
ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ
- by Jasbeer Singh
- April 25, 2025

ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ -ਖੇਤੀਬਾੜੀ ਨੂੰ ਆਧੁਨਿਕ ਲੀਹਾਂ 'ਤੇ ਲਿਜਾਣ ਲਈ ਕਿਸਾਨ ਖੇਤੀ ਮਾਹਰਾਂ ਦੀ ਰਾਏ ਜ਼ਰੂਰ ਲੈਣ : ਅਵੀਕੇਸ਼ ਗੁਪਤਾ -ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 100 ਕਿਸਾਨ ਸਨਮਾਨਤ ਰਾਜਪੁਰਾ/ਪਟਿਆਲਾ, 25 ਅਪ੍ਰੈਲ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਸਥਾਨਕ ਬਹਾਵਲਪੁਰ ਭਵਨ ਰਾਜਪੁਰਾ ਵਿਖੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਲਗਾਈ ਗਈ। ਇਸ ਕੈਂਪ ਦਾ ਉਦਘਾਟਨ ਐਸ.ਡੀ.ਐਮ. ਰਾਜਪੁਰਾ ਅਵੀਕੇਸ਼ ਗੁਪਤਾ ਨੇ ਕੀਤਾ। ਇਸ ਮੌਕੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਜ਼ਿਲ੍ਹੇ ਦੇ 100 ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ । ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਰਾਜਪੁਰਾ ਅਵੀਕੇਸ਼ ਗੁਪਤਾ ਨੇ ਕਿਹਾ ਕਿ ਕਿਸਾਨ ਖੇਤੀ ਕਿੱਤੇ ਨੂੰ ਆਧੁਨਿਕ ਲੀਹਾਂ 'ਤੇ ਲਿਜਾਣ ਲਈ ਖੇਤੀ ਮਾਹਰਾਂ ਦੀ ਰਾਏ ਜ਼ਰੂਰ ਲੈਣ। ਉਨ੍ਹਾਂ ਕਿਹਾ ਕਿ ਮਾਹਰਾਂ ਦੀ ਰਾਏ ਨਾਲ ਮਿੱਟੀ ਦੀ ਕਿਸਮ ਅਨੁਸਾਰ ਖਾਦਾਂ ਦੀ ਵਰਤੋਂ ਕਰਕੇ ਕਿਸਾਨ ਆਪਣੇ ਖੇਤੀ ਖਰਚੇ ਵੀ ਘਟਾ ਸਕਦੇ ਹਨ ਤੇ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਇਆ ਜਾ ਸਕਦਾ ਹੈ। ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਹਾਜ਼ਰ ਲਗਭਗ ਇਕ ਹਜ਼ਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਉੱਪਰ ਚਿੰਤਾ ਜਾਹਰ ਕਰਦਿਆਂ ਅਪੀਲ ਕੀਤੀ ਕਿ ਕਿਸਾਨ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਸਿਫ਼ਾਰਿਸ਼ ਸ਼ੁੱਧਾ ਕਿਸਮਾਂ ਅਤੇ ਬਾਸਮਤੀ ਨੂੰ ਤਰਜੀਹ ਦੇਣ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ ਕਿਸਾਨਾਂ ਦੀ ਸਹੂਲਤ ਲਈ ਝੋਨਾ ਬੀਜਣ ਦੇ ਸਮੇਂ ਨੂੰ ਵੀ ਅਗੇਤਾ ਕੀਤਾ ਗਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਹਾਜ਼ਰ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਅਪੀਲ ਕੀਤੀ ਅਤੇ ਵੱਧ ਤੋਂ ਵੱਧ ਮਿੱਟੀ ਅਤੇ ਪਾਣੀ ਦੇ ਸੈਂਪਲ ਟੈਸਟ ਕਰਵਾ ਕੇ ਖਾਦਾਂ ਦੀ ਬੱਚਤ ਕਰਨ ਲਈ ਪ੍ਰੇਰਿਤ ਕੀਤਾ। ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਦੇ ਸਹਾਇਕ ਡਾਇਰੈਕਟਰ ਡਾ. ਹਰਦੀਪ ਸਿੰਘ ਸਭਿਖੀ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਤਹਿਤ ਵੱਖ-ਵੱਖ ਟ੍ਰੇਨਿੰਗਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਬੀਜ ਸੋਧ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਫਾਰਮਰ ਸਲਾਹਕਾਰ ਕੇਂਦਰ, ਪਟਿਆਲਾ ਤੋਂ ਡਾ. ਗੁਰਪ੍ਰੀਤ ਕੌਰ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲਾਂ ਨੂੰ ਇਕੱਤਰ ਕਰਨ ਸਬੰਧੀ ਅਤੇ ਝੋਨੇ ਦੀਆਂ ਫ਼ਸਲਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਜਾਣਕਾਰੀ ਦਿੱਤੀ।ਡਾ.ਰਚਨਾ ਸਿੰਗਲਾ,ਪ੍ਰੋਫੈਸਰ (ਬਾਗਬਾਨੀ) ਨੇ ਕੈਂਪ ਦੌਰਾਨ ਖ਼ੁਰਾਕ ਸੁਰੱਖਿਆ ਦੇ ਸਬੰਧ ਵਿਚ ਸਬਜ਼ੀਆਂ ਅਤੇ ਫੱਲਾਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਸਾਨਾਂ ਨੂੰ ਸਬਜ਼ੀਆਂ ਅਤੇ ਫਲਾਂ ਦੀ ਘਰੇਲੂ ਬਗੀਚੀ ਲਾਉਣ ਲਈ ਪ੍ਰੇਰਿਤ ਕੀਤਾ। ਬਾਗਬਾਨੀ ਵਿਭਾਗ, ਪਟਿਆਲਾ ਅਤੇ ਡੇਅਰੀ ਵਿਭਾਗ ਪਟਿਆਲਾ ਵੱਲੋਂ ਆਪਣੇ ਵਿਭਾਗਾਂ ਨਾਲ ਸਬੰਧਿਤ ਚੱਲ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਕੈਂਪ ਦੌਰਾਨ ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ, ਮੱਛੀ ਪਾਲਣ ਵਿਭਾਗ, ਫਾਰਮਰ ਸਲਾਹਕਾਰ ਕੇਂਦਰ ਪਟਿਆਲਾ ਅਤੇ ਵੱਖ-ਵੱਖ ਐਨ.ਜੀ.ਓ. ਵੱਲੋਂ ਆਪਣੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਕਿਸਾਨਾਂ ਨੂੰ ਲਿਟਰੇਚਰ ਰਾਹੀਂ ਜਾਣਕਾਰੀ ਦਿੱਤੀ। ਇਸ ਕੈਂਪ ਦੌਰਾਨ ਡਾ. ਗੁਰਪ੍ਰੀਤ ਸਿੰਘ, ਡਾ. ਗੁਰਪ੍ਰੀਤ ਕੌਰ, ਡਾ. ਰਚਨ ਸਿੰਗਲਾ, ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਸਿੰਘ ਚੱਠਾ, ਡਾ. ਗੁਰਵੀਨ ਗਰਚਾ, ਡਾ. ਜਪਿੰਦਰ ਸਿੰਘ, ਡਾ. ਰਣਜੋਧ ਸਿੰਘ, ਡਾ. ਗੋਰਵ ਅਰੋੜਾ, ਡਾ. ਗੁਰਮੀਤ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.