post

Jasbeer Singh

(Chief Editor)

Patiala News

ਪਟਿਆਲਾ ਜ਼ਿਲ੍ਹੇ ’ਚ 21ਵੀਂ ਪਸ਼ੂ ਧੰਨ ਗਣਨਾ ਜਾਰੀ : ਡਿਪਟੀ ਡਾਇਰੈਕਟਰ

post-img

ਪਟਿਆਲਾ ਜ਼ਿਲ੍ਹੇ ’ਚ 21ਵੀਂ ਪਸ਼ੂ ਧੰਨ ਗਣਨਾ ਜਾਰੀ : ਡਿਪਟੀ ਡਾਇਰੈਕਟਰ -ਜ਼ਿਲ੍ਹੇ ’ਚ 22 ਸੁਪਰਵਾਈਜ਼ਰ ਅਤੇ 111 ਗਿਣਤੀਕਾਰ ਤਾਇਨਾਤ ਪਟਿਆਲਾ, 22 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪਟਿਆਲਾ ਵਿੱਚ 21ਵੀਂ ਪਸ਼ੂ ਧੰਨ ਗਣਨਾ ਜਾਰੀ ਹੈ । ਪਸ਼ੂ ਪਾਲਣ ਵਿਭਾਗ ਵੱਲੋਂ ਇਸ ਗਣਨਾ ਦੌਰਾਨ ਕੁੱਲ 16 ਵੱਖ-ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਗਣਨਾ ਵਿੱਚ ਪਸ਼ੂ ਪਾਲਣ ਕਿੱਤੇ ਵਿੱਚ ਮਹਿਲਾਵਾਂ ਦੀ ਭੂਮਿਕਾ ਨੂੰ ਵੀ ਦਰਜ ਕੀਤਾ ਜਾ ਰਿਹਾ ਹੈ । ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਨੇ ਇਸ ਪਸ਼ੂ ਧੰਨ ਗਣਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 2019 ਤੋਂ ਬਾਅਦ ਦੂਜੀ ਵਾਰ ਇਹ ਗਣਨਾ ਡਿਜੀਟਲ ਰੂਪ ਵਿੱਚ ਕੀਤੀ ਜਾ ਰਹੀ ਹੈ, ਜਿਸ ਵਿੱਚ ਪਸ਼ੂ ਧੰਨ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਸਮੇਤ ਡਾਟਾ ਇਕੱਠਾ ਕਰਨ ਲਈ ਮੋਬਾਇਲ ਐਪ ਦੀ ਵਰਤੋਂ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆਂ ਕਿ ਇਸ ਵਿਆਪਕ ਖੇਤਰੀ ਸਰਵੇਖਣ ਨੂੰ ਪੂਰਾ ਕਰਨ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 22 ਸੁਪਰਵਾਈਜ਼ਰ ਅਤੇ 111 ਗਿਣਤੀਕਾਰ ਤਾਇਨਾਤ ਕੀਤੇ ਗਏ ਹਨ । ਇਹ ਗਿਣਤੀਕਾਰ ਲਗਭਗ ਜ਼ਿਲ੍ਹੇ ਦੇ 1225 ਪਿੰਡਾਂ ਅਤੇ 165 ਵਾਰਡਾਂ ਵਿੱਚ ਘਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਜਾਨਵਰਾਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਅਨੁਸਾਰ ਉਨ੍ਹਾਂ ਦੀ ਗਿਣਤੀ ਰਿਕਾਰਡ ਕੀਤੀ ਜਾ ਸਕੇ । ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਪਾਲਤੂ ਕੁੱਤਿਆਂ ਦੀ ਵੀ ਉਨ੍ਹਾਂ ਦੀ ਨਸਲ ਦੇ ਅਧਾਰ ਤੇ ਗਿਣਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਪਹਿਲੀ ਵਾਰ ਗਊਸ਼ਾਲਾਵਾਂ ਵਿੱਚ ਪਸ਼ੂਆਂ ਅਤੇ ਖ਼ਾਨਾਬਦੋਸ਼ ਕਬੀਲਿਆਂ ਦੁਆਰਾ ਪਾਲੇ ਜਾ ਰਹੇ ਪਸ਼ੂਆਂ ਨੂੰ ਵੱਖਰੇ ਤੌਰ ਤੇ ਗਿਣਿਆ ਜਾ ਰਿਹਾ ਹੈ । ਇਸ ਗਣਨਾ ਦੌਰਾਨ ਪਸ਼ੂ ਪਾਲਣ ਖੇਤਰ ਤੇ ਕਿਸਾਨਾਂ ਦੀ ਨਿਰਭਰਤਾ ਦੇ ਨਾਲ-ਨਾਲ ਪੋਲਟਰੀ ਤੇ ਪਸ਼ੂ ਪਾਲਣ ਦੇ ਔਜ਼ਾਰਾਂ ਬਾਰੇ ਅੰਕੜੇ ਵੀ ਇਕੱਤਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗਣਨਾ ਫਰਵਰੀ 2025 ਤੱਕ ਪੂਰੀ ਕਰ ਲਈ ਜਾਵੇਗੀ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਵੇਖਣ ਕਰਨ ਵਾਲੇ ਕਰਮਚਾਰੀਆਂ ਨਾਲ ਸਹਿਯੋਗ ਕਰਨ ਤਾਂ ਜੋ ਇਸ ਕਾਰਜ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ ।

Related Post