

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਸੁਨਾਮ ਊਧਮ ਸਿੰਘ ਵਾਲਾ/ ਲੌਂਗੋਵਾਲ / ਚੀਮਾ, 12 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਵੱਲੋਂ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸੁਨਾਮ ਊਧਮ ਸਿੰਘ ਵਾਲਾ ਵਿਧਾਨ ਸਭਾ ਹਲਕੇ ਵਿੱਚ ਚੀਮਾ, ਲੌਂਗੋਵਾਲ ਤੇ ਸੁਨਾਮ ਤੇ ਨੇੜਲੇ ਕਈ ਪਿੰਡਾਂ ਵਿੱਚ ਸੰਗਤਾਂ ਦੁਆਰਾ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਿਰਕਤ ਕਰਦਿਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਰਵਿਦਾਸ ਜੀ ਦੁਆਰਾ ਦਿਖਾਏ ਗਏ ਸੱਚ ਦੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਪਵਿੱਤਰ ਬਾਣੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਅਤੇ ਉਨ੍ਹਾਂ ਨੇ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹੋਏ ਹੱਕ ਤੇ ਸੱਚ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਮਾਜਿਕ ਕੁਰੀਤੀਆਂ ਦਾ ਡਟ ਕੇ ਵਿਰੋਧ ਕੀਤਾ ਅਤੇ ਅਨਿਆਂ ਖਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਜਿਸ ਤੋਂ ਨਵੀਂਆਂ ਪੀੜ੍ਹੀਆਂ ਨੂੰ ਸੇਧ ਲੈਣ ਦੀ ਲੋੜ ਹੈ । ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਪਿੰਡ ਅਮਰੂ ਕੋਟੜਾ, ਚੌਵਾਸ, ਤੋਲਾਵਾਲ, ਸ਼ਾਹਪੁਰ ਕਲਾਂ, ਝਾੜੋਂ, ਤੋਗਾਵਾਲ, ਦਿਆਲਗੜ੍ਹ, ਕੁਲਾਰ ਖੁਰਦ, ਕੰਮੋਮਾਜਰਾ ਖੁਰਦ ਵਿਖੇ ਵੀ ਇਸ ਸਬੰਧੀ ਹੋਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਗਈ । ਇਸ ਮੌਕੇ ਉਨ੍ਹਾਂ ਨੂੰ ਸਬੰਧਤ ਪਿੰਡਾਂ ਵਿੱਚ ਪ੍ਰਬੰਧਕੀ ਕਮੇਟੀਆਂ ਦੀ ਤਰਫੋਂ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ ਤੇ ਸ਼ਰਧਾ ਤੇ ਸਤਿਕਾਰ ਨਾਲ ਪ੍ਰਕਾਸ਼ ਪੁਰਬ ਨੂੰ ਮਨਾਇਆ ।