ਕੈਬਨਿਟ ਮੰਤਰੀ ਤੇ ਵਿਧਾਇਕ ਨੇ ਕੀਤਾ ਨਹਿਰੀ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ
ਘਨੌਰ, (ਪਟਿਆਲਾ) 29 ਜੁਲਾਈ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਬਰਿੰਦਰ ਗੋਇਲ ਤੇ ਵਿਧਾਇਕ ਗੁਰਲਾਲ ਘਨੌਰ ਵਲੋਂ ਕਰੋੜਾਂ ਦੀ ਲਾਗਤ ਵਾਲੇ ਨਹਿਰੀ ਸਿੰਚਾਈ ਪ੍ਰਾਜੈਕਟ (Canal irrigation project) ਦਾ ਉਦਘਾਟਨ ਕੀਤਾ ਗਿਆ ।
ਕਿੰਨੇ ਕਰੋੜ ਦੀ ਲਾਗਤ ਨਾਲ ਤਿਆਰ ਹੋਇਆ ਹੈ ਇਹ ਪ੍ਰਾਜੈਕਟ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ (Birinder Goyal) ਅਤੇ ਵਿਧਾਇਕ ਗੁਰਲਾਲ ਘਨੌਰ ਨੇ ਜੋ ਅੱਜ ਪਿੰਡ ਕੋਲ੍ਹੇਮਾਜਰਾ ਵਿਖੇ ਨਹਿਰੀ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ ਹੈ ਉਹ 26. 73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਇਹ ਪ੍ਰਾਜੈਕਟ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਇਕ ਵੱਡਾ ਤੋਹਫ਼ਾ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ (Punjab Government) ਨੇ ਇਸ ਇਲਾਕੇ ਦੇ ਕਿਸਾਨਾਂ ਦੀ ਆਜ਼ਾਦੀ ਤੋਂ ਪਹਿਲਾਂ ਤੋਂ ਚੱਲੀ ਆ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਆਪਣਾ ਵਾਅਦਾ ਨਿਭਾਇਆ ਹੈ ।
ਨਹਿਰੀ ਪਾਣੀ ਖੇਤਾਂ ਤੱਕ ਪਹੁੰਚ ਕੇ ਦਿੱਤੀ ਗਈ ਹੈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਲੀ ਮੁਹਿੰਮ ਨੂੰ
ਮਜ਼ਬੂਤੀ
ਬਰਿੰਦਰ ਗੋਇਲ ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਬਾਰੇ ਵਿਭਾਗ ਵੀ ਹਨ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੀ ਵਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਤਹੱਈਆ ਕਰਦਿਆਂ ਅਜਾਈਂ ਵਹਿ ਜਾਂਦੇ ਨਹਿਰੀ ਪਾਣੀ ਨੂੰ ਵੱਡੇ ਪੱਧਰ ‘ਤੇ ਸਿੰਚਾਈ ਲਈ ਵਰਤਿਆ ਹੈ । ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਮੁਹਿੰਮ ਨੂੰ ਮਜ਼ਬੂਤੀ ਦਿੱਤੀ ਗਈ ਹੈ ।
15129 ਏਕੜ ਰਕਬੇ ਨੂੰ ਲਿਆਂਦਾ ਗਿਆ ਹੈ ਪਹਿਲੀ ਵਾਰ ਨਹਿਰੀ ਸਿੰਚਾਈ ਅਧੀਨ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਨੌਰ ਹਲਕੇ ਦੇ ਨੇੜੇ ਨਹਿਰ ਲੰਘਦੀ ਹੋਣ ਦੇ ਬਾਵਜੂਦ ਕਈ ਪਿੰਡ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਭਗਵੰਤ ਮਾਨ ਸਰਕਾਰ ਨੇ ਹੁਣ ਉਨ੍ਹਾਂ ਖੇਤਾਂ ਤੱਕ ਵੀ ਪਾਣੀ ਪਹੁੰਚਾ ਦਿੱਤਾ ਹੈ ।
ਉਨ੍ਹਾਂ ਦੱਸਿਆ ਕਿ ਵਿਧਾਇਕ ਗੁਰਲਾਲ ਘਨੌਰ ਦੀ ਪਹਿਲ ਕਦਮੀ ਸਦਕਾ ਹਲਕਾ ਘਨੌਰ ਵਿੱਚ 22.23 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਲਿਫ਼ਟਿੰਗ ਸਿਸਟਮ (ਪੁਰਾਣਾ ਨਾਮ ਰਾਜਖਾਂਟ, ਬਨੂੜ ਕੈਨਾਲ) ਰਾਹੀਂ 36.39 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾ ਕੇ 38 ਪਿੰਡਾਂ ਨੂੰ ਨਹਿਰੀ ਪਾਣੀ ਦਾ ਲਾਭ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਨਾਲ 15,129 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਸਿੰਚਾਈ ਅਧੀਨ ਲਿਆਂਦਾ ਗਿਆ ਹੈ ।
ਸਰਕਾਰ ਨੇ ਹੜ੍ਹਾਂ ਤੋਂ ਬਚਾਅ ਲਈ ਖਰਚ ਕੀਤੇ ਹਨ 450 ਕਰੋੜ
ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਨੇ ਦੱਸਿਆ ਕਿ ਇਸ ਤੋਂ ਇਲਾਵਾ ਹਲਕਾ ਘਨੌਰ ਵਿੱਚ ਪੈਂਦੇ ਘੜਾਮ ਰਜਬਾਹੇ ਦੇ 2.44 ਕਿਲੋਮੀਟਰ ਖੇਤਰ ਨੂੰ 4.50 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ, ਜਿਸ ਨਾਲ ਲਾਭ ਪ੍ਰਾਪਤ ਕਰਨ ਵਾਲੇ 4 ਪਿੰਡਾਂ ਵਿੱਚ 1,803 ਏਕੜ ਰਕਬੇ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਲਈ ਰਾਜ ਭਰ ਵਿਚ 450 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਪਿਛਲੇ ਪੰਜਾਹ ਸਾਲਾਂ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਕੰਮ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਕੱਲੇ ਘਨੌਰ ਹਲਕੇ ਵਿੱਚ ਘੱਗਰ ਨਦੀ ‘ਤੇ ਹੜ੍ਹਾਂ ਤੋਂ ਬਚਾਅ ਲਈ 13 ਕਰੋੜ ਰੁਪਏ ਖਰਚੇ ਗਏ ਹਨ ।
