ਅੰਮ੍ਰਿਤਪਾਲ ਸਿੰਘ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ ਖਡੂਰ ਸਾਹਿਬ, 21 ਜਨਵਰੀ 2026 : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਆਗਾਮੀ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। ਕੀ ਆਖਿਆ ਹੈ ਪਟੀਸ਼ਨ ਵਿਚ ਹਾਈਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇੱਕ ਚੁਣੇ ਹੋਏ ਸੰਸਦ ਮੈਂਬਰ ਹੋਣ ਦੇ ਨਾਤੇ, ਇਸ ਸੈਸ਼ਨ ਵਿੱਚ ਉਨ੍ਹਾਂ ਦੀ ਹਾਜ਼ਰੀ ਨਾ ਸਿਰਫ ਉਨ੍ਹਾਂ ਦੀ ਸੰਵਿਧਾਨਕ ਜਿ਼ੰਮੇਵਾਰੀ ਹੈ, ਸਗੋਂ ਸੰਸਦ ਵਿੱਚ ਆਪਣੇ ਹਲਕੇ ਦੇ ਲੋਕਾਂ ਦੇ ਹਿੱਤਾਂ ਦੀ ਨੁਮਾਇੰਦਗੀ ਕਰਨਾ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਫ਼ੈਸਲਾ ਨਾ ਲਏ ਜਾਣ ਕਾਰਨ ਹੋ ਰਹੀ ਹੈ ਸੰਸਦੀ ਭੂਮਿਕਾ ਪ੍ਰਭਾਵਿਤ ਪਟੀਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ 17 ਜਨਵਰੀ ਨੂੰ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਦੇ ਜਿ਼ਲ੍ਹਾ ਮੈਜਿਸਟ੍ਰੇਟ ਨੂੰ ਇੱਕ ਰਸਮੀ ਪ੍ਰਤੀਨਿਧਤਾ ਸੌਂਪੀ ਸੀ, ਜਿਸ ਵਿੱਚ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਗਈ ਸੀ। ਇਸ ਦੇ ਬਾਵਜੂਦ, ਕਿਸੇ ਵੀ ਸਮਰੱਥ ਅਥਾਰਟੀ ਦੁਆਰਾ ਉਸ ਪ੍ਰਤੀਨਿਧਤਾ `ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ, ਜਿਸ ਨਾਲ ਉਨ੍ਹਾਂ ਦੀ ਸੰਸਦੀ ਭੂਮਿਕਾ ਪ੍ਰਭਾਵਿਤ ਹੋ ਰਹੀ ਹੈ। ਜਿਕਰਯੋਗ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ।
