post

Jasbeer Singh

(Chief Editor)

Punjab

ਕਨੇਡਾ ਦੇ ਕਿਊਬਕ ਸੂਬੇ ਵਿਚ ਧਾਰਮਿਕ ਚਿਨ੍ਹਾਂ ਤੇ ਪਾਬੰਦੀ ਲਾਉਣੀ ਮੰਦਭਾਗੀ: ਬਾਬਾ ਬਲਬੀਰ ਸਿੰਘ ਅਕਾਲੀ

post-img

ਕਨੇਡਾ ਦੇ ਕਿਊਬਕ ਸੂਬੇ ਵਿਚ ਧਾਰਮਿਕ ਚਿਨ੍ਹਾਂ ਤੇ ਪਾਬੰਦੀ ਲਾਉਣੀ ਮੰਦਭਾਗੀ: ਬਾਬਾ ਬਲਬੀਰ ਸਿੰਘ ਅਕਾਲੀ ਸ੍ਰੀ ਅਨੰਦਪੁਰ ਸਾਹਿਬ : ਕੈਨੇਡਾ ਦੇ ਕਿਊਬਿਕ ਸੂਬੇ ਵਿੱਚ ਸਰਕਾਰ ਵੱਲੋਂ ਸਿੱਖਾਂ `ਤੇ ਧਾਰਮਿਕ ਚਿੰਨ੍ਹ ਸਜਾਉਣ ਅਤੇ ਪੱਗ ਬਣਨ `ਤੇ ਪਾਬੰਦੀ ਲਾਉਣ ਵਾਲਾ ਕਾਨੂੰਨ ਪਾਸ ਕੀਤਾ ਗਿਆ ਹੈ, ਜਿਸ ਕਾਰਨ ਹੁਣ ਕੰਮ ਸਮੇਂ ਸਿੱਖਾਂ ਵੱਲੋਂ ਕਿਰਪਾਨ ਧਾਰਨ ਕਰਨ, ਦਸਤਾਰ ਸਜਾਉਣ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਧਾਰਮਿਕ ਚਿੰਨ੍ਹ ਸਜਾਉਣ ਉੱਤੇ ਮਨਾਹੀ ਹੋਵੇਗੀ। ਨਿਹੰਗ ਸਿੰਘਾਂ ਦੀ ਮੁਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕੈਨੇਡਾ ਦੇ ਕਿਊਬਿਕ ਸੂਬੇ ਵੱਲੋਂ ਲਾਗੂ ਕੀਤੇ `ਬਿੱਲ-21` ਦੀ ਸਖ਼ਤ ਨਿਖੇਧੀ ਕਰਦਿਆਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਅਤੇ ਕੈਨੇਡਾ ਦੀ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਵਿਵਾਦਿਤ ਕਾਨੂੰਨ ਤੁਰੰਤ ਮਨਸੂਖ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖਾਂ ਨੂੰ ਧਰਮ ਨਿਭਾਉਣ ਲਈ ਆਪੋ-ਆਪਣੇ ਮੁਲਕਾਂ ਵਿੱਚ ਲਾਜ਼ਮੀ ਕਕਾਰ ਪਹਿਨਣ, ਦਸਤਾਰ ਸਜਾਉਣ ਤੇ ਦਾੜ੍ਹੀ-ਕੇਸ ਰੱਖਦਿਆਂ ਆਪਣੀ ਧਾਰਮਿਕ ਪਛਾਣ ਬਣਾਈ ਰੱਖਣ ਦੀ ਪੂਰੀ ਇਜਾਜ਼ਤ ਹੈ ਪਰ ਸਿਰਫ਼ ਕਿਊਬਿਕ ਸੂਬੇ ਵਿੱਚ ਸਖ਼ਤ ਪਾਬੰਦੀਆਂ ਲਾਈਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਧਰਮ ਨਿਰਪੱਖਤਾ ਦੇ ਨਾਂ ਹੇਠ ਕਿਊਬਿਕ ਸੂਬੇ ਵੱਲੋਂ ਬਿੱਲ 21 ਕਾਨੂੰਨ ਤਹਿਤ ਅਧਿਆਪਕਾਂ, ਪੁਲੀਸ ਅਧਿਕਾਰੀਆਂ, ਵਕੀਲਾਂ ਅਤੇ ਹੋਰ ਜਨਤਕ ਖੇਤਰ ਦੇ ਕਰਮਚਾਰੀਆਂ ਨੂੰ ਧਾਰਮਿਕ ਚਿੰਨ੍ਹ ਜਿਵੇਂ ਕਿ ਮੁਸਲਮਾਨਾਂ ਲਈ ਹਿਜਾਬ, ਸਿੱਖਾਂ ਲਈ ਦਸਤਾਰ, ਯਹੂਦੀਆਂ ਨੂੰ ਯਰਮੁਲਕੇ ਅਤੇ ਈਸਾਈਆਂ ਨੂੰ ਕ੍ਰਾਸ ਪਹਿਨਣ ਤੋਂ ਮਨਾਹੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਉਹ ਬਿੱਲ 21 ਖ਼ਿਲਾਫ਼ ਵਿਰੋਧੀ ਧਿਰਾਂ ਦਾ ਸਾਥ ਅਤੇ ਇਸ ਨੂੰ ਕੌਮਾਂਤਰੀ ਅਦਾਲਤ ਵਿੱਚ ਚੁਣੋਤੀ ਦੇਵੇ। ਉਨ੍ਹਾਂ ਨੇ ਮਨੁੱਖੀ ਅਧਿਕਾਰਾਂ ਸਬੰਧੀ ਹੋਰ ਸਮੂਹ ਜਥੇਬੰਦੀਆਂ ਨੂੰ ਵੀ ਇਸ ਬਿੱਲ ਖਿਲਾਫ਼ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸਾਰੇ ਸਰਕਾਰੀ ਕਰਮਚਾਰੀਆਂ ਚਾਹੇ ਉਹ ਕਿਸੇ ਵੀ ਧਰਮ ਦੇ ਹੋਣ ਨੂੰ ਕਿਊਬਿਕ ਦੀ ਨੈਸ਼ਨਲ ਅਸੈਂਥਲੀ ਤੇ ਸੂਬਾਈ ਵਿਧਾਨ ਸਭਾ ਦੇ ਮੈਂਬਰਾਂ ਵਾਂਗ ਧਾਰਮਿਕ ਪ੍ਰਗਟਾਵੇ ਦਾ ਅਧਿਕਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਪ੍ਰਸਤਾਵਤ ਬਿੱਲ 21 ਧਾਰਮਿਕ ਆਜ਼ਾਦੀ ਨੂੰ ਖਤਮ ਕਰਦਾ ਹੈ ਤੇ ਇਸ ਨਾਲ ਕਿਊਬਿਕ ਸੂਬੇ ਵਿੱਚ ਨਸਲੀ ਤੇ ਧਾਰਮਿਕ ਘੱਟ ਗਿਣਤੀਆਂ ਵਿਚ ਡਰ ਦਾ ਮਾਹੌਲ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਬਿੱਲ 21 ਕੈਨੇਡਾ ਦੇ ਸੰਵਿਧਾਨ ਵਿੱਚ ਦਰਜ ਜਨਤਕ ਪ੍ਰਗਟਾਵੇ ਅਤੇ ਧਰਮ ਦੀ ਆਜ਼ਾਦੀ ਦੀ ਸ਼ਰੇਆਮ ਉਲੰਘਣਾ ਹੈ। ਸਿੱਖ ਧਰਮ ਵਿੱਚ ਦਸਤਾਰ ਦੀ ਬਹੁਤ ਜ਼ਿਆਦਾ ਮਹੱਤਤਾ ਹੈ ਤੇ ਦਸਤਾਰ `ਤੇ ਪਾਬੰਦੀ ਲਾਉਣਾ ਬੇਹੱਦ ਮੰਦਭਾਗਾ ਹੈ।

Related Post