ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਗੋਇਲ ਵੱਲੋਂ ਘੱਗਰ ਨਾਲ ਲੱਗਦੇ ਇਲਾਕਿਆਂ ਦਾ ਦੌਰਾ
- by Jasbeer Singh
- September 2, 2025
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਗੋਇਲ ਵੱਲੋਂ ਘੱਗਰ ਨਾਲ ਲੱਗਦੇ ਇਲਾਕਿਆਂ ਦਾ ਦੌਰਾ - ਘੱਗਰ ਵਿੱਚ ਪਾਣੀ ਵਧਿਆ ਪਰ ਹਾਲਾਤ ਸਾਲ 2023 ਨਾਲੋਂ ਬਿਹਤਰ - ਅਰੋੜਾ ਤੇ ਗੋਇਲ - ਘੱਗਰ ਵਿੱਚ ਇਸ ਵੇਲੇ 12000 ਕਿਊਸਿਕ ਪਾਣੀ ਚੱਲ ਰਿਹਾ, ਸੰਭਾਲਣ ਦੀ ਸਮਰੱਥਾ 12200 ਕਿਊਸਿਕ - ਕਿਹਾ! ਸੂਬੇ ਨੂੰ ਇਸ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਜਾਰੀ ਮਕਰੋੜ ਸਾਹਿਬ/ਮੂਣਕ, 2 ਸਤੰਬਰ 2025 : ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬੱਦਲ ਫਟਣ ਕਾਰਨ ਘੱਗਰ ਦਰਿਆ ਵਿੱਚ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਕਰੋੜ ਸਾਹਿਬ ਦਾ ਦੌਰਾ ਕੀਤਾ । ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐੱਸ. ਡੀ. ਐੱਮ. ਮੂਣਕ ਸੂਬਾ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਾਜ਼ਰ ਸਨ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੋੜਾ ਅਤੇ ਗੋਇਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੰਜਾਬ ਨੂੰ ਕੁਦਰਤ ਦੀ ਬਹੁਤ ਵੱਡੀ ਮਾਰ ਪਈ ਹੈ। ਪੰਜਾਬ ਇਸ ਵੇਲੇ ਬਹੁਤ ਹੀ ਤਰਸਯੋਗ ਹਾਲਤ ਵਿਚੋਂ ਗੁੱਜਰ ਰਿਹਾ ਹੈ । ਉਹਨਾਂ ਕਿਹਾ ਕਿ ਸੂਬੇ ਨੂੰ ਇਸ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ । ਉਹਨਾਂ ਕਿਹਾ ਕਿ ਹੁਣ ਤੱਕ 15,688 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ, ਰਾਹਤ ਕੈਂਪਾਂ ਵਿੱਚ ਹਜ਼ਾਰਾਂ ਪ੍ਰਭਾਵਿਤ ਨਿਵਾਸੀ ਆਪਣਾ ਸਮਾਂ ਬਤੀਤ ਕਰ ਰਹੇ ਹਨ । ਮੌਜੂਦਾ ਸਮੇਂ 12 ਜ਼ਿਲ੍ਹਿਆਂ ਤੋਂ 1,000 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ ਜਾਂ ਬਹੁਤ ਜ਼ਿਆਦਾ ਪ੍ਰਭਾਵਿਤ ਹਨ । ਅੰਦਾਜ਼ਨ 94,000 ਹੈਕਟੇਅਰ ਖੇਤੀ ਯੋਗ ਜ਼ਮੀਨ, ਜਿਸ ਵਿੱਚ ਵਾਢੀ ਦੇ ਨੇੜੇ ਝੋਨੇ ਦੇ ਖੇਤ ਵੀ ਸ਼ਾਮਲ ਹਨ ਡੁੱਬ ਗਏ ਹਨ । ਘੱਗਰ ਦਰਿਆ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਦਰਿਆ ਵਿੱਚ ਇਸ ਵੇਲੇ 12000 ਕਿਊਸਿਕ ਪਾਣੀ ਚੱਲ ਰਿਹਾ ਹੈ। ਜਦਕਿ ਇਸ ਦੀ ਪਾਣੀ ਸੰਭਾਲਣ ਦੀ ਸਮਰੱਥਾ 12200 ਕਿਊਸਿਕ ਹੈ । ਜਦਕਿ ਪਾਣੀ ਦਾ ਪੱਧਰ 747.7 ਫੁੱਟ ਹੈ ਜਦਕਿ ਖਤਰੇ ਦਾ ਨਿਸ਼ਾਨ 748 ਫੁੱਟ ਉੱਤੇ ਹੈ । ਉਹਨਾਂ ਕਿਹਾ ਕਿ ਸਾਲ 2023 ਵਿੱਚ ਘੱਗਰ ਦਰਿਆ ਵਿੱਚ 753 ਫੁੱਟ ਉੱਤੇ ਪਾੜ ਪਏ ਸਨ । ਉਹਨਾਂ ਕਿਹਾ ਕਿ ਸਾਲ 2023 ਵਿੱਚ ਜਿਹੜੇ 15 ਜਗ੍ਹਾ ਉੱਤੇ ਪਾੜ ਪਏ ਸਨ ਉਨ੍ਹਾਂ ਸਾਰੇ ਕਿਨਾਰਿਆਂ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰ ਦਿੱਤਾ ਗਿਆ ਹੈ। ਪਰ ਇਸ ਸਾਲ ਹਾਲਾਤ 2023 ਨਾਲੋਂ ਬਹੁਤ ਬਿਹਤਰ ਹਨ । ਉਹਨਾਂ ਕਿਹਾ ਕਿ ਮਕਰੋੜ ਸਾਹਿਬ ਤੱਕ ਘੱਗਰ ਦਰਿਆ ਦੀ ਚੌੜਾਈ 598 ਫੁੱਟ ਹੈ ਜਦਕਿ ਇਸ ਤੋਂ ਅੱਗੇ ਚੌੜਾਈ ਘੱਟ ਕੇ 198 ਫੁੱਟ ਰਹਿ ਜਾਂਦੀ ਹੈ, ਜਿਸ ਕਾਰਨ ਅੱਗੇ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਪਾੜ ਪੈ ਜਾਂਦਾ ਹੈ । ਹਰਿਆਣਾ ਸਰਕਾਰ ਵੱਲੋਂ ਮਾਨਯੋਗ ਸੁਪਰੀਮ ਕੋਰਟ ਰਾਹੀਂ ਲਈ ਸਟੇਅ ਦੇ ਚੱਲਦਿਆਂ ਪੰਜਾਬ ਸਰਕਾਰ ਇਸ ਨੂੰ ਹੋਰ ਚੌੜਾ ਨਹੀਂ ਕਰ ਸਕਦੀ । ਉਹਨਾਂ ਲੋਕਾਂ ਵੱਲੋਂ ਮਿਲ ਰਹੇ ਸਹਿਯੋਗ ਅਤੇ ਜ਼ਜਬੇ ਨੂੰ ਸਲਾਮ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਸਾਨੂੰ ਸਾਰਿਆਂ ਧਿਰਾਂ ਨੂੰ ਇਕੱਠੇ ਹੋ ਕੇ ਪੀੜਤ ਲੋਕਾਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ । ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਅਤੇ ਮੁੜ ਵਸੇਬੇ ਦੇ ਯਤਨਾਂ ਦਾ ਸਮਰਥਨ ਕਰਨ ਲਈ ₹60,000 ਕਰੋੜ ਦੇ ਬਕਾਇਆ ਫੰਡ ਜਾਰੀ ਕਰਨ ਅਤੇ ਮੁਆਵਜ਼ਾ ਭੁਗਤਾਨ ਵਧਾ ਕੇ ₹50,000 ਪ੍ਰਤੀ ਏਕੜ ਕਰਨ ਦੀ ਅਪੀਲ ਕੀਤੀ ਹੈ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਲਈ ਜਲਦ ਤੋਂ ਜਲਦ ਇਹ ਫੰਡ ਜਾਰੀ ਕਰਨੇ ਚਾਹੀਦੇ ਹਨ ।ਦੱਸਣਯੋਗ ਹੈ ਕਿ ਮੌਜੂਦਾ ਹੜ੍ਹ ਸਥਿਤੀ ਅਤੇ ਘੱਗਰ ਦਰਿਆ ਵਿੱਚ ਵਧੇ ਹੋਏ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ, ਡਿਪਟੀ ਕਮਿਸ਼ਨਰ ਸੰਗਰੂਰ, ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਸੰਗਰੂਰ ਵਿੱਚੋਂ ਲੰਘਦੇ ਘੱਗਰ ਦਰਿਆ ਦੇ ਕੰਢਿਆਂ 'ਤੇ ਰਾਤ ਦੀ ਚੌਕਸੀ (ਠੀਕਰੀ ਪਹਿਰੇ) ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਕਿਹਾ ਕਿ ਆਲੇ ਦੁਆਲੇ ਦੇ ਖੇਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, 15 ਸੰਵੇਦਨਸ਼ੀਲ ਥਾਵਾਂ ਵਿਖੇ ਜੰਬੋ ਬੈਗਾਂ ਸਮੇਤ ਰੇਤ ਦੀਆਂ ਬੋਰੀਆਂ ਨਾਲ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਿੰਚਾਈ ਅਤੇ ਮਾਲ ਵਿਭਾਗ ਦੇ ਕਰਮਚਾਰੀਆਂ, ਸਥਾਨਕ ਪਿੰਡ ਵਾਸੀਆਂ ਸਮੇਤ, ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਸ਼ਾਮ ਤੋਂ ਸਵੇਰ ਤੱਕ ਇਨ੍ਹਾਂ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰ ਰਹੀਆਂ ਹਨ । ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਰਾਤ ਦੇ ਸਮੇਂ ਦਰਿਆ ਦੇ ਕੰਢਿਆਂ 'ਤੇ ਪੁਲਿਸ ਗਸ਼ਤ ਦੇ ਨਿਰਦੇਸ਼ ਦਿੱਤੇ ਹਨ । ਡਿਪਟੀ ਕਮਿਸ਼ਨਰ ਨੇ ਚੇਤਾਵਨੀ ਦਿੱਤੀ ਕਿ ਦਰਿਆ ਦੇ ਕੰਢਿਆਂ ਨੂੰ ਪਾੜਨ ਜਾਂ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨਾਲ ਕਾਨੂੰਨ ਤਹਿਤ ਸਖ਼ਤੀ ਨਾਲ ਨਜਿੱਠਿਆ ਜਾਵੇਗਾ । ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਗਰੂਰ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ ਦਰਿਆ ਦੇ ਕੰਢਿਆਂ ਦੇ ਆਲੇ-ਦੁਆਲੇ ਘੁੰਮਣ ਜਾਂ ਜਾਣ ਤੋਂ ਬਚਣ। ਸੰਗਰੂਰ ਜ਼ਿਲ੍ਹੇ ਵਿੱਚੋਂ ਪਾਣੀ ਦੇ ਸੁਚਾਰੂ ਨਿਕਾਸ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜਨਤਕ ਸਹਿਯੋਗ ਜ਼ਰੂਰੀ ਹੈ । ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ, ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹ ਸਿੰਚਾਈ ਵਿਭਾਗ ਨਾਲ 87250-29785 'ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ 01672-234196 'ਤੇ ਸੰਪਰਕ ਕਰ ਸਕਦੇ ਹਨ ।
