post

Jasbeer Singh

(Chief Editor)

Patiala News

ਖਾਦਾਂ ਦੀ ਕਾਲਾਬਾਜ਼ਾਰੀ, ਵੱਧ ਕੀਮਤ ਵਸੂਲੀ ਅਤੇ ਬੇਲੋੜੀ ਟੈਗਿੰਗ ਬਰਦਾਸ਼ਤ ਨਹੀਂ-ਡਿਪਟੀ ਕਮਿਸ਼ਨਰ

post-img

ਖਾਦਾਂ ਦੀ ਕਾਲਾਬਾਜ਼ਾਰੀ, ਵੱਧ ਕੀਮਤ ਵਸੂਲੀ ਅਤੇ ਬੇਲੋੜੀ ਟੈਗਿੰਗ ਬਰਦਾਸ਼ਤ ਨਹੀਂ-ਡਿਪਟੀ ਕਮਿਸ਼ਨਰ -ਹਾੜੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਦੇ ਮੱਦੇਨਜ਼ਰ ਕਿਸਾਨਾਂ ਨੂੰ ਡੀ. ਏ. ਪੀ. ਤੇ ਹੋਰ ਖਾਦਾਂ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਹਦਾਇਤਾਂ ਪਟਿਆਲਾ, 3 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਹਾੜੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਦੇ ਮੱਦੇਨਜ਼ਰ ਕਿਸਾਨਾਂ ਨੂੰ ਡੀ. ਏ. ਪੀ. ਅਤੇ ਹੋਰ ਖਾਦਾਂ ਢੁੱਕਵੇਂ ਅਤੇ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਉਨ੍ਹਾਂ ਕਿਹਾ‌ ਕਿ ਖਾਦਾਂ ਦੀ ਕਾਲਾਬਾਜ਼ਾਰੀ, ਵੱਧ ਕੀਮਤ ਵਸੂਲੀ ਅਤੇ ਬੇਲੋੜੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਹੁਕਮ ਕੀਤੇ ਹਨ ਕਿ ਉਹ ਖਾਦ ਵਿਕਰੀ ਪੁਆਇੰਟਾਂ ਦੀ ਨਿਯਮਤ ਤੌਰ 'ਤੇ ਜਾਂਚ ਕਰਨ ਤਾਂ ਜੋ ਕਿਸਾਨਾਂ ਨੂੰ ਬਿਜਾਈ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਕਿਸੇ ਵੀ ਖਾਦ ਵੇਚਣ ਵਾਲੇ ਨੂੰ ਡੀ. ਏ. ਪੀ. ਜਾਂ ਯੂਰੀਆ ਨਾਲ ਬੇਲੋੜੀ ਸਮੱਗਰੀ ਟੈਗ ਕਰਨ ਦੀ ਮਨਾਹੀ ਹੈ, ਜੇਕਰ ਕੋਈ ਵਿਕਰੇਤਾ ਅਜਿਹੀਆਂ ਬੇਨਿਯਮੀਆਂ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਜ਼ਰੂਰੀ ਵਸਤਾਂ ਐਕਟ 1955 ਅਤੇ ਖਾਦ ਕੰਟਰੋਲ ਆਰਡਰ 1955 ਤਹਿਤ ਕਾਰਵਾਈ ਕੀਤੀ ਜਾਵੇਗੀ । ਇਸੇ ਦੌਰਾਨ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਨੇ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਬਲਾਕਾਂ ਵਿੱਚ ਸਥਿਤ ਖਾਦ ਵਿਕਰੇਤਾਵਾਂ ਦੇ ਕੇਂਦਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ‌ਡਿਪਟੀ ਕਮਿਸ਼ਨਰ ਦੇ ਹੁਕਮਾਂ ਮੁਤਾਬਕ ਸਾਰੇ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਸਟਾਕ ਰਜਿਸਟਰ, ਬਿੱਲ ਬੁੱਕ ਅਤੇ ਪੁਆਇੰਟ ਆਫ਼ ਸੇਲ ਮਸ਼ੀਨਾਂ ਨੂੰ ਗੋਦਾਮ ਵਿੱਚ ਮੌਜੂਦ ਡੀ. ਏ. ਪੀ. ਸਟਾਕ ਨਾਲ ਜੋੜਨ । ਇਸ ਦੇ ਨਾਲ ਹੀ ਦੁਕਾਨਾਂ 'ਤੇ ਖਾਦ ਦੇ ਰੇਟ ਅਤੇ ਉਪਲਬਧਤਾ ਦੀ ਜਾਣਕਾਰੀ ਸਪੱਸ਼ਟ ਤੌਰ 'ਤੇ ਦਿਖਾਈ ਜਾਵੇ । ਹਰ ਬਿੱਲ 'ਤੇ ਕਿਸਾਨ ਦਾ ਮੋਬਾਈਲ ਨੰਬਰ ਵੀ ਦਰਜ ਹੋਣਾ ਚਾਹੀਦਾ ਹੈ । ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਰਨ ਦੀ ਅਪੀਲ ਕੀਤੀ ਹੈ । ਉਨ੍ਹਾਂ ਨੇ ਟ੍ਰਿਪਲ/ਸਿੰਗਲ ਸੁਪਰ ਫਾਸਫੇਟ ਅਤੇ ਹੋਰ ਐਨ. ਪੀ. ਕੇ. ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਵੀ ਸਲਾਹ ਦਿੱਤੀ ਹੈ ਤਾਂ ਜੋ ਕਿਸਾਨ ਨੂੰ ਘੱਟ ਲਾਗਤ 'ਤੇ ਚੰਗਾ ਝਾੜ ਮਿਲ ਸਕੇ ।

Related Post