ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ–2025 ਵੋਟਾਂ ਦੀ ਗਿਣਤੀ ਲਈ ਸਾਰੇ ਇੰਤਜ਼ਾਮ ਮੁਕੰਮਲ : ਡਿਪਟੀ ਕਮਿਸ਼ਨਰ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਤਿੰਨੋਂ ਗਿਣਤੀ ਕੇਂਦਰਾਂ ’ਚ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ ਉਮੀਦਵਾਰਾਂ ਤੇ ਸਮਰਥਕਾਂ ਨੂੰ ਅਮਨ-ਅਮਾਨ ਬਣਾਈ ਰੱਖਣ ਦੀ ਅਪੀਲ ਮਾਲੇਰਕੋਟਲਾ, 16 ਦਸੰਬਰ 2025 : ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ/ਪੰਚਾਇਤ ਸੰਮਤੀ ਚੋਣਾਂ–2025 ਅਮਨ ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਚੁੱਕੀਆਂ ਹਨ। ਵੋਟਾਂ ਦੀ ਗਿਣਤੀ ਨੂੰ ਨਿਰਵਿਘਨ, ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ 17 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ/ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ਲਈ ਜ਼ਿਲ੍ਹੇ ਵਿੱਚ ਕੁੱਲ ਤਿੰਨ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਨਿਰਧਾਰਿਤ ਸਮੇਂ ਅਨੁਸਾਰ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਪ੍ਰਕਿਰਿਆ ਦੌਰਾਨ ਪੂਰੀ ਪਾਰਦਰਸ਼ਤਾ ਬਣਾਈ ਰੱਖਣ ਲਈ ਚੋਣ ਅਧਿਕਾਰੀਆਂ, ਨਿਗਰਾਨ ਅਧਿਕਾਰੀਆਂ ਅਤੇ ਸੁਰੱਖਿਆ ਬਲਾਂ ਦੀ ਯੋਗ ਤਾਇਨਾਤੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮਾਲੇਰਕੋਟਲਾ ਲਈ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਅਮਰਗੜ੍ਹ ਲਈ ਸਰਕਾਰੀ ਕਾਲਜ ਅਮਰਗੜ੍ਹ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਅਹਿਮਦਗੜ੍ਹ ਲਈ ਗਾਂਧੀ ਸਕੂਲ ਅਹਿਮਦਗੜ੍ਹ ਵਿਖੇ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਮਾਲੇਰਕੋਟਲਾ ਗਿਣਤੀ ਕੇਂਦਰ ਦੀ ਅਗਵਾਈ ਐਸ.ਡੀ.ਐਮ. ਮਾਲੇਰਕੋਟਲਾ ਕਮ ਰਿਟਰਨਿੰਗ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਅਤੇ ਪੰਚਾਇਤ ਸੰਮਤੀ ਮਾਲੇਰਕੋਟਲਾ ਲਈ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ ਕਰਨਗੇ। ਇਸੇ ਤਰ੍ਹਾਂ ਅਮਰਗੜ੍ਹ ਲਈ ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ਸੁਰਿੰਦਰ ਕੌਰ ਅਤੇ ਅਹਿਮਦਗੜ੍ਹ ਲਈ ਗਿਣਤੀ ਪ੍ਰਕਿਰਿਆ ਐਕਸੀਅਨ ਪੀ.ਐਸ.ਪੀ.ਸੀ.ਐਲ. ਹਰਵਿੰਦਰ ਸਿੰਘ ਧੀਮਾਨ ਦੀ ਅਗਵਾਈ ਹੇਠ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਗਿਣਤੀ ਕੇਂਦਰਾਂ ’ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਬਿਨਾਂ ਅਧਿਕਾਰ ਪੱਤਰ ਦੇ ਕਿਸੇ ਵੀ ਵਿਅਕਤੀ ਨੂੰ ਅੰਦਰ ਦਾਖ਼ਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਵਿਭਾਗ ਨਾਲ ਪੂਰਾ ਤਾਲਮੇਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਗਿਣਤੀ ਅਤੇ ਨਤੀਜਿਆਂ ਦੌਰਾਨ ਸ਼ਾਂਤੀ, ਸਹਿਯੋਗ ਅਤੇ ਸੰਯਮ ਬਣਾਈ ਰੱਖਿਆ ਜਾਵੇ ਅਤੇ ਲੋਕਤੰਤਰਕ ਪ੍ਰਕਿਰਿਆ ਦਾ ਪੂਰਾ ਸਤਿਕਾਰ ਕੀਤਾ ਜਾਵੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਕੁਮਾਰ ਬਾਂਸਲ,ਐਸ.ਡੀ.ਐਮ.ਅਮਰਗੜ੍ਹ ਕਮ ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਕਮ ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਮਾਲੇਰਕੋਟਲਾ ਮੁਕਲ ਬਾਵਾ, ਐਕਸੀਅਨ ਪੀ.ਐਸ.ਪੀ.ਸੀ.ਐਲ. ਹਰਵਿੰਦਰ ਸਿੰਘ ਧੀਮਾਨ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮਾਲੇਰਕੋਟਲਾ ਪਵਨ ਕੁਮਾਰ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
