ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ
- by Jasbeer Singh
- September 29, 2024
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ । ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਫ਼ਸਲ ਕੱਟਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਵਾਤਾਵਰਣ 'ਤੇ ਮਾੜਾ ਅਸਰ ਪੈਂਦਾ ਹੈ। ਇਸ ਧੂੰਏ ਕਾਰਨ ਆਮ ਪਬਲਿਕ/ਬੱਚਿਆਂ ਦੀ ਸਿਹਤ 'ਤੇ ਮਾੜਾ ਅਸਰ ਪੈਣ ਦਾ ਅਤੇ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਅੱਗ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਦਾ ਵੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਦੁਰਲਭ ਅਤੇ ਲਾਭਦਾਇਕ ਜੀਵ-ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖ਼ਤਮ ਹੋ ਜਾਂਦਾ ਹੈ। ਸੜਕ ਦੇ ਨਾਲ ਲਗਦੇ ਖੇਤਾਂ ਵਿੱਚ ਅੱਗ ਲਾਉਣ ਕਾਰਨ ਸੜਕ ਉਪਰ ਸੰਘਣਾ ਧੂੰਆ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਵੱਡੀ ਦੁਰਘਟਨਾ ਹੋ ਸਕਦੀ ਹੈ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਰਹਿੰਦਾ ਹੈ। ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ 'ਤੇ ਅਹਿਮ ਪਲਾਂਟ, ਜਿਸ ਵਿੱਚ ਬਹੁਤ ਹੀ ਬਲਣਸ਼ੀਲ ਪਦਾਰਥ ਜਿਵੇਂ ਕਿ ਗੈਸ/ਪੈਟਰੋਲ ਆਦਿ ਦਾ ਭੰਡਾਰ ਹੈ, ਸਥਿਤ ਹਨ ਅਤੇ ਜ਼ਿਲ੍ਹੇ ਵਿੱਚ ਕਈ ਥਾਵਾਂ ਤੋਂ ਗੈਸ ਪਾਈਪ ਲਾਈਨ ਵੀ ਲੰਘਦੀ ਹੈ ਅਤੇ ਇਨ੍ਹਾਂ ਪਲਾਂਟਾਂ ਦੇ ਆਸ-ਪਾਸ ਝੋਨੇ ਆਦਿ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ। ਇਸ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 25 ਨਵੰਬਰ 2024 ਤੱਕ ਲਾਗੂ ਰਹਿਣਗੇ।
Related Post
Popular News
Hot Categories
Subscribe To Our Newsletter
No spam, notifications only about new products, updates.