post

Jasbeer Singh

(Chief Editor)

Punjab

ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਵਾਰਡਾਂ ਤੇ ਮੁਹੱਲਿਆਂ ਵਿੱਚ 170 ਡਿਫੈਂਸ ਕਮੇਟੀਆਂ ਦਾ ਗਠਨ : ਡਿਪਟੀ ਕਮਿਸ਼ਨਰ

post-img

ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਵਾਰਡਾਂ ਤੇ ਮੁਹੱਲਿਆਂ ਵਿੱਚ 170 ਡਿਫੈਂਸ ਕਮੇਟੀਆਂ ਦਾ ਗਠਨ : ਡਿਪਟੀ ਕਮਿਸ਼ਨਰ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਨ, ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਗੁਪਤ ਸੂਚਨਾ ਦੇਣ ਅਤੇ ਨਸ਼ਾ ਪੀੜਤਾਂ ਨੂੰ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨਗੀਆਂ ਡਿਫੈਂਸ ਕਮੇਟੀਆਂ ਸੰਗਰੂਰ, 5 ਦਸੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਠੋਸ ਉਪਰਾਲੇ ਕੀਤੇ ਜਾ ਰਹੇ ਹਨ । ਅਜਿਹੇ ਹੀ ਉਪਰਾਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਸੰਗਰੂਰ ਦੇ ਸ਼ਹਿਰਾਂ ਦੇ ਵਾਰਡਾਂ ਅਤੇ ਮੁਹੱਲਿਆਂ ਵਿੱਚ ਡਿਫੈਂਸ ਕਮੇਟੀਆਂ ਦੀ ਸਥਾਪਨਾ ਕੀਤੀ ਗਈ ਹੈ ਅਤੇ ਇਹ ਡਿਫੈਂਸ ਕਮੇਟੀਆਂ ਲੋਕਾਂ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ, ਪੁਲਿਸ ਅਤੇ ਜਨਤਾ ਦਰਮਿਆਨ ਸੁਚੱਜਾ ਤਾਲਮੇਲ ਯਕੀਨੀ ਬਣਾਉਣ, ਪੁਲਿਸ ਨੂੰ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਉਪਰਾਲੇ ਕਰਨ ਵਾਸਤੇ ਸਰਗਰਮ ਰਹਿਣਗੀਆਂ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਜ਼ਿਲ੍ਹਾ ਸੰਗਰੂਰ ਵਿੱਚ 170 ਮੁਹੱਲਾ ਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਇਹ ਡਿਫੈਂਸ ਕਮੇਟੀਆਂ ਆਮ ਲੋਕਾਂ ਅਤੇ ਪੁਲਿਸ ਵਿੱਚ ਸੁਚੱਜੀ ਭਾਈਚਾਰਕ ਸਾਂਝ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਨਾਲ ਨਾਗਰਿਕਾਂ ਦਾ ਸੌਖਾ ਰਾਬਤਾ ਕਾਇਮ ਕਰਵਾਉਣ ਵਿੱਚ ਲਾਭਦਾਇਕ ਸਾਬਤ ਹੋਣਗੀਆਂ। ਉਹਨਾਂ ਦੱਸਿਆ ਕਿ ਇਹ ਕਮੇਟੀਆਂ ਆਮ ਲੋਕਾਂ, ਪੁਲਿਸ ਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਸ਼ਿਆਂ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨਗੀਆਂ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛਡਾਉਣ ਲਈ ਨਿਯਮਤ ਇਲਾਜ ਕਰਾਉਣ ਲਈ ਉਤਸ਼ਾਹਿਤ ਕਰਨ ਲਈ ਵੀ ਸਰਗਰਮ ਰਹਿਣਗੀਆਂ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਇਹਨਾਂ ਕਮੇਟੀਆਂ ਦੁਆਰਾ ਪੁਲਿਸ ਨੂੰ ਗੁਪਤ ਜਾਣਕਾਰੀ ਸਾਂਝਾ ਕੀਤੀ ਜਾਵੇਗੀ । ਉਹਨਾਂ ਇਹ ਵੀ ਦੱਸਿਆ ਕਿ ਇਹ ਡਿਫੈਂਸ ਕਮੇਟੀਆਂ ਜ਼ਿਲਾ ਸੰਗਰੂਰ ਦੇ ਸਮੂਹ ਕਾਰਜ ਸਾਧਕ ਅਫਸਰਾਂ ਅਤੇ ਮੁੱਖ ਥਾਣਾ ਅਫਸਰਾਂ ਨਾਲ ਰਾਬਤਾ ਕਾਇਮ ਕਰਕੇ ਅਤੇ ਸਬੰਧਤ ਸਬ ਡਵੀਜ਼ਨ ਦੇ ਉਪ ਮੰਡਲ ਮੈਜਿਸਟ੍ਰੇਟ ਅਤੇ ਉਪ ਕਪਤਾਨ ਪੁਲਿਸ ਨਾਲ ਮਿਲ ਕੇ ਨਸ਼ੇ ਦੀ ਰੋਕਥਾਮ ਲਈ ਵੀ ਸਰਗਰਮ ਯੋਗਦਾਨ ਪਾਉਣਗੀਆਂ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਮੂਹ ਐਸ. ਡੀ. ਐਮਜ਼ ਅਤੇ ਡੀ. ਐਸ. ਪੀਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਆਪੋ ਆਪਣੀਆਂ ਸਬ ਡਵੀਜ਼ਨਾਂ ਦੇ ਸ਼ਹਿਰੀ ਖੇਤਰਾਂ ਵਿੱਚ ਗਠਿਤ ਕੀਤੀਆਂ ਗਈਆਂ ਇਹਨਾਂ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਸਮੇਂ ਸਮੇਂ ਤੇ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕਰਨ ਨੂੰ ਯਕੀਨੀ ਬਣਾਉਣ ।

Related Post