
ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
- by Jasbeer Singh
- August 7, 2024

ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ ਚੰਡੀਗੜ੍ਹ, 7 ਅਗਸਤ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ 'ਚ ਹੋਣ ਦੇ ਤਾਜ਼ਾ ਖੁਲਾਸੇ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ ਹੈ । ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੀਲਬੰਦ ਰਿਪੋਰਟ ਸੌਂਪੀ ਹੈ। ਰਿਪੋਰਟ ਵਿਚ ਖੁਲਾਸਾ ਕੀਤਾ ਗਿਆ ਹੈ ਕਿ ਬਿਸ਼ਨੋਈ ਦਾ ਪਹਿਲਾ ਇੰਟਰਵਿਊ ਉਸ ਸਮੇਂ ਹੋਇਆ ਸੀ ਜਦੋਂ ਉਹ ਖਰੜ, ਪੰਜਾਬ ਵਿਚ ਸੀਆਈਏ ਦੀ ਹਿਰਾਸਤ ਵਿਚ ਸੀ ਅਤੇ ਦੂਜਾ ਰਾਜਸਥਾਨ ਦੀ ਜੇਲ੍ਹ ਵਿਚ ਹੋਇਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਾਰਚ 2023 ਤੋਂ ਝੂਠ ਬੋਲ ਰਹੀ ਹੈ। ਹੁਣ ਹਾਈ ਕੋਰਟ ਵਿੱਚ ਇਸ ਖੁਲਾਸੇ ਤੋਂ ਬਾਅਦ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਮਾਰੇ ਗਏ ਪੰਜਾਬੀ ਰੈਪਰ ਅਤੇ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੇ ਮਾਪਿਆਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ । ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਹ ਇੰਟਰਵਿਊ ਪੰਜਾਬ ਦੇ ਮੁੱਖ ਮੰਤਰੀ ਦੀ ਨੱਕ ਦੇ ਹੇਠਾਂ ਹੋਈ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਵਿਭਾਗ ਵਿੱਚ ਕਾਲੀਆਂ ਭੇਡਾਂ ਹਨ। ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਨਿਰਪੱਖ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਭਗਵੰਤ ਮਾਨ ਨੂੰ ਘੱਟੋ-ਘੱਟ ਗੈਂਗਸਟਰ ਦੀ ਇੰਟਰਵਿਊ ਬਾਰੇ ਝੂਠ ਬੋਲਣ ਲਈ ਮੁਆਫੀ ਮੰਗਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ 2022 'ਚ 'ਆਪ' ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਪੰਜਾਬ 'ਚ ਗੈਂਗ ਕਲਚਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ । ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚ ਅਜਿਹੇ ਘਿਨਾਉਣੇ ਅਨਸਰਾਂ 'ਤੇ ਲਗਾਮ ਲਗਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਪਿਆ ਅਤੇ ਉਨ੍ਹਾਂ ਨੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ 'ਤੇ ਕੰਮ ਕਰ ਰਹੇ ਠੇਕੇਦਾਰਾਂ ਨੂੰ ਜ਼ਿੰਦਾ ਸਾੜਨ ਦੀ ਧਮਕੀ ਦੇਣ ਵਾਲੇ ਲੋਕਾਂ ਵਿਰੁੱਧ FIR ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ ।
Related Post
Popular News
Hot Categories
Subscribe To Our Newsletter
No spam, notifications only about new products, updates.