post

Jasbeer Singh

(Chief Editor)

Patiala News

ਬੀ ਬੀ ਐੱਮ ਬੀ ਵੱਲੋਂ ਹਰਿਆਣਾ ਨੂੰ ਫੌਰੀ ਵਾਧੂ ਪਾਣੀ ਛੱਡਣ ਦਾ ਫੈਸਲਾ ਪੰਜਾਬ ਨਾਲ ਧੱਕੇਸ਼ਾਹੀ : ਲਾਲ ਸਿੰਘ

post-img

ਬੀ ਬੀ ਐੱਮ ਬੀ ਵੱਲੋਂ ਹਰਿਆਣਾ ਨੂੰ ਫੌਰੀ ਵਾਧੂ ਪਾਣੀ ਛੱਡਣ ਦਾ ਫੈਸਲਾ ਪੰਜਾਬ ਨਾਲ ਧੱਕੇਸ਼ਾਹੀ : ਲਾਲ ਸਿੰਘ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਨਾਲ ਕਿੱੜ ਕੱਢਣ ਲਈ ਕਰ ਰਹੀ ਹੈ ਧੱਕੇਸ਼ਾਹੀ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਮੰਗ ਪਟਿਆਲਾ 1 ਮਈ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਲਾਲ ਸਿੰਘ ਨੇ ਬੀ ਬੀ ਐੱਮ ਬੀ ਵਲੋਂ ਹਰਿਆਣਾ ਨੂੰ ਫੌਰੀ ਵਾਧੂ ਪਾਣੀ ਛੱਡਣ ਦੇ ਫੈਸਲੇ ਨੂੰ ਪੰਜਾਬ ਨਾਲ ਧੱਕੇਸ਼ਾਹੀ ਕਰਾਰ ਦਿੰਦਿਆਂ ਕੇਂਦਰ ਦੀ ਭਾਜਪਾ ਸਰਕਾਰ ਤੇ ਕਿਸਾਨ ਅੰਦੋਲਨ ਕਾਰਨ ਪੰਜਾਬ ਨਾਲ ਕਿੱੜ ਕੱਢਣ ਦਾ ਦੋਸ਼ ਲਾਇਆ ਹੈ। ਉਹਨਾ ਨੇ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਲੋੜ ਉੱਪਰ ਜ਼ੋਰ ਦਿੰਦਿਆਂ ਮੰਗ ਕੀਤੀ ਕਿ ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਦਾ ਸਥਾਈ ਹੱਲ ਕੱਢਣ ਲਈ ਕੇਂਦਰ ਸਰਕਾਰ ਨੂੰ ਸ਼ਾਰਧਾ ਯਮੁਨਾ ਲਿੰਕ ਨਹਿਰ ਦੀ ਉਸਾਰੀ ਕਰਨ ਲਈ ਸਬੰਧਤ ਸੂਬਿਆਂ ਨਾਲ ਗੱਲਬਾਤ ਕਰਨ ਦੀ ਪਹਿਲਕਦਮੀ ਹੱਥ ਲੈਣ ਦਾ ਰਾਹ ਅਖਤਿਆਰ ਕਰਨਾ ਚਾਹੀਦਾ ਹੈ। ਲਾਲ ਸਿੰਘ ਨੇਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਭਾਜਪਾ ਦੀਆਂ ਸਰਕਾਰਾਂ ਪੰਜਾਬ ਨਾਲ ਧੱਕੇਸ਼ਾਹੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਤੱਥ ਸਪੱਸ਼ਟ ਕਰ ਰਹੇ ਹਨ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਾ ਹੈ। ਮਾਨਵੀ ਅਧਾਰ ਤੇ ਵੀ 4000 ਕਿਊਸਕ ਪਾਣੀ ਦਿੱਤਾ ਜਾ ਰਿਹਾ ਹੈ ਪਰ ਹੁਣ ਹੋਰ ਵਾਧੂ ਪਾਣੀ ਦੀ ਮੰਗ ਕਰਨਾ ਅਤੇ ਬੀਬੀਐੱਮਬੀ ਵਲੋਂ ਵਾਧੂ ਪਾਣੀ ਛੱਡਣ ਦਾ ਫੈਸਲਾ ਪੰਜਾਬ ਦੀਆਂ ਪਾਣੀ ਲੋੜਾਂ ਨੂੰ ਅਣਡਿੱਠ ਕਰਨ ਦੇ ਬਰਾਬਰ ਹੈ। ਓਹਨਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਲਗਾਤਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਜਿਸ ਕਾਰਨ ਇਹ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਲਾਲ ਸਿੰਘ ਨੇ ਕਿਹਾ ਕਿ ਪੰਜਾਬ ਸਮੇਤ ਪੂਰੇ ਉੱਤਰ ਪੱਛਮੀ ਭਾਰਤ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿਗਦਾ ਜਾ ਰਿਹਾ ਹੈ। ਜਿਸ ਕਾਰਨ ਖੇਤੀ ਸਮੇਤ ਹੋਰ ਖੇਤਰਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਨਹਿਰੀ ਪਾਣੀ ਤੇ ਨਿਰਭਰਤਾ ਅਣਸਰਦੀ ਲੋੜ ਹੈ।ਇਸ ਲੋੜ ਨੂੰ ਪੂਰਾ ਕਰਨ ਲਈ ਜਿੱਥੇ ਇਕ ਪਾਸੇ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਲੋੜ ਹੈ ਉਥੇ ਦੂਜੇ ਪਾਸੇ ਦਰਿਆਵਾਂ ਦੇ ਅਜਾਈ ਜਾ ਰਹੇ ਪਾਣੀ ਦੀ ਢੁੱਕਵੀਂ ਸੰਭਾਲ ਅਤੇ ਵਰਤੋਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੰਗਾ ਦੀ ਸਹਾਇਕ ਨਦੀ ਸ਼ਾਰਧਾ ਦੇ ਅਜਾਈ ਜਾ ਰਿਹਾ ਪਾਣੀ ਜੋ ਕਿ ਬਰਸਾਤਾਂ ਸਮੇਂ ਹੜਾਂ ਦਾ ਕਾਰਨ ਵੀ ਬੱਣਦਾ ਹੈ ਨੂੰ ਸੰਭਾਲ ਕੇ ਵਰਤਣ ਦੀ ਲੋੜ ਹੈ।ਇਸ ਪਾਣੀ ਨੂੰ ਵਰਤਣ ਲਈ ਸ਼ਾਰਧਾ ਯਮੁਨਾ ਲਿੰਕ ਨਹਿਰ ਦੀ ਉਸਾਰੀ ਕਰਕੇ ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੀਆਂ ਪਾਣੀ ਲੋੜਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ

Related Post