
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 14,610 ਵਿਦਆਰਥੀਆਂ ਨੂੰ 12.13 ਕਰੋੜ ਰੁਪਏ ਦਾ ਮਿਲਿਆ ਲਾਭ
- by Jasbeer Singh
- July 2, 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 14,610 ਵਿਦਆਰਥੀਆਂ ਨੂੰ 12.13 ਕਰੋੜ ਰੁਪਏ ਦਾ ਮਿਲਿਆ ਲਾਭ ਅਸ਼ੀਰਵਾਦ ਸਕੀਮ ਤਹਿਤ 2763 ਲਾਭਪਾਤਰੀਆਂ ਨੂੰ ਮਿਲੇ 14.09 ਕਰੋੜ ਰੁਪਏ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਜ਼ਿਲ੍ਹੇ ਦੇ 13 ਪਿੰਡਾਂ ਨੂੰ 20.00 ਲੱਖ ਰੁਪਏ ਪ੍ਰਤੀ ਪਿੰਡ ਦਿੱਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵੱਲੋਂ ਭਲਾਈ ਸਕੀਮਾਂ ਸਬੰਧੀ ਸਮੀਖਿਆ ਸੰਗਰੂਰ, 02 ਜੁਲਾਈ : ਜ਼ਿਲ੍ਹੇ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਲ 2024-25 ਦੌਰਾਨ 14,610 ਵਿਦਆਰਥੀਆਂ ਨੂੰ 12.13 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ। ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਜ਼ਿਲ੍ਹੇ ਦੇ 13 ਪਿੰਡਾਂ ਨੂੰ 20.00 ਲੱਖ ਰੁਪਏ ਪ੍ਰਤੀ ਪਿੰਡ ਦੀ ਰਾਸ਼ੀ ਵੰਡੀ ਗਈ । ਅਸ਼ੀਰਵਾਦ ਸਕੀਮ ਅਧੀਨ 51000 ਰੁਪਏ ਦੀ ਸਹਾਇਤਾ ਲੜਕੀ ਦੇ ਵਿਆਹ ਸਮੇਂ ਲੜਕੀ ਦੇ ਪਿਤਾ ਦੇ ਖਾਤੇ ਵਿੱਚ ਆਨਲਾਈਨ ਸਿਸਟਮ ਰਾਹੀਂ ਟਰਾਂਸਫਰ ਕੀਤੀ ਜਾਂਦੀ ਹੈ। ਸਾਲ 2024-25 ਦੇ 2763 ਲਾਭਪਾਤਰੀਆਂ ਨੂੰ 14.09 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ । ਅੱਤਿਆਚਾਰ ਰੋਕਥਾਮ ਐਕਟ ਤਹਿਤ ਤਕਰੀਬਨ 30 ਕੇਸ ਚੱਲ ਰਹੇ ਹਨ, ਇਹਨਾਂ ਮੁਕੱਦਮਿਆਂ ਵਿੱਚ ਐਕਟ ਦੇ ਨਿਯਮਾਂ ਅਨੁਸਾਰ ਪੀੜਤਾਂ ਨੂੰ ਪਹਿਲੀ ਅਤੇ ਦੂਜੀ ਕਿਸ਼ਤ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਵੱਲੋਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫ਼ਤਰ ਵਿਖੇ ਪਹੁੰਚ ਕੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਰੀਵਿਊ ਕਰਨ ਮੌਕੇ ਸਾਂਝੀ ਕੀਤੀ ਗਈ । ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਸੁਖਸਾਗਰ ਸਿੰਘ ਵੱਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਪੀੜਤਾਂ ਨੂੰ ਮੁਆਵਜ਼ਾ ਦੇਣ ਸਬੰਧੀ ਅਤੇ ਅੰਤਰਜਾਤੀ ਵਿਆਹ ਸਕੀਮ ਸਬੰਧੀ ਲਾਭਪਾਤਰੀਆਂ ਨੂੰ ਵੰਡੀ ਰਾਸ਼ੀ ਸਬੰਧੀ ਜਾਣਕਾਰੀ ਦਿੱਤੀ ਗਈ । ਜ਼ਿਲ੍ਹਾ ਫੀਲਡ ਅਫ਼ਸਰ, ਸ੍ਰੀ ਕੁਲਵੀਰ ਸਿੰਘ ਬੈਂਕਫਿੰਕੋ ਸੰਗਰੂਰ ਵੱਲੋਂ ਦੱਸਿਆ ਗਿਆ ਕਿ ਇਸ ਵਿਭਾਗ ਵੱਲੋਂ ਪੱਛੜੀਆਂ ਸ੍ਰੇਣੀਆਂ ਲਈ ਵਿਆਜ ਦੀਆਂ ਸਸਤੀਆਂ ਦਰਾਂ 'ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਸਾਲ 2025-26 ਦੌਰਾਨ ਸਿੱਧਾ ਕਰਜ਼ਾ ਸਕੀਮ ਅਧੀਨ ਬੀ.ਸੀ. ਅਤੇ ਘੱਟ ਗਿਣਤੀ ਵਰਗ ਨੂੰ 60 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਹਾਇਕ ਜ਼ਿਲ੍ਹਾ ਮੈਨੇਜਰ ਸ੍ਰੀ ਰਾਕੇਸ਼ ਕੰਡਾਰੀ ਵੱਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਸ ਵਿੱਚ ਸਿੱਧਾ ਕਰਜ਼ਾ ਸਕੀਮ ਐਨ.ਐਸ.ਕੇ.ਐਫ.ਡੀ.ਸੀ., ਐਨ.ਐਚ.ਡੀ.ਸੀ. ਅਤੇ ਬੈਂਕ ਟਾਈਅੱਪ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਇਸ ਵਿਭਾਗ ਵੱਲੋਂ ਐਸ.ਸੀ.ਜਾਤੀਆਂ ਨਾਲ ਸਬੰਧਤ ਵਿਅਕਤੀਆਂ ਨੂੰ 1.00 ਲੱਖ ਤੋਂ ਲੈ ਕੇ 30.00 ਲੱਖ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਸਾਲ 2025-26 ਦੌਰਾਨ 13 ਲਾਭਪਾਤਰੀਆਂ ਨੂੰ ਇਹਨਾਂ ਸਕੀਮਾਂ ਤਹਿਤ ਲਾਭ ਦਿੱਤਾ ਜਾ ਚੁੱਕਾ ਹੈ ਅਤੇ 105 ਲਾਭਪਾਤਰੀਆਂ ਦੇ ਕਰਜ਼ਾ ਕੇਸ ਮਨਜ਼ੂਰ ਕਰਨ ਉਪਰੰਤ ਮੁੱਖ ਦਫ਼ਤਰ ਨੂੰ ਸਬਸਿਡੀ ਲਈ ਭੇਜ ਦਿੱਤਾ ਗਿਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਬੌਬੀ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਤੇ ਸੰਤੁਸ਼ਟੀ ਜ਼ਾਹਿਰ ਕੀਤੀ ਗਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ।
Related Post
Popular News
Hot Categories
Subscribe To Our Newsletter
No spam, notifications only about new products, updates.