ਅੰਮ੍ਰਿਤਪਾਲ ਸਿੰਘ ਦੇ ਪੈਰੋਲ ਮਾਮਲੇ ਦੀ ਸੁਣਵਾਈ 8 ਤੇ ਪਈ ਚੰਡੀਗੜ੍ਹ, 1 ਦਸੰਬਰ 2025 : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸ਼ਾਮਲ ਹੋਣ ਲਈ ਦਾਇਰ ਪਟੀਸ਼ਨ `ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ । ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 8 ਦਸੰਬਰ ਲਈ ਤੈਅ ਕੀਤੀ ਹੈ। ਸਰਕਾਰ ਦਸਤਾਵੇਜ ਲੈ ਕੇ ਹੋਵੇ ਪੇਸ਼ : ਹਾਈਕੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਅਗਲੀ ਸੁਣਵਾਈ ਦੌਰਾਨ ਉਹ ਦਸਤਾਵੇਜ਼ ਪੇਸ਼ ਕੀਤੇ ਜਾਣ ਜਿਨ੍ਹਾਂ ਦੇ ਆਧਾਰ `ਤੇ ਇਹ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਨੂੰ ਪੈਰੋਲ `ਤੇ ਰਿਹਾਅ ਨਹੀਂ ਕੀਤਾ ਜਾ ਸਕਦਾ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕੀ ਕੀ ਆਖਿਆ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਪੈਰਵਾਈ ਕਰ ਰਹੇ ਵਕੀਲ ਐਡਵੋਕੇਟ ਈਮਾਨ ਸਿੰਘ ਖਾਰਾ ਨੇ ਦੱਸਿਆ ਕਿ ਉਨ੍ਹਾਂ ਮਾਨਯੋਗ ਕੋਰਟ ਤੋਂ ਮੰਗ ਕੀਤੀ ਹੈ ਕਿ ਜੇਕਰ ਕਸਟਡੀ ਪੈਰੋਲ ਨਹੀਂ ਦੇਣੀ ਤਾਂ ਉਨ੍ਹਾਂ ਨੂੰ ਵਿੰਟਰ ਸੈਸ਼ਨ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਇਸਦੇ ਨਾਲ ਹੀ ਉਹ ਜਲਦ ਹੀ ਅੰਮ੍ਰਿਤਪਾਲ `ਤੇ ਲੱਗੇ ਰਾਸ਼ਟਰੀ ਸੁਰੱਖਿਆ ਕਾਨੂੰਨ ਨੂੰ ਵੀ ਅਦਾਲਤ ਵਿੱਚ ਚੁਣੌਤੀ ਦੇਣ ਜਾ ਰਹੇ ਹਨ।
