

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਤੀਜੀ 'ਪਹਿਲ ਹੌਜਰੀ ' ਦਾ ਉਦਘਾਟਨ 400 ਦੇ ਕਰੀਬ ਔਰਤਾਂ ਨੂੰ ਮਿਲੇਗਾ ਰੁਜ਼ਗਾਰ, ਸਕੂਲੀ ਵਰਦੀਆਂ ਕੀਤੀਆਂ ਜਾਣਗੀਆਂ ਤਿਆਰ ਸੰਗਰੂਰ ਪ੍ਰਸ਼ਾਸਨ ਵੱਲੋਂ ਮਹਿਲਾ ਸਸ਼ਕਤੀਕਰਨ ਵੱਲ ਇੱਕ ਹੋਰ ਸਾਰਥਕ ਪੁਲਾਂਘ ਮੂਨਕ/ ਸੰਗਰੂਰ , 17 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਸਬ ਡਵੀਜ਼ਨ ਦੇ ਪਿੰਡ ਹਮੀਰਗੜ੍ਹ ਵਿਖੇ ਜਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਥਾਪਿਤ ਕੀਤੀ ਗਈ ਪਹਿਲ ਹੌਜਰੀ ਦਾ ਉਦਘਾਟਨ ਕੀਤਾ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਔਰਤਾਂ ਦਾ ਵਿੱਤੀ ਪੱਧਰ ਉੱਚਾ ਚੁੱਕਣ ਲਈ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਚਲਾਏ ਜਾ ਰਹੇ ਸਵੈ ਸਹਾਇਤਾ ਸਮੂਹ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੇ ਹਨ । ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਵਿੱਚ ਦੋ ਪਹਿਲ ਹੌਜਰੀਆਂ ਸਫਲਤਾਪੂਰਵਕ ਚੱਲ ਰਹੀਆਂ ਹਨ ਅਤੇ ਇਹ ਤੀਜੀ ਹੌਜਰੀ ਵੀ ਲਗਭਗ 400 ਪੇਂਡੂ ਔਰਤਾਂ ਨੂੰ ਸਵੈ-ਰੁਜ਼ਗਾਰ ਦੇ ਸਮਰੱਥ ਬਣਾਉਣ ਵਿੱਚ ਸਫਲ ਸਾਬਤ ਹੋਵੇਗੀ । ਉਨ੍ਹਾਂ ਦੱਸਿਆ ਕਿ ਇਸ ਹੌਜ਼ਰੀ ਰਾਹੀਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਰਦੀਆਂ ਤਿਆਰ ਕਰਵਾਈਆਂ ਜਾਣਗੀਆਂ । ਸ਼੍ਰੀ ਗੋਇਲ ਨੇ ਕਿਹਾ ਕਿ ਪਿੰਡਾਂ ਦੀਆਂ ਮਹਿਲਾਵਾਂ ਸਿਲਾਈ, ਕਢਾਈ ਦੇ ਖੇਤਰ ਵਿੱਚ ਚੰਗੀ ਮੁਹਾਰਤ ਰੱਖਦੀਆਂ ਹਨ ਅਤੇ ਜਦੋਂ ਉਹ ਆਪਣੇ ਘਰਾਂ ਵਿੱਚ ਰਹਿੰਦੇ ਹੋਏ ਹੀ ਇਸ ਹੌਜ਼ਰੀ ਲਈ ਸਿਲਾਈ ਸੇਵਾਵਾਂ ਪ੍ਰਦਾਨ ਕਰਦੇ ਹੋਏ ਵਿੱਤੀ ਲਾਭ ਹਾਸਲ ਕਰਨਗੀਆਂ ਤਾਂ ਇਨ੍ਹਾਂ ਔਰਤਾਂ ਦਾ ਮਨੋਬਲ ਵਧੇਗਾ ਤੇ ਆਪਣੀ ਜਿੰਮੇਵਾਰੀ ਨੂੰ ਹੋਰ ਵੀ ਤਨਦੇਹੀ ਨਾਲ ਨਿਭਾਉਣਗੀਆਂ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ‘ਪਹਿਲ ਹੌਜ਼ਰੀ’ ਨੂੰ ਲੋੜੀਂਦੀ ਮਸ਼ੀਨਰੀ ਪ੍ਰਸ਼ਾਸਨਿਕ ਸਹਿਯੋਗ ਨਾਲ ਮੁਹੱਈਆ ਕਰਵਾਈ ਗਈ ਹੈ ਅਤੇ ਮਹਿਲਾਵਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਅਜਿਹੇ ਹੋਰ ਯਤਨਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ । ਇਸ ਮੌਕੇ ਪੀ.ਏ ਰਾਕੇਸ਼ ਕੁਮਾਰ ਗੁਪਤਾ, ਪਰਮਪਾਲ ਸਿੰਘ ਸਾਬਕਾ ਚੇਅਰਮੈਨ, ਜਸਪਾਲ ਸਿੰਘ, ਸਤੀਸ਼ ਕੁਮਾਰ, ਮਿਠੂ ਸੈਣੀ, ਰਿੰਕੂ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਆਗੂ ਵੀ ਹਾਜ਼ਰ ਸਨ ।