ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਖੇਡ ਗਤੀਵਿਧੀਆਂ ਰਾਹੀਂ ਜਾਗਰੂਕਤਾ ਅਭਿਆਨ ਜਾਰੀ
- by Jasbeer Singh
- April 28, 2026
ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਖੇਡ ਗਤੀਵਿਧੀਆਂ ਰਾਹੀਂ ਜਾਗਰੂਕਤਾ ਅਭਿਆਨ ਜਾਰੀ ਖੇਡ ਗਤੀਵਿਧੀਆਂ ਰਾਹੀ ਨੌਜਵਾਨਾਂ ਵਿੱਚ ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਨੂੰ ਮਿਲੇਗਾ ਪ੍ਰੋਤਸਾਹਨ ਮਾਲੇਰਕੋਟਲਾ, 28 ਅਪ੍ਰੈਲ 2026 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਾ ਮੁਕਤ ਪੰਜਾਬ” ਮੁਹਿੰਮ ਦੇ ਅਧੀਨ ਜ਼ਿਲ੍ਹੇ ਵਿੱਚ ਖੇਡ ਵਿਭਾਗ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਖੇਡ ਅਤੇ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ । ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਖੇਡਾਂ ਰਾਹੀਂ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਹੈ । ਉਨ੍ਹਾਂ ਦੱਸਿਆ ਕਿ ਬਾਕਸਿੰਗ ਕੋਚਿੰਗ ਸੈਂਟਰ ਪਿੰਡ ਰੋਹੀੜਾ ਵਿਖੇ ਬਾਕਸਿੰਗ ਮੈਚਾਂ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਖਿਡਾਰੀਆਂ ਅਤੇ ਸਥਾਨਕ ਲੋਕਾਂ ਲਈ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਵੀ ਕਰਵਾਇਆ ਗਿਆ। ਇਸ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਹੋਰ ਦੱਸਿਆ ਕਿ ਖੇਡ ਵਿਭਾਗ ਦੇ ਸਾਰੇ ਕੋਚਿੰਗ ਸੈਂਟਰਾਂ ਵਿੱਚ ਡਰੱਗ ਨਾਲ ਸੰਬੰਧਿਤ ਪੌਦਿਆਂ ਦੀ ਕਟਾਈ ਵੀ ਕਰਵਾਈ ਗਈ ਅਤੇ ਖਿਡਾਰੀਆਂ ਨੂੰ ਇਸ ਬਾਰੇ ਸੁਚੇਤ ਕੀਤਾ ਗਿਆ। ਇਸ ਤੋਂ ਇਲਾਵਾ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਲੜਕੀਆਂ ਦੇ ਫੁੱਟਬਾਲ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਨਾਲ ਨੌਜਵਾਨ ਕੁੜੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਵਧੀ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਨੂੰ ਮਜ਼ਬੂਤੀ ਮਿਲੀ । ਇਸ ਮੌਕੇ ‘ਤੇ “ਬੇਟੀ ਬਚਾਓ ਬੇਟੀ ਪੜਾਓ” ਸਕੀਮ ਅਧੀਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਅਤੇ ਫੁੱਟਬਾਲ ਜੁੱਤਿਆਂ ਦੀ ਵੰਡ ਕੀਤੀ ਗਈ, ਜਿਸ ਨਾਲ ਖਿਡਾਰੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ । ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਪ੍ਰਭਾਵਸ਼ਾਲੀ ਢੰਗ ਹੈ। ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਸਕਾਰਾਤਮਕ ਸੋਚ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ। ਇਸ ਦੌਰਾਨ ਹਾਜ਼ਰ ਨੌਜਵਾਨਾਂ ਅਤੇ ਹੋਰ ਭਾਗੀਦਾਰਾਂ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਵੀ ਲਿਆ ਗਿਆ ।
