July 6, 2024 01:17:53
post

Jasbeer Singh

(Chief Editor)

Patiala News

ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁਮਰਾਹ ਕਰ ਰਿਹੈ ਅਕਾਲੀ ਦਲ: ਪ੍ਰਨੀਤ ਕੌਰ

post-img

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਕਹਿਣਾ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਕਿਸਾਨਾਂ ਦੇ ਮਸਲੇ ’ਤੇ ਵੀ ਸ਼੍ਰੋਮਣੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ। ਪ੍ਰਨੀਤ ਕੌਰ ਦੀ ਇਹ ਟਿੱਪਣੀ ਉੱਤਰੀ ਬਾਈਪਾਸ ਸਬੰਧੀ ਐਕੁਆਇਰ ਕੀਤੀ ਗਈ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ਸਬੰਧੀ ਇੱਕ ਦਿਨ ਪਹਿਲਾਂ ਹੀ ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਤੋਂ ਬਾਅਦ ਆਈ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ 24 ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ਦੇ ਬਾਈਕਾਟ ਦੀ ਗੱਲ ਕਰ ਰਿਹਾ ਹੈ, ਉਨ੍ਹਾਂ ਵਿੱਚੋਂ ਕਈ ਪਿੰਡਾਂ ਦੇ ਲੋਕ ਉਨ੍ਹਾਂ ਦੇ ਸਿੱਧੇ ਸੰਪਰਕ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਉਹ ਖੁਦ ਇਨ੍ਹਾਂ ਪਿੰਡਾਂ ਦਾ ਦੌਰਾ ਕਰਨਗੇ ਤੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਇਨ੍ਹਾਂ ਕਿਸਾਨਾ ਨੂੰ ਨਾਲ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਇਸ ਪ੍ਰਾਜੈਕਟ ਲਈ 754 ਕਰੋੜ ਰੁਪਏ ਦਾ ਬਜਟ ਪਾਸ ਕਰਵਾਉਣ ਲਈ ਆਖਿਆ ਸੀ ਤੇ ਇਸ ਪ੍ਰਾਜੈਕਟ ਲਈ ਕੇਂਦਰ ਸਰਕਾਰ ਵੱਲੋਂ 24 ਅਪਰੈਲ 2024 ਨੂੰ ਟੈਂਡਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉੱਤਰੀ ਬਾਈਪਾਸ ਦੀ ਤਜਵੀਜ਼ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਹੀ ਤਿਆਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ 754 ਕਰੋੜ ਰੁਪਏ ਵਿੱਚੋਂ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦੇ 250 ਕਰੋੜ ਰੁਪਏ ਅਦਾ ਕਰਨੇ ਹਨ, ਜੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਦਾ ਨਹੀਂ ਕੀਤੇ ਜਾ ਰਹੇ।

Related Post