post

Jasbeer Singh

(Chief Editor)

Patiala News

ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਨ ਲਈ ਏਡੀਸੀ ਵੱਲੋਂ ਅਧਿਕਾਰੀਆਂ ਨਾਲ ਬੈਠਕ

post-img

ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਨ ਲਈ ਏਡੀਸੀ ਵੱਲੋਂ ਅਧਿਕਾਰੀਆਂ ਨਾਲ ਬੈਠਕ ਪਰਾਲੀ ਪ੍ਰਬੰਧਨ ਲਈ ਹਰੇਕ ਕਲੱਸਟਰ 'ਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣ : ਏਡੀਸੀ ਫੀਲਡ ਮੈਪਿੰਗ ਕਰਕੇ ਇਨ ਸੀਟੂ ਤੇ ਐਕਸ ਸੀਟੂ ਨਾਲ ਰਹਿੰਦ ਖੂੰਹਦ ਦੇ ਨਿਪਟਾਰੇ ਸਬੰਧੀ ਬਣਾਈ ਜਾਵੇ ਰਣਨੀਤੀ ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ ਪਟਿਆਲਾ, 12 ਅਗਸਤ: ਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਕਰੀਬ 14 ਲੱਖ ਮੀਟਰਿਕ ਟਨ ਪੈਦਾ ਹੋਣ ਵਾਲੀ ਪਰਾਲੀ ਦੇ ਸਹੀ ਨਿਪਟਾਰੇ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਰਣਨੀਤੀ ਤਿਆਰ ਕੀਤੀ। ਏਡੀਸੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਕਲੱਸਟਰ ਪੱਧਰ 'ਤੇ ਨੋਡਲ ਅਫ਼ਸਰ ਲਗਾਏ ਜਾਣ ਤਾਂ ਜੋ ਕਿਸਾਨਾਂ ਅਤੇ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਨਾਲ ਬਿਹਤਰ ਤਾਲਮੇਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬਣਾਏ ਗਏ ਮਾਈਕਰੋ ਪਲਾਨ ਨੂੰ ਜ਼ਿਲ੍ਹੇ ਵਿੱਚ ਲਾਗੂ ਕੀਤਾ ਜਾਵੇ ਜਿਸ ਤਹਿਤ ਲਗਾਏ ਗਏ ਕਲਸਟਰ ਅਫ਼ਸਰ ਆਪਣੇ ਅਧੀਨ ਪੈਂਦੇ ਪਿੰਡਾਂ ਦੇ ਕਿਸਾਨਾਂ ਨਾਲ ਰਾਬਤਾ ਕਰਨ ਅਤੇ ਫੀਲਡ ਮੈਪਿੰਗ ਕਰਕੇ ਇਹ ਰਿਕਾਰਡ ਬਣਾਇਆ ਜਾਵੇ ਕਿ ਕਿੰਨੇ ਕਿਸਾਨ ਇਨ ਸੀਟੂ ਅਤੇ ਕਿਨੇ ਐਕਸ ਸੀਟੂ ਤਕਨੀਕ ਨਾਲ ਪਰਾਲੀ ਦਾ ਨਿਪਟਾਰਾ ਕਰਨਾ ਚਾਹੁੰਦੇ ਹਨ ਅਤੇ ਇਸ ਹਿਸਾਬ ਨਾਲ ਮਸ਼ੀਨਰੀ ਦੀ ਉਪਲਬੱਧਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਅਤੇ ਇਸ ਨਾਲ ਹੁੰਦੇ ਵਾਤਾਵਰਣ, ਕਿਸਾਨ ਅਤੇ ਜ਼ਮੀਨ ਦੇ ਫਾਇਦੇ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਲਈ ਕਿਹਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਨਵੀਂ ਮਸ਼ੀਨਰੀ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਮੀਟਿੰਗ ਦੌਰਾਨ ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਐਸ.ਡੀ.ਐਮ. ਦੁਧਨਸਾਧਾ ਮਨਜੀਤ ਕੌਰ, ਐਸ.ਡੀ.ਐਮ. ਸਮਾਣਾ ਰੀਚਾ ਗੋਇਲ, ਐਸ.ਡੀ.ਐਮ. ਪਾਤੜਾਂ ਰਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Post