post

Jasbeer Singh

(Chief Editor)

Punjab

ਬਠਿੰਡਾ ਵਿਜੀਲੈਂਸ ਨੇ ਥਾਣਾ ਸੰਗਤ ਦੇ ਹੌਲਦਾਰ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

post-img

ਬਠਿੰਡਾ ਵਿਜੀਲੈਂਸ ਨੇ ਥਾਣਾ ਸੰਗਤ ਦੇ ਹੌਲਦਾਰ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਬਠਿੰਡਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਰੌਚਕ ਪਹਿਲੂ ਇਹ ਵੀ ਹੈ ਕਿ ਰਿਸ਼ਵਤ ਲੈਣ ਤੋਂ ਬਾਅਦ ਇਹ ਹੌਲਦਾਰ ਮੌਕੇ ਤੋਂ ਆਪਣੀ ਗੱਡੀ ਰਾਹੀਂ ਖਿਸਕਣ ਵਿੱਚ ਕਾਮਯਾਬ ਹੋ ਗਿਆ ਸੀ ਪਰ ਵਿਜੀਲੈਂਸ ਟੀਮ ਨੇ ਪਿੱਛਾ ਕਰਕੇ ਇਸ ਨੂੰ ਕਾਬੂ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਇਹ ਆਪਣੀ ਸਕਾਰਪੀਓ ਗੱਡੀ ਭਜਾ ਕੇ ਦੌੜਿਆ ਤਾਂ ਇਸ ਨੇ ਰਸਤੇ ਵਿੱਚ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਬਾਅਦ ਵਿੱਚ ਇਸਦੀ ਗੱਡੀ ਇੱਕ ਹੋਰ ਗੱਡੀ ਨਾਲ ਟਕਰਾ ਗਈ। ਇਸ ਦੇ ਬਾਵਜੂਦ ਵਿਜੀਲੈਂਸ ਨੇ ਇਸ ਹੌਲਦਾਰ ਦਾ ਪਿੱਛਾ ਨਾ ਛੱਡਿਆ ਅਤੇ ਅੰਤ ਨੂੰ ਗ੍ਰਿਫਤਾਰ ਕਰਨ ਵਿੱਚ ਸਫਲ ਹੋ ਗਈ। ਪਤਾ ਲੱਗਿਆ ਹੈ ਕਿ ਇਹਨਾਂ ਹਾਦਸਿਆਂ ਦੌਰਾਨ ਜਿਨ੍ਹਾਂ ਦੇ ਸੱਟਾਂ ਲੱਗੀਆਂ ਹਨ ਜਾਂ ਫਿਰ ਕੋਈ ਹੋਰ ਨੁਕਸਾਨ ਹੋਇਆ ਹੈ ਉਸ ਲਈ ਪੁਲਿਸ ਵੱਖਰੇ ਤੌਰ ਤੇ ਕਾਰਵਾਈ ਕਰ ਸਕਦੀ ਹੈ ਪਰ ਇਸ ਸਬੰਧੀ ਪੁਸ਼ਟੀ ਨਹੀਂ ਹੋ ਸਕੀ ਹੈ । ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਥਰਾਲਾ ਵਾਸੀ ਜਗਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦਾ ਦੋਸਤ ਇੱਕ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਉਸਦੀ ਪਤਨੀ ਦਾ ਨਾਮ ਵੀ ਕੇਸ ਵਿੱਚ ਸ਼ਾਮਲ ਕਰਨ ਦੀ ਧਮਕੀ ਦਿੱਤੀ ਅਤੇ ਉਸ ਨੂੰ ਕੇਸ ਵਿੱਚ ਨਾਮਜ਼ਦ ਨਾ ਕਰਨ ਲਈ 1,50,000 ਰੁਪਏ ਦੀ ਮੰਗ ਕੀਤੀ ਸੀ, ਪਰ ਸੌਦਾ 70000 ਰੁਪਏ ਵਿੱਚ ਤੈਅ ਹੋਇਆ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Related Post