post

Jasbeer Singh

(Chief Editor)

Latest update

ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਦੇ ਨਾਂ ’ਤੇ ਰੱਖਿਆ ਜਾਵੇ: ਜਾਖੜ

post-img

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਦੇ ਨਾਂ ’ਤੇ ਰੱਖਣ ਦੀ ਮੰਗ ਕੀਤੀ। ਉਨ੍ਹਾਂ ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਗੁਰੂ ਰਵਿਦਾਸ ਮੰਦਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ-ਦੁਆਲੇ ਦੇ ਖੇਤਰ ਦਾ ਸੁੰਦਰੀਕਰਨ ਕਰਨ ਦੀ ਵੀ ਅਪੀਲ ਕੀਤੀ। ਸ੍ਰੀ ਜਾਖੜ ਨੇ ਪ੍ਰਧਾਨ ਮੰਤਰੀ ਦੇ ਨਾਮ ਭੇਜੇ ਪੱਤਰ ਵਿੱਚ ਲਿਖਿਆ ਕਿ ਪੰਜਾਬ ਦੀ ਪੁਰਾਣੀ ਮੰਗ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਦੇ ਨਾਂ ’ਤੇ ਰੱਖਿਆ ਜਾਵੇ। ਸੂਬਾ ਪ੍ਰਧਾਨ ਨੇ ਕਿਹਾ ਕਿ ਜੇ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਪੂਰੀ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ 30 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਸ਼ਿਆਰਪੁਰ ਰੈਲੀ ’ਚ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਦੇ ਨਾਮ ’ਤੇ ਰੱਖਣ ਦੀ ਇੱਛਾ ਪ੍ਰਗਟਾਈ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਦੇ ਨਾਮ ’ਤੇ ਰੱਖਣ ਦਾ ਵਾਅਦਾ ਵੀ ਕੀਤਾ ਸੀ। ਭਾਜਪਾ ਨੇ ਦਲਿਤ ਵੋਟ ਬੈਂਕ ’ਤੇ ਰੱਖੀ ਟੇਕ ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਕਰਾਰੀ ਹਾਰ ਮਗਰੋਂ 2027 ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਵੋਟ ਬੈਂਕ 6 ਫ਼ੀਸਦ ਤੋਂ ਵੱਧ ਕੇ 19 ਫ਼ੀਸਦ ’ਤੇ ਪਹੁੰਚ ਗਿਆ ਹੈ, ਪਰ ਉਸ ਦੇ ਹੱਥ ਕੁਝ ਨਾ ਲੱਗਿਆ। ਉੱਧਰ, ਭਾਜਪਾ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਵੀ ਤਿਅਰੀ ਖਿੱਚ ਲਈ ਹੈ, ਜਿੱਥੇ ਵੱਡੀ ਗਿਣਤੀ ਵਿੱਚ ਦਲਿਤ ਵੋਟਰ ਹਨ। ਭਾਜਪਾ ਦਲਿਤ ਵੋਟਰਾਂ ਨੂੰ ਖੁਸ਼ ਕਰਕੇ ਆਪਣੇ ਨਾਲ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Related Post