
ਏ.ਡੀ.ਸੀ ਅਮਿਤ ਬੈਂਬੀ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
- by Jasbeer Singh
- September 17, 2024

ਏ.ਡੀ.ਸੀ ਅਮਿਤ ਬੈਂਬੀ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਸੰਗਰੂਰ, 17 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਮੇਂ ਸਮੇਂ ’ਤੇ ਦਿੱਤੇ ਗਏ ਫੈਸਲਿਆਂ ਤੇ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਕੂੜੇ ਦੇ ਯੋਗ ਪ੍ਰਬੰਧਨ ਤੇ ਕੂੜਾ ਇਕੱਤਰ ਕਰਨ ਦੀ ਪ੍ਰਕਿਰਿਆ ਨੂੰ ਸੌ ਫੀਸਦੀ ਅਮਲੀ ਜਾਮਾ ਪਹਿਨਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਰੰਤਰ ਮੁਹਿੰਮ ਚਲਾਉਂਦੇ ਹੋਏ ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਸੁੱਕਾ ਤੇ ਗਿੱਲਾ ਕੂੜਾ ਵੱਖ ਵੱਖ ਇਕੱਤਰ ਕਰਨ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਸਫ਼ਾਈ ਸੇਵਕਾਂ ਨੂੰ ਵੀ ਇਸ ਦੇ ਫਾਇਦਿਆਂ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਕਰਨਾ ਸਭ ਦਾ ਨੈਤਿਕ ਫਰਜ਼ ਹੈ ਅਤੇ ਸਰਕਾਰੀ ਵਿਭਾਗ ਆਪਣੀ ਇਸ ਨੈਤਿਕ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਪੂਰਾ ਕਰਨ ਵਿੱਚ ਸਰਗਰਮ ਭੂਮਿਕਾ ਅਦਾ ਕਰਨ। ਉਨ੍ਹਾਂ ਨੇ ਮੀਟਿੰਗ ਦੌਰਾਨ ਸੋਲਿਡ ਵੇਸਟ ਮੈਨੇਜਮੈਂਟ, ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ, ਸੀਵਰੇਜ ਦੇ ਪਾਣੀ ਦੀ ਨਿਕਾਸੀ, ਸਾਫ਼ ਪਾਣੀ ਸਬੰਧੀ ਜਲ ਸਪਲਾਈ ਸਕੀਮਾਂ, ਸੀਵਰੇਜ ਟਰੀਟਮੈਂਟ ਪਲਾਂਟਾਂ ਆਦਿ ਦੀ ਸਥਿਤੀ ਦੀ ਜਾਇਜ਼ਾ ਲੈਂਦੇ ਹੋਏ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਦੀ ਰੋਕਥਾਮ ਲਈ ਮੁਹਿੰਮ ਚਲਾਉਣ ਦੀ ਹਦਾਇਤ ਵੀ ਕੀਤੀ । ਮੀਟਿੰਗ ਦੌਰਾਨ ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਨੀਤ ਸੇਠੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ, ਸਿਹਤ ਵਿਭਾਗ ਤੋਂ ਡਾ. ਵਿਕਾਸ ਧੀਰ, ਡਾ. ਉਪਾਸਨਾ ਬਿੰਦਰਾ, ਡਾ ਸੁਹਾਨੀ ਹਿਨਾ, ਐਕਸੀਅਨ ਸੀਵਰੇਜ ਬੋਰਡ ਸਤਵਿੰਦਰ ਸਿੰਘ ਢਿੱਲੋਂ, ਕਾਰਜਸਾਧਕ ਅਫ਼ਸਰਾਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।