
ਸੰਗਰੂਰ ਜ਼ਿਲ੍ਹੇ ‘ਚ ਸੀ. ਬੀ. ਐਸ. ਸੀ. ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕ
- by Jasbeer Singh
- February 17, 2025

ਸੰਗਰੂਰ ਜ਼ਿਲ੍ਹੇ ‘ਚ ਸੀ. ਬੀ. ਐਸ. ਸੀ. ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਪਾਬੰਦੀ ਸੰਗਰੂਰ, 17 ਫਰਵਰੀ : ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਸੰਦੀਪ ਰਿਸ਼ੀ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 (ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ‘ਚ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ 15.02.2025 ਤੋਂ 04.04.2025 ਤੱਕ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ ਤਾਂ ਜੋ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਨੂੰ ਰੋਕਿਆ ਜਾ ਸਕੇ । ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਹੁਕਮ ਸਬੰਧੀ ਚੇਅਰਮੈਨ, ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਨੇ ਇੱਕ ਅਰਧ ਸਰਕਾਰੀ ਪੱਤਰ ਲਿਖਿਆ ਸੀ। ਇਸ ਪੱਤਰ ਅਨੁਸਾਰ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਵੱਲੋਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਮਿਤੀ 15.02.2025 ਤੋਂ ਮਿਤੀ 04.04.2025 ਤੱਕ ਕਰਵਾਈਆਂ ਜਾ ਰਹੀਆਂ ਹਨ, ਇਸ ਲਈ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਸਮੁੱਚੇ ਪ੍ਰੀਖਿਆ ਕੇਂਦਰਾਂ ਵਿੱਚ ਕਿਸੇ ਅਣਜਾਣ ਵਿਅਕਤੀਆਂ ਵੱਲੋਂ ਪ੍ਰੀਖਿਆ ਵਿੱਚ ਵਿਘਨ ਪਾਉਣ ਤੋਂ ਰੋਕਣ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਦਫਾ 144 ਲਗਾਏ ਜਾਣ ਸਬੰਧੀ ਲਿਖਿਆ ਗਿਆ ਹੈ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਇਸ ਹੁਕਮ ਦੀ ਇੰਨ-ਬਿੰਨ ਪਾਲਣਾ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ ਅਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਖ਼ਤਾ ਪ੍ਰਬੰਧ ਕਰਨਗੇ ।