
ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ
- by Jasbeer Singh
- November 19, 2024

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ ਰੋਜ਼ਗਾਰ ਉਤਪਤੀ ਮੰਤਰੀ ਨੇ ਮੋਗਾ ਜ਼ਿਲ੍ਹੇ ਦੇ 2486 ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਚੰਡੀਗੜ੍ਹ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ ਕੀਤੀ । ਉਨ੍ਹਾਂ ਨੇ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਕੇ ‘ਨਸ਼ਾ ਮੁਕਤ ਪੰਜਾਬ ਮਿਸ਼ਨ’ ਨਾਲ ਜੁੜਨ ਦਾ ਸੱਦਾ ਦਿੱਤਾ । ਉਹ ਅੱਜ ਪਿੰਡ ਲੁਹਾਰਾ ਦੇ ਫੱਕਰ ਬਾਬਾ ਦਾਮੂ ਸ਼ਾਹ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨ੍ਹਾਂ ਮੋਗਾ ਜ਼ਿਲ੍ਹੇ ਦੀਆਂ 340 ਗ੍ਰਾਮ ਪੰਚਾਇਤਾਂ ਵਿੱਚੋਂ 2486 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਹੁਦੇ ਦੀ ਸਹੁੰ ਚੁਕਾਈ । ਅਮਨ ਅਰੋੜਾ ਨੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਿਆਸੀ ਧੜੇਬੰਦੀ ਤੋਂ ਉਪਰ ਉਠ ਕੇ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਚਾਇਤਾਂ ਨੂੰ ਫ਼ੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਆਮ ਨਾਗਰਿਕਾਂ ਨੂੰ ਸ਼ਾਮਲ ਕਰਕੇ ਪੇਂਡੂ ਖੇਤਰਾਂ ਵਿੱਚ ਜੀਵਨ ਪੱਧਰ ਨੂੰ ਹੋਰ ਸੁਧਾਰਨ ‘ਤੇ ਧਿਆਨ ਦੇਣਾ ਚਾਹੀਦਾ ਹੈ, ਜਿਸ ਨਾਲ ਸਥਾਨਕ ਮੁੱਦਿਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਮਦਦ ਮਿਲੇਗੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਵਿਕਾਸ ਦੇ ਇੱਕ ਨਵੇਂ ਯੁੱਗ ਦਾ ਆਗਾਜ਼ ਕੀਤਾ ਹੈ । ਉਨ੍ਹਾਂ ਨੇ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਪਹਿਲਕਦਮੀ ਕਰਨ ਲਈ ਪ੍ਰੇਰਿਆ, ਜਿਸ ਨਾਲ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਦਾ ਮਾਣ ਵਧੇਗਾ । ਉਹਨਾਂ ਕਮਿਊਨਿਟੀ ਪ੍ਰੋਜੈਕਟਾਂ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਮਨਰੇਗਾ ਫ਼ੰਡਾਂ ਦੀ ਵਰਤੋਂ ਕਰਨ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ । ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਚਾਇਤੀ ਪ੍ਰਣਾਲੀ ਸਥਾਨਕ ਸਵੈ-ਸ਼ਾਸਨ ਨੂੰ ਸਸ਼ਕਤ ਬਣਾ ਕੇ ਜ਼ਮੀਨ ਪੱਧਰੀ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ । ਇਹ ਮਹਿਲਾਵਾਂ ਅਤੇ ਹਾਸ਼ੀਏ ‘ਤੇ ਰਹਿ ਰਹੇ ਲੋਕਾਂ ਸਮੇਤ ਪਿੰਡ ਵਾਸੀਆਂ ਨੂੰ ਆਪਣੀਆਂ ਸਮੱਸਿਆਵਾਂ ਨੂੰ ਉਠਾਉਣ ਦਾ ਮੌਕਾ ਦਿੰਦੇ ਹਨ ਅਤੇ ਇਹਨਾਂ ਨੂੰ ਅਜਿਹੇ ਫ਼ੈਸਲੇ ਲੈਣ ਵਿੱਚ ਸਹਾਈ ਹੁੰਦਾ ਹੈ ਜੋ ਸਿੱਧੇ ਤੌਰ ‘ਤੇ ਉਨ੍ਹਾਂ ਦੇ ਜੀਵਨ ਨੂੰ ਪ੍ਰਭਾਵਤ ਕਰਦੇ ਹਨ । ਇਸ ਤੋਂ ਇਲਾਵਾ ਪੰਚਾਇਤਾਂ ਸਥਾਨਕ ਸਮੱਸਿਆਵਾਂ ਅਤੇ ਵਿਵਾਦਾਂ ਨੂੰ ਸੁਲਝਾਉਣ ਲਈ ਇੱਕ ਮੰਚ ਵਜੋਂ ਕੰਮ ਕਰਦੀਆਂ ਹਨ, ਜੋ ਨਿਆਂਇਕ ਪ੍ਰਣਾਲੀ ਉਤੇ ਬੋਝ ਨੂੰ ਘਟਾਉਣ ਵਿੱਚ ਸਹਾਈ ਹੁੰਦੀਆਂ ਹਨ ਅਤੇ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ । ਇਹ ਸਥਾਨਕ ਸ਼ਾਸਨ ਢਾਂਚਾ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਹ ਯਕੀਨੀ ਬਣਾਉਣ ਲਈ ਜ਼ਰੂਰੀ ਹੈ ਕਿ ਵਿਕਾਸ ਪਹਿਲਕਦਮੀਆਂ ਲੋਕਾਂ ਦੀਆਂ ਲੋੜਾਂ ਅਨੁਸਾਰ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ, ਮਨਜੀਤ ਸਿੰਘ ਬਿਲਾਸਪੁਰ ਅਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵੀ ਸੰਬੋਧਨ ਕੀਤਾ। ਇਸ ਤੋਂ ਇਲਾਵਾ ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ. ਐਸ. ਪੀ. ਅਜੇ ਗਾਂਧੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.