post

Jasbeer Singh

(Chief Editor)

Punjab

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਛਾਜਲੀ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 80 ਲੱਖ ਦਾ ਚੈੱਕ ਭੇਟ

post-img

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਛਾਜਲੀ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 80 ਲੱਖ ਦਾ ਚੈੱਕ ਭੇਟ ਪਿੰਡ ਵਿੱਚ ਬਣਾਏ ਜਾਣਗੇ 02 ਪਾਰਕ ਤੇ 01 ਖੇਡ ਸਟੇਡੀਅਮ ਦਿੜ੍ਹਬਾ/ਸੁਨਾਮ, 14 ਜੁਲਾਈ 2025 : ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਛਾਜਲੀ ਵਿਖੇ ਵਿਕਾਸ ਕਾਰਜਾਂ ਲਈ 80 ਲੱਖ ਰੁਪਏ ਦਾ ਚੈੱਕ ਪੰਚਾਇਤ ਨੂੰ ਸੌਂਪਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਵਿੱਚ 65 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ, ਪਿੰਡ ਦੀ ਰੋਜਾ ਪੱਤੀ ਵਿਖੇ ਕਰੀਬ 05 ਲੱਖ ਰੁਪਏ ਦੀ ਲਾਗਤ ਨਾਲ ਅਤੇ ਕਾਹਲ ਪੱਤੀ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਬਣਾਏ ਜਾਣਗੇ । ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਖੇਡ ਸਟੇਡੀਅਮ ਅਤੇ ਪਾਰਕਾਂ ਦੀ ਮੰਗ ਕੀਤੀ ਜਾ ਰਹੀ ਸੀ, ਜਿਹੜੀ ਕਿ ਹੁਣ ਪੂਰੀ ਹੋ ਰਹੀ ਹੈ। ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਮੁਕੰਮਲ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਅਮਲ ਵਿੱਚ ਲਿਆਂਦੇ ਗਏ ਹਨ ਤੇ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਲਈ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਸਟੇਡੀਅਮ ਬਣਾਏ ਅਤੇ ਜਿੰਮ ਖੋਲ੍ਹੇ ਜਾ ਰਹੇ ਹਨ । ਇਸ ਦੇ ਨਾਲ-ਨਾਲ ਪਿੰਡਾਂ ਵਿੱਚ ਪਾਰਕ ਬਨਾਉਣ ਵੱਲ ਵੀ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਸੈਰ ਕਰਨ, ਕਸਰਤ ਕਰਨ ਅਤੇ ਬੱਚਿਆਂ ਨੂੰ ਖੇਡਣ ਲਈ ਸਾਫ਼ ਸੁਥਰਾ ਤੇ ਸ਼ੁੱਧ ਵਾਤਾਵਰਨ ਮਿਲੇਗਾ । ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਪਿੰਡਾਂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ-ਨਾਲ ਪਿੰਡਾਂ ਵਿੱਚ ਖੇਡ ਸਟੇਡੀਅਮ, ਕਮਿਊਨਿਟੀ ਹਾਲ, ਲਾਇਬਰੇਰੀਆਂ, ਸਟਰੀਟ ਲਾਈਟਾਂ, ਗਲੀਆਂ, ਸਮੇਤ ਵੱਖ-ਵੱਖ ਸਹੂਲਤਾਂ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ । ਸ. ਚੀਮਾ ਨੇ ਦੱਸਿਆ ਕਿ ਸਾਰੇ ਹੀ ਵਿਕਾਸ ਕਾਰਜ ਇਸ ਦੂਰਅੰਦੇਸ਼ੀ ਨਾਲ ਕਰਵਾਏ ਜਾ ਰਹੇ ਹਨ ਕਿ ਛੇਤੀ ਕਿਤੇ ਇਨ੍ਹਾਂ ਵਿੱਚ ਕੋਈ ਤਬਦੀਲੀ ਨਾ ਕਰਨੀ ਪਵੇ ਅਤੇ ਲੰਮੇ ਸਮੇਂ ਤਕ ਲੋਕ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਂਦੇ ਰਹਿਣ। ਉਨ੍ਹਾਂ ਕਿਹਾ ਕਿ ਹਲਕਾ ਦਿੜ੍ਹਬਾ ਨੂੰ ਸੂਬੇ ਦਾ ਅੱਵਲ ਦਰਜੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਹਲਕੇ ਦੀਆਂ ਵੱਡੀ ਗਿਣਤੀ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਕਾਫੀ ਸੜਕਾਂ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਉਹਨਾਂ ਕਿਹਾ ਕਿ ਕਿਸੇ ਵੀ ਖਿੱਤੇ ਦੀ ਤਰੱਕੀ ਲਈ ਚੰਗੀਆਂ ਸੜਕਾਂ ਲਾਜ਼ਮੀ ਹਨ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਸੜਕਾਂ ਦੀ ਕਾਇਆ ਕਲਪ ਵੱਲ ਵੀ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਮੌਕੇ ਮਾਰਕਿਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਗੁਰਬਿਆਸ ਸਿੰਘ ਸਰਪੰਚ, ਸੰਸਾਰ ਸਿੰਘ ਪੰਚ, ਦੀਪ ਪੰਚ, ਬਲਜੀਤ ਸਿੰਘ ਪੰਚ, ਪਰਗਟ ਸਿੰਘ ਪੰਚ, ਹੁਸਨਪ੍ਰੀਤ ਸਿੰਘ ਪੰਚ, ਦਲਜੀਤ ਸਿੰਘ ਪੰਚ, ਗੁਰਸੇਵਕ ਸਿੰਘ ਪੰਚ, ਚਮਕੌਰ ਸਿੰਘ ਪੰਚ, ਅਜੀਤ ਸਿੰਘ ਪੰਚ, ਸੋਨੀ ਫੌਜੀ, ਹਰਵਿੰਦਰ ਸਿੰਘ, ਬਬਲਾ ਵਾਲੀਆ, ਰਿੰਕਾ, ਵਿੱਕੀ ਵਾਲੀਆ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ।

Related Post