
‘ਆਪ’ ਵਿਧਾਇਕਾ ਦੇ ਅਕਾਊਂਟ ਤੋਂ ਵੀਡੀਓ ਅਪਲੋਡ ਕਰਨ ਦੇ ਮਾਮਲੇ ’ਚ ਕੇਸ ਦਰਜ
- by Aaksh News
- June 4, 2024

ਰਾਜਪੁਰਾ ਤੋਂ ‘ਆਪ’ ਵਿਧਾਇਕਾ ਨੀਨਾ ਮਿੱਤਲ ਦੇ ਸੋਸ਼ਲ ਮੀਡੀਆ ਅਕਾਊਂਟ ’ਤੇ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਵੀਰ ਸਿੰਘ ਦੇ ਹੱਕ ਵਿੱਚ ਵੋਟ ਭੁਗਤਾਉਣ ਸਬੰਧੀ ਬਣਾਈ ਗਈ ਵੀਡੀਓ ਦੇ ਮਾਮਲੇ ’ਚ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੰਚਨ ਦੇ ਬਿਆਨਾਂ ’ਤੇ ਥਾਣਾ ਸਿਟੀ ਰਾਜਪੁਰਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵੋਟਾਂ ਵਾਲੇ ਦਿਨ ਤੜਕੇ ਹੀ ਵਿਧਾਇਕਾ ਦੇ ਟਵਿੱਟਰ ਅਕਾਊਂਟ ’ਤੇ ਇੱਕ ਵੀਡੀਓ ਅਪਲੋਡ ਹੋਈ ਸੀ ਜਿਸ ਦੌਰਾਨ ਡਾ. ਬਲਵੀਰ ਸਿੰਘ ਨੂੰ ਵੋਟ ਪਾਏ ਜਾਣ ਬਾਰੇ ਦਿਖਾਇਆ ਗਿਆ ਸੀ ਤੇ ਇਸ ਦੇ ਨਾਲ ਹੀ ਪੰਜਾਬ ਵਿੱਚ ‘ਆਪ’ ਨੂੰ 13-0 ਦੇ ਆਧਾਰ ’ਤੇ ਸੀਟਾਂ ਮਿਲਣ ਸਬੰਧੀ ਰਾਜਪੁਰਾ ਤੋਂ ਮੁਹਿੰਮ ਸ਼ੁਰੂ ਕਰਨ ਦਾ ਜ਼ਿਕਰ ਵੀ ਕੀਤਾ ਗਿਆ ਸੀ। ਇਸ ਮਾਮਲੇ ’ਤੇ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐੱਨ ਕੇ ਸ਼ਰਮਾ ਨੇ ਬੀਤੇ ਕੱਲ੍ਹ ਹੀ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੂੰ ਪੱਤਰ ਲਿਖ ਕੇ ਵਿਧਾਇਕਾ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਦੂਜੇ ਪਾਸੇ ਪਟਿਆਲਾ ਦੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਨੋਟਿਸ ਉਪਰੰਤ ਨੀਨਾ ਮਿੱਤਲ ਨੇ ਸਪੱਸ਼ਟੀਕਰਨ ਦਿੱਤਾ ਸੀ ਕਿ ਵੀਡੀਓ ਸਵੇਰੇ 7.30 ਵਜੇ ਅਪਲੋਡ ਕੀਤੀ ਗਈ ਸੀ, ਪਰ ਉਨ੍ਹਾਂ ਆਪਣੀ ਵੋਟ 9 ਵਜੇ ਪਾਈ ਸੀ। ਉਸ ਨੇ ਕਿਹਾ ਕਿ ਇਹ ਵੀਡੀਓ ਉਨ੍ਹਾਂ ਦੀ ਨਹੀਂ ਤੇ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੇ ਬਿਨਾਂ ਹੀ ਇਹ ਵੀਡੀਓ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਪਟਿਆਲਾ ਤੋਂ ਅਕਾਲੀ ਉਮੀਦਵਾਰ ਸ਼ਰਮਾ ਨੇ ਪ੍ਰਸ਼ਾਸਨ ’ਤੇ ਵਿਧਾਇਕਾ ਨੂੰ ਬਚਾਉਣ ਦੇ ਦੋਸ਼ ਲਾਏ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਚੋਣ ਮੁਹਿੰਮ ਦੌਰਾਨ ਵੀ ਉਸ (ਸ਼ਰਮਾ) ਨਾਲ ਪੱਖਪਾਤ ਹੁੰਦਾ ਰਿਹਾ ਹੈ ਕਿਉਂਕਿ ਡਾ. ਧਰਮਵੀਰ ਗਾਂਧੀ ਅਤੇ ਪ੍ਰਨੀਤ ਕੌਰ ਦੇ ਹੱਕ ਵਿੱਚ ਲੱਗੇ ਪੋਸਟਰਾਂ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ ਜਦਕਿ ਉਸ ਦੇ ਪੋਸਟਰਾਂ ਸਬੰਧੀ ਬਾਕਾਇਦਾ ਉਸ (ਸ਼ਰਮਾ) ਦਾ ਨਾਮ ਪਾ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।