July 6, 2024 01:51:31
post

Jasbeer Singh

(Chief Editor)

National

ਮਹਾਰਾਸ਼ਟਰ ਸਰਕਾਰ ਵੱਲੋਂ 20,051 ਕਰੋੜ ਰੁਪਏ ਘਾਟੇ ਵਾਲਾ ਬਜਟ ਪੇਸ਼

post-img

ਮਹਾਰਾਸ਼ਟਰ ਸਰਕਾਰ ਨੇ ਅੱਜ ਵਿਧਾਨ ਸਭਾ ਚੋਣਾਂ ਤੋਂ ਚਾਰ ਮਹੀਨੇ ਪਹਿਲਾਂ ਪੇਸ਼ ਕੀਤੇ 2024-25 ਦੇ ਬਜਟ ਵਿੱਚ ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ਸਮੇਤ ਵੱਖ-ਵੱਖ ਵਰਗਾਂ ਲਈ ਕਈ ਯੋਜਨਾਵਾਂ ਦਾ ਐਲਾਨ ਕੀਤਾ। ਇਸ ਵਿੱਚ 21 ਤੋਂ 60 ਸਾਲ ਉਮਰ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਭੱਤਾ, ਪਰਿਵਾਰਾਂ ਨੂੰ ਸਾਲ ਵਿੱਚ ਤਿੰਨ ਮੁਫ਼ਤ ਐੱਲਪੀਜੀ ਸਿਲੰਡਰ, ਕਿਸਾਨ ਪੱਖੀ ਨੀਤੀਆਂ ਅਤੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਲਈ 10,000 ਰੁਪਏ ਮਹੀਨਾ ਭੱਤਾ ਦੇਣ ਵਰਗੇ ਐਲਾਨ ਸ਼ਾਮਲ ਹਨ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਅਜੀਤ ਪਵਾਰ ਨੇ ਮੌਜੂਦਾ ਵਿੱਤੀ ਵਰ੍ਹੇ ਲਈ 20,051 ਕਰੋੜ ਰੁਪਏ ਘਾਟੇ ਵਾਲਾ ਬਜਟ ਪੇਸ਼ ਕੀਤਾ। ਉਨ੍ਹਾਂ ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ਸਮੇਤ ਹੋਰ ਵਰਗਾਂ ਲਈ ਜਿਹੜੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ, ਉਨ੍ਹਾਂ ’ਤੇ 80,000 ਕਰੋੜ ਰੁਪਏ ਤੋਂ ਵੱਧ ਦਾ ਖਰਚਾ ਆਵੇਗਾ। ਸ਼ਿਵ ਸੈਨਾ-ਭਾਜਪਾ-ਐੱਨਸੀਪੀ ਸਰਕਾਰ ਵਿੱਚ ਵਿੱਤ ਮੰਤਰੀ ਵਜੋਂ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕਰਦਿਆਂ ਪਵਾਰ ਨੇ ਔਰਤਾਂ ਲਈ ਵਿੱਤੀ ਸਹਾਇਤਾ ਸਕੀਮ ‘ਮੁੱਖ ਮੰਤਰੀ ਮਾਝੀ ਲੜਕੀ ਬਹਿਨ’ ਯੋਜਨਾ ਦਾ ਐਲਾਨ ਕੀਤਾ। ਉਨ੍ਹਾਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਰਵਰੀ ਵਿੱਚ ਅੰਤਰਿਮ ਬਜਟ ਪੇਸ਼ ਕੀਤਾ ਸੀ। ਇਸ ਦੌਰਾਨ ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ ਨੇ ਕਿਹਾ ਕਿ ਬਜਟ ਵਿੱਚ ਹਰ ਵਰਗ ਨੂੰ ਕੁੱਝ ਨਾ ਕੁੱਝ ਦੇਣ ਦਾ ਦਿਖਾਵਾ ਕੀਤਾ ਗਿਆ ਹੈ। ਮਹਾਰਾਸ਼ਟਰ ਵਿਧਾਨ ਪਰਿਸ਼ਦ ਵਿੱਚ ਵਿਰੋਧੀ ਧਿਰ ਦੇ ਨੇਤਾ ਅੰਬਾਦਾਸ ਦਾਨਵੇ ਨੇ ਬਜਟ ਨੂੰ ‘ਸਿਆਸੀ ਹਿੱਤਾਂ ਤੋਂ ਪ੍ਰੇਰਿਤ’ ਕਰਾਰ ਦਿੱਤਾ। ਇਸੇ ਤਰ੍ਹਾਂ ਸ਼ਰਦ ਪਵਾਰ ਦੀ ਅਗਵਾਈ ਵਾਲੀ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ ਤਾਪਸੇ ਨੇ ਕਿਹਾ ਕਿ ਸੂਬੇ ਸਿਰ ਕਰਜ਼ੇ ਦਾ ਬੋਝ ਸੱਤ ਲੱਖ ਕਰੋੜ ਰੁਪਏ ਤੋਂ ਵਧ ਗਿਆ ਹੈ। -

Related Post