
`ਆਪ` ਦੇ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕੀਤੀ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਉਦਾਸੀਨਤਾ ਦਿਖਾਉਣ ਲਈ ਕੇਂਦਰ ਸਰਕਾ
- by Jasbeer Singh
- December 31, 2024

`ਆਪ` ਦੇ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕੀਤੀ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਉਦਾਸੀਨਤਾ ਦਿਖਾਉਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਪੰਜਾਬ-ਹਰਿਆਣਾ ਸਰਹੱਦ `ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਉਦਾਸੀਨਤਾ ਦਿਖਾਉਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ । ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਚੱਲ ਰਹੇ ਡੈੱਡਲਾਕ ਨੂੰ ਤੋੜਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਤੁਰੰਤ ਗੱਲਬਾਤ ਸ਼ੁਰੂ ਕਰੇ। ਮੀਡੀਆ ਨੂੰ ਜਾਰੀ ਬਿਆਨ ਵਿੱਚ ਕੰਗ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ ਪਿਛਲੇ ਇੱਕ ਮਹੀਨੇ ਤੋਂ ਭੁੱਖ ਹੜਤਾਲ ’ਤੇ ਹਨ, ਦੀ ਸਿਹਤ ਸਬੰਧੀ ਗੰਭੀਰ ਚਿੰਤਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਕਿਸਾਨ ਭਾਈਚਾਰੇ ਦੇ ਨਾਲ-ਨਾਲ ਪੰਜਾਬ ਦੇ ਲੋਕ ਵੀ ਚਿੰਤਤ ਹਨ । ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ।ਕੰਗ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬਾ ਸਰਕਾਰ ਵੱਲੋਂ ਵਾਰ-ਵਾਰ ਗੱਲਬਾਤ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੇਂਦਰ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਵਿੱਚ ਅਸਫਲ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਲਈ ਮਨਾਉਣ ਦੀਆਂ ਕਈ ਕੋਸਿ਼ਸ਼ਾਂ ਕੀਤੀਆਂ ਹਨ ਪਰ ਕੇਂਦਰ ਨੇ ਕੋਈ ਜਵਾਬ ਨਹੀਂ ਦਿੱਤਾ। ਇਹ ਅਣਗਹਿਲੀ ਬਰਦਾਸ਼ਤਯੋਗ ਨਹੀਂ ਹੈ । ਮਲਵਿੰਦਰ ਸਿੰਘ ਕੰਗ ਨੇ ਮਾਨਯੋਗ ਸੁਪਰੀਮ ਕੋਰਟ ਦੀ ਇੱਕ ਤਾਜ਼ਾ ਟਿੱਪਣੀ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਦੀਆਂ ਮੰਗਾਂ ਨੂੰ ਤੇਜ਼ੀ ਨਾਲ ਹੱਲ ਕਰਨ ਦੀ ਮਹੱਤਤਾ ਨੂੰ ਦੁਹਰਾਇਆ, ਜਿਸ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਦੀ ਲੋੜ `ਤੇ ਜ਼ੋਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਨਿਰਾਸ਼ਾਜਨਕ ਹੈ ਕਿ ਕਈ ਮਹੀਨਿਆਂ ਦੇ ਧਰਨੇ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਨ ਲਈ ਕੋਈ ਗੰਭੀਰ ਕੋਸ਼ਿਸ਼ ਨਹੀਂ ਕੀਤੀ । ਉਨ੍ਹਾਂ ਦੀ ਇਹ ਚੁੱਪ ਨਾ ਸਿਰਫ਼ ਕਿਸਾਨਾਂ ਦੇ ਸੰਘਰਸ਼ ਨੂੰ ਵਧਾ ਰਹੀ ਹੈ, ਸਗੋਂ ਪੰਜਾਬ ਅਤੇ ਦੇਸ਼ ਭਰ ਦੇ ਲੋਕਾਂ ਵਿੱਚ ਭਾਰੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ । ਕੰਗ ਨੇ ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ `ਤੇ ਚਿੰਤਾ ਜ਼ਾਹਰ ਕੀਤੀ, ਜਿਸ ਨੇ ਕਿਸਾਨਾਂ ਨੂੰ ਭਾਰੀ ਤਣਾਅ ਵਿਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੇ ਅੜਿੱਕੇ ਨੇ ਕਿਸਾਨਾਂ ਨੂੰ, ਖਾਸ ਕਰਕੇ ਪੰਜਾਬ ਦੇ ਲੋਕਾਂ ਨੂੰ ਡੂੰਘੀ ਚਿੰਤਾ ਵਿੱਚ ਪਾ ਦਿੱਤਾ ਹੈ। ਡੱਲੇਵਾਲ ਜੀ ਦੀ ਸਿਹਤ ਨੇ ਇਸ ਚਿੰਤਾ ਵਿੱਚ ਹੋਰ ਵਾਧਾ ਕੀਤਾ ਹੈ । ਕਿਸਾਨ ਸਾਡਾ `ਅੰਨਦਾਤਾ` ਹਨ, ਅਤੇ ਉਨ੍ਹਾਂ ਦੇ ਮੁੱਦਿਆਂ ਵੱਲ ਤੁਰੰਤ ਧਿਆਨ ਦੇਣ ਅਤੇ ਹੱਲ ਕਰਨ ਦੀ ਲੋੜ ਹੈ । ਉਨ੍ਹਾਂ ਕੇਂਦਰ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਅਪੀਲ ਕਰਦਾ ਹਾਂ । ਇਸ ਲੰਬੇ ਸੰਘਰਸ਼ ਦਾ ਕਿਸੇ ਨੂੰ ਕੋਈ ਫਾਇਦਾ ਨਹੀਂ ਹੁੰਦਾ ਸਗੋਂ ਸਾਡੇ ਕਿਸਾਨ ਭਾਈਚਾਰੇ ਦੀ ਪ੍ਰੇਸ਼ਾਨੀ ਹੀ ਵਧ ਰਹੀ ਹੈ । ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਆਪਣੀ ਚੁੱਪ ਤੋੜੇ ਅਤੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਸਾਰਥਕ ਕਦਮ ਚੁੱਕੇ ।
Related Post
Popular News
Hot Categories
Subscribe To Our Newsletter
No spam, notifications only about new products, updates.