ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਨੂੰ ਰੋਕਣ ਲਈ ਹਾਈਕੋਰਟ ‘ਚ ਜਨਹਿਤ ਪਟੀਸ਼ਨ ਦਾਇਰ
- by Jasbeer Singh
- August 27, 2024
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਨੂੰ ਰੋਕਣ ਲਈ ਹਾਈਕੋਰਟ ‘ਚ ਜਨਹਿਤ ਪਟੀਸ਼ਨ ਦਾਇਰ ਚੰਡੀਗੜ੍ਹ : ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੀ ਰਿਲੀਜ਼ ਨੂੰ ਰੋਕਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਇਮਾਨ ਸਿੰਘ ਖਾਰਾ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਨੇ ਫਿਲਮ ਵਿੱਚ ਸਿੱਖਾਂ ਦੀ ਇਮੇਜ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਖਾਰਾ ਨੇ ਦਾਅਵਾ ਕੀਤਾ ਕਿ ਫਿਲਮ ਨੇ ਸਿੱਖਾਂ ਨੂੰ ਨਕਾਰਾਤਮਕ ਤਰੀਕੇ ਨਾਲ ਪੇਸ਼ ਕੀਤਾ ਹੈ। ਜਿਸ ਨਾਲ ਭਾਈਚਾਰੇ ਅੰਦਰ ਚਿੰਤਾਵਾਂ ਪੈਦਾ ਹੋ ਗਈਆਂ ਹਨ। ਇਸ ਪਟੀਸ਼ਨ ‘ਤੇ ਆਉਣ ਵਾਲੇ ਦਿਨਾਂ ‘ਚ ਸੁਣਵਾਈ ਹੋਣ ਦੀ ਉਮੀਦ ਹੈ। ਜਿ਼ਕਰਯੋਗ ਹੈ ਕਿ, ਖਾਰਾ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਵੀ ਹਨ, ਜੋ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ। ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਬਠਿੰਡਾ ਦੇ ਇੱਕ ਸਿਨੇਮਾਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਇਹ ਫ਼ਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਘੋਸ਼ਿਤ ਐਮਰਜੈਂਸੀ ਦੇ ਦੌਰ ‘ਤੇ ਕੇਂਦਰਿਤ ਹੈ। ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਫਿਲਮ ਨੂੰ ਲੈ ਕੇ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਪੰਜਾਬ ਦੇ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਟ੍ਰੇਲਰ ‘ਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਦਰਸਾਉਣ ‘ਤੇ ਇਤਰਾਜ਼ ਜਤਾਇਆ। ਉਨ੍ਹਾਂ ਫਿਲਮ ‘ਤੇ ਸਿੱਖਾਂ ਨੂੰ ਅਪਮਾਨਜਨਕ ਤਰੀਕੇ ਨਾਲ ਪੇਸ਼ ਕਰਨ ਦਾ ਦੋਸ਼ ਲਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਦੀ ਰਿਲੀਜ਼ ਨੂੰ ਰੋਕਣ ਦੀ ਮੰਗ ਕੀਤੀ ਹੈ।
