
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘ
- by Jasbeer Singh
- April 11, 2025

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਦਾ ਸੱਦਾ ਦਿੜ੍ਹਬਾ ਹਲਕੇ 'ਤੇ ਲੱਗਿਆ ਪਛੜੇਪਣ ਦਾ ਦਾਗ ਮਾਨ ਸਰਕਾਰ ਨੇ ਵਿਕਾਸ ਕਾਰਜਾਂ ਦੀ ਹਨੇਰੀ ਨਾਲ ਮਿਟਾਇਆ: ਹਰਪਾਲ ਸਿੰਘ ਚੀਮਾ ਨਸ਼ਿਆਂ ਦੇ ਖਾਤਮੇ ਲਈ ਨਾਗਰਿਕਾਂ ਤੋਂ ਸਰਗਰਮ ਸਹਿਯੋਗ ਮੰਗਿਆ ਸਰਕਾਰੀ ਹਾਈ ਸਕੂਲ ਉਗਰਾਹਾਂ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਦਿੜ੍ਹਬਾ/ਸੰਗਰੂਰ, 11 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ 41 ਲੱਖ 28 ਹਜ਼ਾਰ ਦੀ ਲਾਗਤ ਨਾਲ ਬਣਵਾਏ 3 ਤਿੰਨ ਕਲਾਸ ਰੂਮ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਰਵੋਤਮ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਸਕੂਲੀ ਸਿੱਖਿਆ ਨੂੰ ਕੌਮਾਂਤਰੀ ਪੱਧਰ ਦਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾਣਗੀਆਂ ਅਤੇ ਅਸੀਂ ਉਸ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਪੂਰੀ ਤਰ੍ਹਾਂ ਸਰਗਰਮ ਹਾਂ, ਜਿਸ ਤਹਿਤ ਪਿਛਲੇ 3 ਸਾਲਾਂ ਅੰਦਰ ਅਨੇਕਾਂ ਸਿੱਖਿਆ ਪ੍ਰੋਜੈਕਟ ਸਫ਼ਲਤਾ ਨਾਲ ਲਾਗੂ ਕੀਤੇ ਗਏ ਹਨ ਅਤੇ ਆਉਂਦੇ 2 ਸਾਲਾਂ ਅੰਦਰ ਹੋਰ ਮਿਸਾਲੀ ਕਾਰਜ ਕਰਵਾਏ ਜਾਣਗੇ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਵਿਸ਼ਾ ਆਧਾਰਿਤ ਲੈਬ, ਨਵੇਂ ਕਲਾਸਰੂਮ, ਲਾਇਬ੍ਰੇਰੀਆਂ, ਖੇਡ ਮੈਦਾਨ, ਬੈਂਚ ਤੇ ਹੋਰ ਫਰਨੀਚਰ ਮੁਹੱਈਆ ਕਰਵਾਇਆ ਗਿਆ ਹੈ ਜਿਸ ਨਾਲ ਸਕੂਲਾਂ ਦਾ ਕਾਇਆ ਕਲਪ ਹੋਇਆ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਤਾਂ ਜ਼ੋ ਆਉਣ ਵਾਲੇ ਸਮੇਂ ਵਿੱਚ ਬੱਚੇ ਵੀ ਆਪਣੀ ਕਾਬਲੀਅਤ ਨਾਲ ਨਾ ਕੇਵਲ ਸਕੂਲ ਬਲਕਿ ਸੂਬੇ ਦਾ ਨਾਮ ਰੌਸ਼ਨ ਕਰਨ ਦੇ ਸਮਰੱਥ ਬਣ ਸਕਣ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 118 ਸਕੂਲ ਆਫ਼ ਐਮੀਨੈਂਸ ਬਣਾਏ ਗਏ ਹਨ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਫਿਨਲੈਂਡ, ਸਿੰਘਾਪੁਰ ਆਦਿ ਵਿੱਚ ਵਿਦਿਅਕ ਦੌਰੇ ਕਰਵਾਏ ਗਏ ਹਨ ਤਾਂ ਜ਼ੋ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ ਕੌਮਾਂਤਰੀ ਪੱਧਰ ਦੀਆਂ ਤਕਨੀਕਾਂ ਨਾਲ ਪੜ੍ਹਾਈ ਕਰਵਾਈ ਜਾ ਸਕੇ । ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਦਿੜ੍ਹਬਾ ਹਲਕੇ 'ਤੇ ਲੱਗਿਆ ਪਛੜੇਪਣ ਦਾ ਦਾਗ ਮਾਨ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੀ ਹਨੇਰੀ ਨਾਲ ਪੂਰੀ ਤਰ੍ਹਾਂ ਮਿਟਾ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਪਿੰਡਾਂ ਦਾ ਵਿਕਾਸ ਕਰ ਰਹੀਆਂ ਹਨ ਅਤੇ ਨਗਰ ਪੰਚਾਇਤਾਂ ਦੇ ਸਰਗਰਮ ਅਹੁਦੇਦਾਰਾਂ ਰਾਹੀਂ ਸ਼ਹਿਰੀ ਵਿਕਾਸ ਜੋਸ਼ੋ ਖਰੋਸ਼ ਨਾਲ ਚੱਲ ਰਿਹਾ ਹੈ । ਉਨ੍ਹਾਂ ਨੇ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਵਿੱਚ ਸਭ ਨਾਗਰਿਕਾਂ ਨੂੰ ਵਧ ਚੜ੍ਹ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੇ ਵੱਧ ਤੋਂ ਵੱਧ ਸਮੇਂ ਨੂੰ ਪੜ੍ਹਾਈ ਵਿੱਚ ਲਗਾਇਆ ਜਾਵੇ ਕਿਉਂਕਿ ਪੜ੍ਹਾਈ ਨਾਲ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ । ਉਨ੍ਹਾਂ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਹੁਨਰ ਦੀ ਪਛਾਣ ਕਰਨ ਅਤੇ ਦਿਲਚਸਪੀ ਲੈ ਕੇ ਅਣਤਰਾਸ਼ੇ ਹੀਰਿਆਂ ਨੂੰ ਤਰਾਸ਼ਣ ਵਿੱਚ ਵਡਮੁੱਲਾ ਯੋਗਦਾਨ ਪਾਉਣ । ਉਨ੍ਹਾਂ ਨੇ ਸਕੂਲ ਦੇ ਚੌਗਿਰਦੇ ਨੂੰ ਖੂਬਸੂਰਤ ਤੇ ਹਰਿਆਵਲ ਭਰਪੂਰ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ । ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਹਾਈ ਸਕੂਲ ਉਗਰਾਹਾਂ ਦੇ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਅਤੇ ਸਕੂਲ ਇੰਚਾਰਜ ਵੱਲੋਂ ਸਕੂਲ ਦੀਆਂ ਹੋਰ ਅਹਿਮ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ । ਇਸ ਦੌਰਾਨ ਚੇਅਰਮੈਨ ਨਗਰ ਸੁਧਾਰ ਟਰੱਸਟ ਹਰਪ੍ਰੀਤ ਸਿੰਘ ਪੀਤੂ, ਐਸ. ਡੀ. ਐਮ. ਸੁਨਾਮ ਪ੍ਰਮੋਦ ਸਿੰਗਲਾ, ਓ. ਐਸ. ਡੀ. ਤਪਿੰਦਰ ਸਿੰਘ ਸੋਹੀ, ਐਸ. ਪੀ. ਨਵਰੀਤ ਸਿੰਘ ਵਿਰਕ, ਡੀ. ਐਸ. ਪੀ. ਰੁਪਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ, ਹੈਡ ਮਿਸਟਰੈਸ ਸੁਖਬੀਰ ਕੌਰ, ਬਲਾਕ ਨੋਡਲ ਅਫਸਰ ਚੀਮਾ ਬਿਪਨ ਚਾਵਲਾ, ਬਲਾਕ ਨੋਡਲ ਅਫਸਰ ਸੁਨਾਮ—1 ਮਨੀਸ਼ਾ ਮਹਿਤਾ, ਸਰਪੰਚ ਗੁਰਪ੍ਰੀਤ ਸਿੰਘ ਸਿੱਧੂ ਸਮੇਤ ਅਧਿਆਪਕ, ਵਿਦਿਆਰਥੀ ਤੇ ਪਿੰਡ ਵਾਸੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.