ਕੋਟਲੀ ਤੇ ਦੋਦੜਾ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਦਰਬਾਰ ਦਾ ਵੱਡੀ ਗਿਣਤੀ ਸੰਗਤ ਨੇ ਆਨੰਦ ਮਾਣਿਆ
- by Jasbeer Singh
- November 13, 2025
ਕੋਟਲੀ ਤੇ ਦੋਦੜਾ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਦਰਬਾਰ ਦਾ ਵੱਡੀ ਗਿਣਤੀ ਸੰਗਤ ਨੇ ਆਨੰਦ ਮਾਣਿਆ ਪਾਤੜਾਂ/ਸਮਾਣਾ, 13 ਨਵੰਬਰ 2025 : ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਅਸਥਾਨ ਪਿੰਡਾਂ ਕੋਟਲੀ ਅਤੇ ਦੋਦੜਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ, ਜਿਸ ਵਿੱਚ ਸੰਗਤਾਂ ਨੇ ਲੰਬਾ ਸਮਾਂ ਇਲਾਹੀ ਬਾਣੀ ਦਾ ਆਨੰਦ ਮਾਣਿਆ । ਜਿਕਰਯੋਗ ਹੈ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਨ੍ਹੀ਼ ਦਿਨੀ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਬਾਰੇ ਸ਼ਰਧਾਲੂਆਂ ਨੂੰ ਜਾਣੂ ਕਰਵਾਉਣ ਲਈ ਵੱਖ ਵੱਖ ਸਬ ਡਵੀਜ਼ਨਾਂ ਵਿੱਚ ਸਥਿਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਉਤੇ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿਛਲੇ ਦਿਨੀਂ ਇਹ ਕੀਰਤਨ ਸਮਾਗਮ ਕਰਵਾਇਆ ਗਿਆ ਸੀ । ਸਮਾਗਮ ਦੌਰਾਨ ਪਿੰਡ ਕੋਟਲੀ ਵਿਖੇ ਕੀਰਤਨ ਦਰਬਾਰ ਵਿਖੇ ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਨੇ ਸਿ਼ਰਕਤ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸ਼ਰਧਾ ਤੇ ਸਤਿਕਾਰ ਸਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਵੱਡੇ ਪੱਧਰ ਉਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਾਮ ਨੂੰ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਚੱਲਣ ਵਾਲੀ ਧਾਰਮਿਕ ਯਾਤਰਾ ਦੇ ਰੂਪ ਵਿੱਚ 21 ਨਵੰਬਰ ਨੂੰ ਪਟਿਆਲਾ ਵਿਖੇ ਨਗਰ ਕੀਰਤਨ ਪਹੁੰਚ ਰਿਹਾ ਹੈ । ਇਸੇ ਦੌਰਾਨ ਉਪ-ਮੰਡਲ ਮੈਜਿਸਟਰੇਟ ਸਮਾਣਾ ਰਿਚਾ ਗੋਇਲ ਦੀ ਅਗਵਾਈ ਹੇਠ ਬੀਡੀਪੀਓ ਪਾਤੜਾ ਬਘੇਲ ਸਿੰਘ ਔਜਲਾ ਨੇ ਦੱਸਿਆ ਕਿ ਕੀਰਤਨ ਦਰਬਾਰ ਦੌਰਾਨ ਵੱਖ-ਵੱਖ ਕੀਰਤਨੀ ਜਥਿਆ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਬਾਣੀ ਸਿਮਰਨ ਕੀਤਾ । ਇਸ ਦੌਰਾਨ ਬੁਲਾਰਿਆਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਤੇ ਸ਼ਹੀਦ ਗੁਰਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਵੱਲੋਂ ਧਰਮ ਦੀ ਰਾਖੀ ਅਤੇ ਮਨੁੱਖੀ ਅਧਿਕਾਰਾਂ ਦੀ ਸਰਬਉਚ ਕੁਰਬਾਨੀ ਬਾਰੇ ਵਿਚਾਰ ਸਾਂਝੇ ਕੀਤੇ ।ਇਸ ਮੌਕੇ ਗੁਰੂ ਘਰਾਂ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ ਅਤੇ ਗ੍ਰਾਮ ਪੰਚਾਇਤਾਂ ਦੇ ਪੰਚ ਤੇ ਸਰਪੰਚ ਵੀ ਮੌਜੂਦ ਸਨ।ਪ੍ਰਬੰਧਕਾਂ ਦੀ ਤਰਫੋਂ ਵਿਧਾਇਕ ਕੁਲਵੰਤ ਸਿੰਘ ਸਮੇਤ ਪ੍ਰਸ਼ਾਸਨਿਕ ਤੇ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਗੁਰੂ ਕਾ ਲੰਗਰ ਵੀ ਅਤੁਟ ਵਰਤਾਇਆ ਗਿਆ ।
