
15000 ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਵਿਜੀਲੈਂਸ ਵੱਲੋਂ ਕਾਬੂ
- by Jasbeer Singh
- February 27, 2025

15000 ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਵਿਜੀਲੈਂਸ ਵੱਲੋਂ ਕਾਬੂ ਚੰਡੀਗੜ੍ਹ, 27 ਫਰਵਰੀ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਕੇਸ ਦੇ ਜਾਂਚ ਅਧਿਕਾਰੀ ਏ. ਐਸ. ਆਈ. ਰਣਜੀਤ ਸਿੰਘ ਨੇ ਉਕਤ ਮਾਮਲੇ ਵਿੱਚ ਉਸਦੀ ਮਦਦ ਕਰਨ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ । ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਮੁਲਜ਼ਮ ਏ. ਐਸ. ਆਈ. ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਮੌਕੇ 'ਤੇ ਹੀ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ. ਐਸ. ਆਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।