ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਨਾਲ ਰੱਖਣ ਅਤੇ ਨਾਲ ਚੁੱਕਣ ਉਤੇ ਪੂਰਨ ਪਾਬੰਦੀ
- by Jasbeer Singh
- December 12, 2024
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਨਾਲ ਰੱਖਣ ਅਤੇ ਨਾਲ ਚੁੱਕਣ ਉਤੇ ਪੂਰਨ ਪਾਬੰਦੀ ਸੰਗਰੂਰ, 12 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਿਤ ਬੈਂਬੀ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਤੇ ਰਾਜ ਚੋਣ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਪੱਤਰ ਦੀ ਪਾਲਣਾ ਕਰਦਿਆਂ ਸਮੂਹ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀ ਨੂੰ ਅਸਲਾ ਨਾਲ ਰੱਖਣ ਅਤੇ ਨਾਲ ਚੁੱਕਣ ਉਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਹੁਕਮਾਂ ਮੁਤਾਬਕ ਜੇਕਰ ਕੋਈ ਵਿਅਕਤੀ ਇਹਨਾਂ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਇਸ ਸੂਰਤ ਵਿੱਚ ਜ਼ਾਬਤਾ ਫੌਜਦਾਰੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਸਲਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ । ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 21 ਦਸੰਬਰ ਤੱਕ ਲਾਗੂ ਰਹਿਣਗੇ । ਹੁਕਮਾਂ ਮੁਤਾਬਕ ਰਾਜ ਚੋਣ ਕਮਿਸ਼ਨਰ ਪੰਜਾਬ ਵੱਲੋਂ ਮਿਉਂਸੀਪਲ ਕਾਰਪੋਰੇਸ਼ਨ ਅਤੇ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਨੇੜੇ ਭਵਿੱਖ ਹੋ ਰਹੀਆਂ ਹਨ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਅਸਲਾਧਾਰੀਆਂ ਨੂੰ ਅਸਲਾ ਨਾਲ ਰੱਖਣ/ ਨਾਲ ਚੁੱਕਣ ਉਤੇ ਪਾਬੰਦੀ ਲਗਾਉਣਾ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਘਟਨਾ ਨਾ ਵਾਪਰੇ । ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਪਾਬੰਦੀ ਆਰਮੀ ਪਰਸਨਲ, ਪੈਰਾ ਮਿਲਟਰੀ ਫੋਰਸਜ਼, ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀ ਅਤੇ ਜ਼ਿਲ੍ਹੇ ਵਿੱਚ ਸਥਿਤ ਬੈਂਕਾਂ ਦੀ ਰਾਖੀ ਕਰਨ ਵਾਲੇ ਅਸਲਾ ਲਾਇਸੰਸੀਆਂ ‘ਤੇ ਲਾਗੂ ਨਹੀਂ ਹੋਵੇਗੀ ।

