post

Jasbeer Singh

(Chief Editor)

Patiala News

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

post-img

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ -ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ ਦੀਆਂ ਮੁਸ਼ਕਲਾਂ ਜਲਦ ਹੋਣਗੀਆਂ ਹੱਲ : ਡਾ. ਬਲਬੀਰ ਸਿੰਘ -ਕਿਹਾ, ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਫ਼ੌਰੀ ਤੌਰ 'ਤੇ ਕਾਰਵਾਈ ਸ਼ੁਰੂ ਕੀਤੀ ਜਾਵੇ -ਐਸ.ਐਸ.ਟੀ ਨਗਰ ਤੇ ਨਰਿੰਦਰਾ ਐਨਕਲੇਵ ਦੀਆਂ ਸੜਕਾਂ ਦੀ ਮੁਰੰਮਤ ਜਲਦ ਕੀਤੀ ਜਾਵੇਗੀ ਪਟਿਆਲਾ, 19 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਸੁਧਾਰ ਟਰੱਸਟ ਪਟਿਆਲਾ ਅਧੀਨ ਪੈਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਵੀ ਮੌਜੂਦ ਸਨ । ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿਖੇ ਕੀਤੀ ਬੈਠਕ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐਸ.ਐਸ.ਟੀ ਨਗਰ ਅਤੇ ਨਰਿੰਦਰਾ ਐਨਕਲੇਵ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਦਾ ਜਲਦ ਹੱਲ ਕੀਤਾ ਜਾਵੇਗਾ ਅਤੇ ਇਥੋ ਦੇ ਵਸਨੀਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਫ਼ੌਰੀ ਤੌਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀਆਂ ਕਲੋਨੀਆਂ ਦੇ ਵਸਨੀਕਾਂ ਨੂੰ ਪਾਣੀ ਤੇ ਸੀਵਰੇਜ ਦੇ ਕਨੈਕਸ਼ਨ ਲੈਣ 'ਚ ਆਉਂਦੀ ਸਮੱਸਿਆ ਸਮੇਤ ਸੜਕਾਂ, ਗਲੀਆਂ, ਸਟਰੀਟ ਲਾਈਟਾਂ ਤੇ ਪਾਰਕਾਂ ਦੇ ਰੱਖ ਰਖਾਅ ਸਬੰਧੀ ਆਉਂਦੀ ਮੁਸ਼ਕਲ ਨੂੰ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਹ ਕਲੋਨੀਆਂ ਸੰਨ 1973 ਦੀਆਂ ਬਣੀਆਂ ਹੋਈਆਂ ਹਨ ਪਰ ਪਿੱਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਦੇ ਵਿਕਾਸ ਵੱਲ ਧਿਆਨ ਨਾ ਦੇਣ ਕਾਰਨ ਇਹ ਵਿਕਾਸ ਪੱਖੋਂ ਪੱਛੜ ਗਈਆਂ ਹਨ, ਜਿਨ੍ਹਾਂ ਦਾ ਹੁਣ ਤੇਜ਼ੀ ਨਾਲ ਵਿਕਾਸ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ 'ਚ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਵੀ ਯੋਜਨਾ ਉਲੀਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ੌਰੀ ਤੌਰ 'ਤੇ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਬਰਸਾਤ ਦਾ ਮੌਸਮ ਲੰਘਣ ਤੋਂ ਬਾਅਦ ਸੜਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਨੋਡਲ ਅਫ਼ਸਰ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਕਲੋਨੀਆਂ ਦੇ ਵਸਨੀਕ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇ ਤਾਂ ਜੋ ਉਹ ਆਪਣੀ ਦਿੱਤੀ ਪ੍ਰਤੀਬੇਨਤੀ ਦਾ ਫੋਲੋਅੱਪ ਵੀ ਲੈ ਸਕਣ। ਇਸ ਮੌਕੇ ਕੈਬਨਿਟ ਮੰਤਰੀ ਨੇ ਕਲੋਨੀਆਂ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਮੱਸਿਆਵਾਂ ਦੇ ਹੱਲ ਲਈ ਸੋਮਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਨਾਲ ਬੈਠਕ ਕਰਕੇ ਕਲੋਨੀਆਂ 'ਚ ਹੋਣ ਵਾਲੇ ਕੰਮਾਂ ਨੂੰ ਸਮਾਂਬੱਧ ਕੀਤਾ ਜਾਵੇਗਾ ਅਤੇ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵੀ ਤੈਅ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਿਅਕਤੀ ਤੱਕ ਸਾਰੀਆਂ ਬੁਨਿਆਦੀ ਸਹੂਲਤ ਪਹੁੰਚਾਉਣ ਲਈ ਵਚਨਬੱਧ ਹੈ ਤੇ ਇਸ ਮਕਸਦ ਨੂੰ ਪੂਰਾ ਕਰਨ ਲਈ 24 ਘੰਟੇ ਕੰਮ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਜਗਤਾਰ ਸਿੰਘ, ਕਰਨਲ ਜੇ.ਵੀ ਸਿੰਘ ਤੇ ਹਰਪ੍ਰੀਤ ਸਿੰਘ ਸੰਧੂ ਵੀ ਮੌਜੂਦ ਸਨ ।

Related Post