਆਂ ਕਿਸੇ ਕਾਰਨ ਪੜ੍ਹਾਈ ਤੋਂ ਵਾਂਝੀਆਂ ਰਹਿ ਗਈਆਂ ਹਨ ਉਹਨਾਂ ਨੂੰ ਪੜ੍ਹਾਈ ਨਾਲ ਜੋੜਨ ਲਈ ਸਕੂਲਾਂ ਵਿੱਚ ਭੇਜਿਆ ਜਾਵੇ। ਇਸ ਮੌਕੇ ਸੰਬੋਧਨ ਕਰਦਿਆਂ ਮਲਟੀਪਰਪਜ਼ ਸਕੂਲ ਦੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੇ ਕਿਹਾ ਕਿ ਪੰਜਵੀਂ ਜਮਾਤ ਦੇ ਆਏ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਬਹੁਤ ਉੱਚਾ ਉੱਠ ਚੁੱਕਿਆ ਹੈ। ਉਹਨਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪੜੇ ਹੋਏ ਵਿਦਿਆਰਥੀ ਵੱਖ-ਵੱਖ ਮਹੱਤਵਪੂਰਨ ਸੀਟਾਂ 'ਤੇ ਸੇਵਾਵਾਂ ਨਿਭਾਅ ਰਹੇ ਹਨ। ਅਖੀਰ ਵਿੱਚ ਮਾਪਿਆਂ ਨੇ ਵੀ ਆਪਣੇ ਨਿੱਕੇ ਬੱਚਿਆਂ ਦਾ ਸਨਮਾਨ ਹੋਣ 'ਤੇ ਮਾਣ ਕਰਦਿਆਂ ਜਿਲ੍ਹਾ ਪ੍ਰਸ਼ਾਸਨ ਅਤੇ ਜ਼ਿਲਾ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲਾ ਰਿਸੋਰਸ ਕੋਆਰਡੀਨੇਟਰ ਰਾਜਵੰਤ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਛੋਟਾ ਅਰਾਈ ਮਾਜਰਾ ਦੇ ਐਚਟੀ ਰਵਿੰਦਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਕਪੂਰ ਦੇ ਐਚਟੀ ਜਗਜੀਤ ਸਿੰਘ ਵਾਲੀਆ ਤੇ ਮੀਡੀਆ ਕੋਆਡੀਨੇਟਰ ਸੁਖਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਹਾਜ਼ਰ ਸਨ।
