
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਫਲਸਫੇ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ: ਅਕਾਲੀ ਦਲ
- by Jasbeer Singh
- September 24, 2024

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਫਲਸਫੇ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ: ਅਕਾਲੀ ਦਲ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਜਥੇਦਾਰ ਟੌਹੜਾ ਦੀ ਜਨਮ ਸ਼ਤਾਬਦੀ ’ਤੇ ਕੀਤਾ ਵਿਸ਼ਾਲ ਗੁਰਮਤਿ ਸਮਾਗਮ ਸੁਧਾਰ ਲਹਿਰ ਦੇ ਆਗੂਆਂ ਸਮੇਤ ਸਾਰੇ ਅਕਾਲੀ ਇਕ ਦੂਜੇ ਖਿਲਾਫ ਬੋਲਣ ਨਾਲੋਂ ਦਿੱਲੀ ਦੇ ਖਿਲਾਫ ਆਵਾਜ਼ ਬੁਲੰਦ ਕਰਨ: ਬਲਵਿੰਦਰ ਸਿੰਘ ਭੂੰਦੜ ਪਟਿਆਲਾ , 24 ਸਤੰਬਰ: ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਫਲਸਫੇ ਨੂੰ ਅਪਣਾਉਣ ਦੀ ਜ਼ਰੂਰਤ ਹੈ ਅਤੇ ਜਥੇਦਾਰ ਟੌਹੜਾ ਵੱਲੋਂ ਜਿਸ ਭਾਵਨਾ ਨਾਲ ਕੌਮ ਦੀ ਸੇਵਾ ਕੀਤੀ ਗਈ, ਉਹ ਭਾਵਨਾ ਅਪਣਾਉਣ ਦੀ ਜ਼ਰੂਰਤ ਹੈ । ਜਥੇਦਾਰ ਟੌਹੜਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜਥੇਦਾਰ ਟੌਹੜਾ ਦੇ ਸਾਰੇ ਕੰਮ ਇਸ ਆਧਾਰ ’ਤੇ ਹੁੰਦੇ ਸਨ ਕਿ ਉਹ ਕੌਮ ਲਈ ਚੰਗੇ ਹਨ ਜਾਂ ਨਹੀਂ। ਉਹਨਾਂ ਕਿਹਾ ਕਿ ਸਾਰੀ ਉਮਰ ਜਥੇਦਾਰ ਟੌਹੜਾ ਨੇ ਸਿੱਖ ਕੌਮ ਦੇ ਹੱਕਾਂ ਵਾਸਤੇ ਸੰਘਰਸ਼ ਕੀਤਾ ਤੇ ਉਹ ਸਾਦਗੀ, ਨਿਮਰਤਾ ਤੇ ਇਮਾਨਦਾਰੀ ਦੀ ਇਕ ਮਿਸਾਲ ਸਨ । ਸਰਦਾਰ ਭੂੰਦੜ ਨੇ ਕਿਹਾ ਕਿ ਜੇਕਰ ਜਥੇਦਾਰ ਟੌਹੜਾ ਹੁੰਦੇ ਤਾਂ ਉਹ ਕਦੇ ਵੀ ਮੌਜੂਦਾ ਭਾਜਪਾ ਦੇ ਨਾਲ ਨਹੀਂ ਜਾਂਦੇ। ਉਹਨਾਂ ਕਿਹਾ ਕਿ ਸਿੱਖਾਂ ਨੇ ਤਾਂ ਮੁਗਲਾਂ ਤੇ ਅੰਗਰੇਜ਼ਾਂ ਖਿਲਾਫ ਲੜਾਈਆਂ ਲੜੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਪਾਇਆ ਤੇ ਅੱਜ ਸਰਹੱਦਾਂ ਦੀ ਰਾਖੀ ਵਾਸਤੇ ਸਭ ਤੋਂ ਅੱਗੇ ਹੋ ਕੇ ਯੋਗਦਾਨ ਦੇ ਰਹੇ ਹਨ । ਉਹਨਾਂ ਕਿਹਾ ਕਿ ਇਸਦੇ ਬਾਵਜੂਦ ਸਿੱਖਾਂ ਨੂੰ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਹਨਾਂ ਦੀਆਂ ਧਾਰਮਿਕ ਸੰਸਥਾਵਾਂ ’ਤੇ ਹਮਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਕਿਵੇਂ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰ ਲਿਆ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ। ਉਹਨਾਂ ਕਿਹਾ ਕਿ ਸਿੱਖ ਕੌਮ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਜਿਸ ਨਾਲ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ । ਸਰਦਾਰ ਭੂੰਦੜ ਨੇ ਸੁਧਾਰ ਲਹਿਰ ਦੇ ਆਗੂਆਂ ਸਮੇਤ ਸਾਰੇ ਅਕਾਲੀਆਂ ਨੂੰ ਸੱਦਾ ਦਿੱਤਾ ਕਿ ਉਹ ਇਕ ਦੂਜੇ ਖਿਲਾਫ ਬੋਲਣ ਨਾਲੋਂ ਦਿੱਲੀ ਦੇ ਖਿਲਾਫ ਆਵਾਜ਼ ਬੁਲੰਦ ਕਰਨ। ਉਹਨਾਂ ਕਿਹਾ ਕਿ ਇਸ ਵੇਲੇ ਆਪਣੇ ਹੱਕਾਂ ਦੀ ਰਾਖੀ ਲਈ ਦਿੱਲੀ ਦਾ ਟਾਕਰਾ ਕਰਨ ਦੀ ਜ਼ਰੂਰਤ ਹੈ ਤੇ ਸਾਨੂੰ ਸਮਝਣਾ ਪਵੇਗਾ ਕਿ ਕੌਣ ਸਾਡਾ ਦੋਸਤ ਹੈ ਤੇ ਕੌਣ ਸਾਡਾ ਦੁਸ਼ਮਣ ਹੈ । ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਟੌਹੜਾ ਦੀ ਜਨਮ ਸ਼ਤਾਬਦੀ ਮਨਾਉਣ ਸਬੰਧੀ ਬੇਲੋੜਾ ਵਿਵਾਦ ਪੈਦਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਬਾਰੇ ਫੈਸਲਾ ਤਾਂ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਵਿਚ ਪਹਿਲਾਂ ਹੀ ਲਿਆ ਜਾ ਚੁੱਕਾ ਸੀ ਅਤੇ ਕੌਮ ਦੀਆਂ ਭਾਵਨਾਵਾਂ ਅਨੁਸਾਰ ਜਨਮ ਸ਼ਤਾਬਦੀ ਮਨਾਈ ਗਈ ਹੈ । ਐਡਵੋਕੇਟ ਧਾਮੀ ਨੇ ਜਥੇਦਾਰ ਟੌਹੜਾ ਨਾਲ ਆਪਣੀ ਸਾਂਝ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਵੇਂ ਮਰਹੂਮ ਆਗੂ ਨੇ ਆਪਣੀ ਇਮਾਨਦਾਰੀ, ਨੇਕ ਨੀਅਤੀ ਤੇ ਸਮਰਪਣ ਦੀ ਭਾਵਨਾ ਨਾਲ ਉਹਨਾਂ ਨੂੰ ਬਹੁਤ ਪ੍ਰਭਾਵਤ ਕੀਤਾ। ਉਹਨਾਂ ਦੱਸਿਆ ਕਿ ਕਿਵੇਂ ਜਥੇਦਾਰ ਟੌਹੜਾ ਅੰਮ੍ਰਿਤ ਸੰਚਾਰ ’ਤੇ ਜ਼ੋਰ ਦਿੰਦੇ ਸਨ ਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਦੇ ਸਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹੇਸ਼ਇੰਦਰ ਸਿੰਘ ਗਰੇਵਾਲ, ਇਕਬਾਲ ਸਿੰਘ ਝੂਦਾ, ਗੁਰਚਰਨ ਸਿੰਘ ਗਰੇਵਾਲ, ਐਨ ਕੇ ਸ਼ਰਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਅਮਰਿੰਦਰ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਮੱਖਣ ਸਿੰਘ ਲਾਲਕਾ, ਕਬੀਰ ਦਾਸ, ਵਿੰਨਰਜੀਤ ਸਿੰਘ ਗੋਲਡੀ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਸਾਬਕਾ ਚੇਅਰਮੈਨ ਲਖਵੀਰ ਲੋਟ, ਐਡਵੋਕੇਟ ਰਾਕੇਸ਼ ਪ੍ਰਾਸ਼ਰ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.