
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ : ਸ਼ੌਕਤ ਅਹਿਮਦ ਪਰੇ
- by Jasbeer Singh
- August 13, 2024

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ : ਸ਼ੌਕਤ ਅਹਿਮਦ ਪਰੇ -ਆਜ਼ਾਦੀ ਦਿਹਾੜੇ ਸਬੰਧੀ ਫੁਲ ਡਰੈਸ ਰਿਹਰਸਲ, ਡੀ.ਸੀ. ਤੇ ਐਸ.ਐਸ.ਪੀ. ਨੇ ਲਿਆ ਜਾਇਜ਼ਾ -ਪੁਲਿਸ ਵੱਲੋਂ ਸਖ਼ਤ ਸੁਰੱਖਿਆ ਇੰਤਜਾਮ, ਸ਼ੱਕੀ ਜਾਂ ਲਾਵਾਰਸ ਵਸਤੂ ਬਾਰੇ ਪੁਲਿਸ ਨੂੰ ਸੂਚਿਤ ਕਰਨ ਲੋਕ-ਐਸ.ਐਸ.ਪੀ. ਪਟਿਆਲਾ, 13 ਅਗਸਤ : ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇੱਥੇ ਫੁਲ ਡਰੈਸ ਰਿਹਰਸਲ ਹੋਈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਇਸ ਰਿਹਰਸਲ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਆਰਥਿਕ ਤੇ ਅੰਕੜਾ ਸੰਗਠਨ ਮੰਤਰੀ ਸ. ਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ। ਫੁਲ ਡਰੈਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਦੀ ਅਗਵਾਈ ਹੇਠ ਆਈ.ਟੀ.ਬੀ.ਪੀ, ਜ਼ਿਲ੍ਹਾ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਦੀ ਇੱਕ ਟੁਕੜੀ, ਪੰਜਾਬ ਹੋਮਗਾਰਡਜ, ਚੌਥੀ ਗਰਲਜ਼ ਬਟਾਲੀਅਨ ਐਨ.ਸੀ.ਸੀ. ਆਰਮੀ ਵਿੰਗ, ਪੰਜਵੀਂ ਪੰਜਾਬ ਐਨ.ਸੀ.ਸੀ. ਆਰਮੀ ਵਿੰਗ ਸਮੇਤ ਪੰਜਾਬ ਪੁਲਿਸ ਦੇ ਆਈ.ਆਰ.ਬੀ. ਦੇ ਪਾਈਪ ਬੈਂਡ ਦੀ ਟੁਕੜੀ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੂਹਾਂ ਦਿੱਤੇ ਜਾਣ ਬਾਬਤ ਅਧਿਕਾਰੀਆਂ ਨਾਲ ਇੱਕ ਬੈਠਕ ਵੀ ਕੀਤੀ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜਾਮ ਕੀਤੇ ਹਨ ਅਤੇ ਲੋੜੀਂਦੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਸਮਾਗਮ ਦੇ ਮੱਦੇਨਜ਼ਰ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਲਾਵਾਰਸ ਵਸਤੂ ਨੂੰ ਹੱਥ ਨਾ ਲਗਾਉਣ ਅਤੇ ਕਿਸੇ ਵੀ ਅਜਿਹੀ ਲਾਵਾਰਸ ਜਾਂ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਦਾ ਹੈ, ਇਸ ਬਾਰੇ ਸੂਚਨਾ ਨੇੜਲੇ ਪੁਲਿਸ ਥਾਣੇ, ਚੌਂਕੀ, ਨਾਕੇ ਜਾਂ ਪੀ.ਸੀ.ਆਰ. ਟੀਮ ਨੂੰ ਦੇਣ ਸਮੇਤ ਜਾਂ ਪੁਲਿਸ ਹੈਲਪਲਾਈਨ ਨੰਬਰ 112 ਨੰਬਰ 'ਤੇ ਦਿੱਤੀ ਜਾ ਸਕਦੀ ਹੈ। ਇਸ ਮੌਕੇ ਏ.ਡੀ.ਸੀ. (ਜ) ਮੈਡਮ ਕੰਚਨ, ਏ.ਡੀ.ਸੀ. (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਪੀ. ਮੁਹੰਮਦ ਸਰਫਰਾਜ਼ ਆਲਮ, ਐਸ.ਪੀ. ਹਰਵੰਤ ਕੌਰ, ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਸਹਾਇਕ ਕਮਿਸ਼ਨਰ (ਜ) ਮਨਜੀਤ ਕੌਰ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.