ਪਿੰਡ ਬਖੋਪੀਰ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਅਤੇ ਮਿੱਟੀ ਪਰਖ ਅਧਾਰਤ ਖਾਦ ਦੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਲ
- by Jasbeer Singh
- October 13, 2025
ਪਿੰਡ ਬਖੋਪੀਰ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਅਤੇ ਮਿੱਟੀ ਪਰਖ ਅਧਾਰਤ ਖਾਦ ਦੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਭਵਾਨੀਗੜ੍ਹ/ਸੰਗਰੂਰ, 13 ਅਕਤੂਬਰ 2025 : ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਬਲਾਕ ਭਵਾਨੀਗੜ੍ਹ ਦੇ ਪਿੰਡ ਬਖੋਪੀਰ ਵਿਖੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ 30 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ । ਡਾ: ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਮਾਹਿਰ (ਭੂਮੀ ਵਿਗਿਆਨ) ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਜਿਵੇਂ ਕਿ ਨਾਈਟ੍ਰੋਜਨ ਅਤੇ ਗੰਧਕ ਵਰਗੇ ਪੌਸ਼ਟਿਕ ਤੱਤਾਂ ਦਾ ਪੂਰੀ ਤਰ੍ਹਾਂ ਨੁਕਸਾਨ ਅਤੇ ਮਨੁੱਖਾਂ ਅਤੇ ਜਾਨਵਰਾਂ ਲਈ ਹਾਨੀਕਾਰਕ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ ਅਤੇ ਨਾਈਟ੍ਰਿਕ ਆਕਸਾਈਡ ਦਾ ਵਾਤਾਣਰਣ ਵਿੱਚ ਚਲੇ ਜਾਣਾ, ਸੜਕ ਦੁਰਘਟਨਾਵਾਂ ਦਾ ਵਧਣਾ, ਪੰਛੀਆਂ ਦਾ ਮਰਨਾ ਆਦਿ ਬਾਰੇ ਜਾਗਰੂਕ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਇਕ ਟਨ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਗੰਧਕ ਤੱਤ ਨਸ਼ਟ ਹੋ ਜਾਂਦੇ ਹਨ। ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਲਈ ਕਈ ਤਰ੍ਹਾਂ ਦੀਆਂ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਘੱਟ ਕੀਮਤ ਵਾਲੀਆਂ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਰਸਾਇਣਕ ਖਾਦਾਂ ਦੀ ਵਰਤੋਂ ਆਪਣੇ ਖੇਤ ਦੀ ਮਿੱਟੀ ਪਰਖ ਰਿਪੋਰਟ ਦੇ ਆਧਾਰ ’ਤੇ ਹੀ ਕਰਨ। ਉਨ੍ਹਾਂ ਵੱਖ-ਵੱਖ ਪੌਸ਼ਟਿਕ ਤੱਤਾਂ ਦੀ ਘਾਟ ਦੇ ਲੱਛਣਾਂ ਜਿਵੇਂ ਕਿ ਕਣਕ ਅਤੇ ਬਰਸੀਮ ਵਿੱਚ ਮੈਂਗਨੀਜ਼ ਦੀ ਘਾਟ, ਕਣਕ ਵਿੱਚ ਜ਼ਿੰਕ ਅਤੇ ਸਲਫਰ ਦੀ ਘਾਟ ਆਦਿ ਬਾਰੇ ਵੀ ਚਾਨਣਾ ਪਾਇਆ। ਕਿਸਾਨਾਂ ਨੂੰ ਮਿੱਟੀ ਦੀ ਜੈਵਿਕ ਸਿਹਤ ਨੂੰ ਵਧਾਉਣ ਲਈ ਬਾਇਓ-ਫਰਟੀਲਾਈਜ਼ਰ ਕੰਸੋਰਸ਼ੀਅਮ ਨਾਲ ਕਣਕ ਦੇ ਬੀਜ ਦੀ ਸੋਧ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪੀ. ਏ. ਯੂ . ਲੁਧਿਆਣਾ ਵਲੋਂ ਕਣਕ (ਪੀ ਬੀ ਡਬਲਯੂ 872) ਅਤੇ ਛੋਲਿਆਂ ਨਵੀਆਂ ਸਿਫ਼ਾਰਸ਼ ਕੀਤੀਆਂ ਬਾਰੇ ਅਤੇ ਉਨ੍ਹਾਂ ਦੀ ਵਿੱਕਰੀ ਲਈ ਕੇਂਦਰ 'ਤੇ ਉਪਲਬਧਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਪਸ਼ੂਆਂ ਦੀ ਚੰਗੀ ਸਿਹਤ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ, ਬਾਈਪਾਸ ਫੈਟ, ਪ੍ਰੀ-ਮਿਕਸ, ਪੀਏਯੂ ਸਾਹਿਤ ਦੇ ਨਾਲ-ਨਾਲ ਸਬਜ਼ੀਆਂ ਦੀਆਂ ਕਿੱਟਾਂ, ਮਟਰ ਅਤੇ ਛੋਲੇ ਦੇ ਬੀਜ ਵੀ ਵੇਚੇ ਗਏ। ਅੰਤ ਵਿੱਚ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਜਿਵੇਂ ਕਿ ਕਣਕ ਵਿੱਚ ਮੈਂਗਨੀਜ਼ ਦੀ ਘਾਟ ਦਾ ਪ੍ਰਬੰਧਨ, ਮਿੱਟੀ ਪਰਖ ਰਿਪੋਰਟ ਦੀ ਵਿਆਖਿਆ ਆਦਿ ਦੇ ਜਵਾਬ ਦਿੱਤੇ ਗਏ। ਅੰਤ ਵਿੱਚ ਸ: ਹਰਮਨਪ੍ਰੀਤ ਸਿੰਘ, ਸ: ਬਲਜਿੰਦਰ ਸਿੰਘ ਅਤੇ ਪਿੰਡ ਦੇ ਹੋਰ ਅਗਾਂਹਵਧੂ ਕਿਸਾਨਾਂ ਨੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਦਾ ਧੰਨਵਾਦ ਕੀਤਾ ।

