
ਪੰਜਾਬੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ
- by Jasbeer Singh
- September 4, 2024

ਪੰਜਾਬੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿੱਚ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿੱਚ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ 'ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਵਿਸ਼ਵ ਸ਼ਾਂਤੀ' ਵਿਸ਼ੇ ਉੱਤੇ ਕਰਵਾਇਆ ਗਿਆ। ਸੈਮੀਨਾਰ ਦਾ ਪ੍ਰਧਾਨਗੀ ਭਾਸ਼ਣ ਚੇਅਰ ਦੇ ਪ੍ਰੋਫ਼ੈਸਰ ਇੰਚਾਰਜ ਡਾ. ਗੁਰਮੀਤ ਸਿੰਘ ਸਿੱਧੂ ਵੱਲੋਂ ਦਿੱਤਾ ਗਿਆ। ਉਨ੍ਹਾਂ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਜਿਹੜੀਆਂ ਕੌਮਾਂ ਸ਼ਹਾਦਤਾਂ ਨੂੰ ਸਬਰ, ਸੰਤੋਖ ਅਤੇ ਪਰਮਾਤਮਾ ਦੇ ਭਾਣੇ ਅਨੁਸਾਰ ਸਵੀਕਾਰ ਕਰਦੀਆਂ ਹਨ ਉਨ੍ਹਾਂ ਕੌਮਾਂ ਦੀਆਂ ਪੀੜ੍ਹੀਆਂ ਨੂੰ ਸਰਕਾਰਾਂ ਵਲੋਂ ਅੱਤਵਾਦੀ ਕਹਿਣਾ ਨੈਤਿਕ ਪੱਖੋਂ ਸਹੀ ਨਹੀਂ ਜਾਪਦਾ। ਸੈਮੀਨਾਰ ਦੀ ਸ਼ੁਰੂਆਤ ਯੂਨੀਵਰਸਿਟੀ ਧੁਨੀ ਨਾਲ ਹੋਈ ਜਿਸ ਉਪਰੰਤ ਮੰਚ ਸੰਚਾਲਕ ਡਾ. ਪਰਦੀਪ ਕੌਰ (ਰਿਸਰਚ ਐਸੋਸੀਏਟ) ਨੇ ਗੁਰੂ ਗੋਬਿੰਦ ਸਿੰਘ ਚੇਅਰ ਅਤੇ ਇਸ ਸੈਮੀਨਾਰ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੱਤੀ । ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਮੇਲ ਸਿੰਘ ਨੇ ਇਸ ਪ੍ਰਕਾਸ਼ ਪੁਰਬ ਦੀ ਮਹਾਨਤਾ ਬਿਆਨਦੇ ਹੋਏ ਉਸ ਸਮੇਂ ਦੀ ਸਥਿਤੀ ਅਤੇ ਅਨੁਭਵ ਬਾਰੇ ਵਿਚਾਰ ਸਾਂਝੇ ਕੀਤੇ । ਯੂਨੀਵਰਸਿਟੀ ਕਾਲਜ, ਮੀਰਾਂਪੁਰ ਤੋਂ ਡਾ. ਤੇਜਿੰਦਰ ਪਾਲ ਸਿੰਘ ਨੇ ਆਪਣੇ ਪੇਪਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨਾਲ ਸੰਬੰਧਿਤ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਗੁਰੂ ਸਾਹਿਬ ਦੀ ਬਾਣੀ ਹਨੇਰ ਰੂਪੀ ਮਨ ਵਿਚ ਚਾਨਣ ਪੈਦਾ ਕਰਦੀ ਹੈ। ਉਨ੍ਹਾਂ ਨੇ ਗੁਰਿਆਈ ਦੇ ਸਫਰ ਨੂੰ ਪੋਥੀ, ਸੰਪਾਦਨਾ ਅਤੇ ਅਖੀਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਸੌਂਪਣ ਬਾਰੇ ਸਰੋਤਾਂ ਦੇ ਹਵਾਲੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ । ਖਾਲਸਾ ਕਾਲਜ, ਪਟਿਆਲਾ ਤੋਂ ਡਾ. ਗੁਰਵੀਰ ਸਿੰਘ ਨੇ ਆਪਣੇ ਖੋਜ ਪਰਚੇ ਵਿਚ ਵਿਸ਼ਵ ਸ਼ਾਂਤੀ ਦੀ ਗੱਲ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵਿਭਿੰਨਤਾ ਨੂੰ ਮੰਨਣ ਅਤੇ ਬਰਾਬਰੀ ਦੇ ਸਿਧਾਂਤ ਨੂੰ ਅਪਨਾਉਣ ਬਾਰੇ ਜਾਣਕਾਰੀ ਦਿਤੀ। ਉਨ੍ਹਾਂ ਸਿੱਖ ਧਰਮ ਵਿਚ ਸੰਵਾਦ ਨੂੰ ਅਹਿਮ ਮੰਨਦੇ ਹੋਏ ਇੱਕ ਦੂਜੇ ਨਾਲ ਸਾਂਝ ਬਣਾਏ ਰਖਣ ਬਾਰੇ ਦਸਿਆ ਜੋ ਕਿ ਵਿਸ਼ਵ ਸ਼ਾਂਤੀ ਪੈਦਾ ਕਰਨ ਵਿਚ ਸਹਾਈ ਹੁੰਦਾ ਹੈ । ਸ. ਹਮੀਰ ਸਿੰਘ ਸੰਗਤੀਵਾਲਾ, ਤਹਿਸੀਲਦਾਰ ਨੇ ਇਸ ਮੌਕੇ ਬੋਲਦਿਆਂ ਗੁਰੂ ਗ੍ਰੰਥ ਸਾਹਿਬ ਦੇ ਹਵਾਲੇ ਨਾਲ ਧਾਰਮਿਕ ਅਨੁਭਵ ਅਤੇ ਸ਼ਾਂਤੀ ਦੇ ਪੱਖ ਤੋਂ ਵਿਚਾਰ ਪੇਸ਼ ਕੀਤੇ । ਇਸ ਸੈਮੀਨਾਰ ਵਿਚ ਵਿਭਾਗ ਦੇ ਅਧਿਆਪਕ ਡਾ. ਤੇਜਿੰਦਰ ਕੌਰ ਧਾਲੀਵਾਲ, ਡਾ. ਰੁਪਿੰਦਰ ਕੌਰ ਅਤੇ ਵਿਭਾਗ ਦੇ ਖੋਜਾਰਥੀ ਅਤੇ ਵਿਦਿਆਰਥੀ ਸ਼ਾਮਿਲ ਹੋਏ ।
Related Post
Popular News
Hot Categories
Subscribe To Our Newsletter
No spam, notifications only about new products, updates.