

ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਵੱਲੋਂ ਬੀਤੇ ਦਿਨੀਂ ਪਟਿਆਲਾ ਵਿੱਚ ਕੀਤੀ ਰੈਲੀ ਦੌਰਾਨ ਕਈ ਥਾਵਾਂ ’ਤੇ ਪੋਸਟਰ, ਫਲੈਕਸਾਂ ਅਤੇ ਝੰਡੇ ਆਦਿ ਲਾਉਣ ਦੇ ਦੋਸ਼ ਹੇਠ ਸਥਾਨਕ ਪੁਲੀਸ ਨੇ ਕੇਸ ਦਰਜ ਕੀਤਾ ਹੈ। ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲੀਸ ਨੇ ਇਹ ਕਾਰਵਾਈ ਲੋਕ ਸਭਾ ਹਲਕਾ ਪਟਿਆਲਾ ਦੇ ਐੱਮਸੀਸੀ ਦੇ ਨੋਡਲ ਅਫਸਰ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਹੈ, ਜਿਸ ’ਚ ਉਨ੍ਹਾਂ ਕਿਹਾ ਕਿ ਐੱਨਕੇ ਸ਼ਰਮਾ ਨੇ ਆਪਣੀ ਪਾਰਟੀ ਨਾਲ ਸਬੰਧਤ ਪੋਸਟਰ ਤੇ ਫਲੈਕਸ ਆਦਿ ਬਿਜਲੀ ਦੇ ਖੰਭਿਆਂ ਅਤੇ ਸਰਕਾਰੀ ਇਮਾਰਤਾਂ ’ਤੇ ਲਗਾ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਐੱਨਕੇ ਸ਼ਰਮਾ ਨੇ ਕਿਹਾ ਕਿ ਇਹ ਪੋੋਸਟਰ ਨਿਯਮਾਂ ਤਹਿਤ ਪ੍ਰਵਾਨਗੀ ਲੈ ਕੇ ਲਗਾਏ ਸਨ ਪਰ ਇਸ ਦੇ ਬਾਵਜੂਦ ਸਰਕਾਰ ਦੇ ਦਬਾਅ ਹੇਠ ਉਸ ਦੀ ਚੋਣ ਮੁਹਿੰਮ ਨੂੰ ਪ੍ਰਭਾਵਿਤ ਕਰਨ ਲਈ ਕੇਸ ਦਰਜ ਕੀਤਾ ਗਿਆ ਹੈ।