
ਅੰਮ੍ਰਿਤਸਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਕੇਸ ਨੂੰ 24 ਘੰਟਿਆਂ ਦੇ ਅੰਦਰ ਸੁਲਝਾਇਆ
- by Jasbeer Singh
- August 9, 2025

ਅੰਮ੍ਰਿਤਸਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਕੇਸ ਨੂੰ 24 ਘੰਟਿਆਂ ਦੇ ਅੰਦਰ ਸੁਲਝਾਇਆ ਨਾਬਾਲਗ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼-ਅਧਾਰਤ ਸ਼ਮਸ਼ੇਰ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ, ਗੁਰਪਤਵੰਤ ਪੰਨੂ ਦੇ ਨਿਰਦੇਸ਼ਾਂ 'ਤੇ ਕਾਰਵਾਈ ਨੂੰ ਦਿੱਤਾ ਸੀ ਅੰਜ਼ਾਮ: ਡੀਜੀਪੀ ਗੌਰਵ ਯਾਦਵ ਮੁਲਜ਼ਮਾਂ ਨੂੰ ਪੈਸੇ ਬਦਲੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਲਾਲਚ ਦਿੱਤਾ ਗਿਆ, ਜੋ ਉਨ੍ਹਾਂ ਨੂੰ ਕਦੇ ਮਿਲੇ ਹੀ ਨਹੀਂ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 9 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 24 ਘੰਟਿਆਂ ਅੰਦਰ ਗ੍ਰਿਫਤਾਰ ਕਰਕੇ ਜਨਤਕ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਸਬੰਧੀ ਕੇਸ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ। ਦੱਸਣਯੋਗ ਹੈ ਕਿ ਅਮਰੀਕਾ ਸਥਿਤ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਟਾਲਾ ਦੇ ਦਰਗਾਬਾਦ ਪਿੰਡ ਦਾ ਰਹਿਣ ਵਾਲਾ ਜਸ਼ਨਪ੍ਰੀਤ ਸਿੰਘ (22) ਅਤੇ ਇੱਕ 17 ਸਾਲਾ ਨਾਬਾਲਗ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼-ਅਧਾਰਤ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ, ਜਿਸ ਨੇ ਉਨ੍ਹਾਂ ਨੂੰ ਗੁਰਪਤਵੰਤ ਪੰਨੂ ਦੇ ਨਿਰਦੇਸ਼ਾਂ 'ਤੇ ਇਹ ਕਾਰਵਾਈ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਆਪਣੇ ਸੰਚਾਲਕਾਂ ਤੋਂ ਨਿਰਦੇਸ਼ ਮਿਲਣ ਉਪਰੰਤ ਸੋਸ਼ਲ ਮੀਡੀਆ ਮੋਬਾਈਲ-ਐਪ ਸਨੈਪਚੈਟ ਤੋਂ ਡਿਜ਼ਾਈਨ ਦੇਖ ਕੇ ਇਹ ਖਾਲਿਸਤਾਨ-ਪੱਖੀ ਨਾਅਰੇ ਲਿਖਣ ਦੀ ਕਾਰਵਾਈ ਨੂੰ ਅੰਜ਼ਾਮ ਦਿੱਤਾ, ਪਰ ਉਨ੍ਹਾਂ ਨੂੰ ਵਾਅਦੇ ਅਨੁਸਾਰ ਆਪਣੇ ਕੰਮ ਦਾ ਭੁਗਤਾਨ ਨਹੀਂ ਕੀਤਾ ਗਿਆ । ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ. ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀ. ਸੀ. ਪੀ. ਰਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਜਾਂਚ ਟੀਮ ਜਿਸ ਵਿੱਚ ਏ. ਡੀ. ਸੀ. ਪੀ. ਜਗਬਿੰਦਰ ਸਿੰਘ, ਏ. ਡੀ. ਸੀ. ਪੀ. ਹਰਪਾਲ ਸਿੰਘ, ਏਸੀਪੀ ਹਰਮਿੰਦਰ ਸਿੰਘ, ਏ. ਸੀ. ਪੀ. ਸ਼ਿਵਦਰਸ਼ਨ ਸਿੰਘ ਅਤੇ ਇੰਸਪੈਕਟਰ ਅਮੋਲਕ ਸਿੰਘ (ਇੰਚਾਰਜ ਸੀ. ਆਈ. ਏ.), ਇੰਸਪੈਕਟਰ ਮੋਹਿਤ ਕੁਮਾਰ (ਐਸ. ਐਚ. ਓ. ਛਾਉਣੀ), ਇੰਸਪੈਕਟਰ ਗੁਰਪ੍ਰੀਤ ਸਿੰਘ (ਐਸ. ਐਚ. ਓ . ਸਿਵਲ ਲਾਈਨਜ਼), ਇੰਸਪੈਕਟਰ ਅਮਨਦੀਪ ਕੌਰ (ਐਸ. ਐਚ. ਓ. ਏ ਡਿਵੀਜ਼ਨ) ਸ਼ਾਮਲ ਸਨ, ਨੇ ਮੁਲਜ਼ਮਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਦੀ ਕਾਰਵਾਈ ਤੁਰੰਤ ਸ਼ੁਰੂ ਕਰ ਦਿੱਤੀ । ਪੁਲਸ ਕਮਿਸ਼ਨਰ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੁਭਾਉਣ ਲਈ ਖਾਲਿਸਤਾਨ ਪੱਖੀ ਨਾਅਰੇ ਲਿਖਣ ਬਦਲੇ ਪੈਸੇ ਦਾ ਲਾਲਚ ਦਿੱਤਾ ਗਿਆ ਸੀ, ਜੋ ਉਨ੍ਹਾਂ ਨੂੰ ਕਦੇ ਮਿਲੇ ਹੀ ਨਹੀਂ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜਸ਼ਨਪ੍ਰੀਤ ਨੇ ਨਾਬਾਲਗ ਵਿਅਕਤੀ ਨਾਲ ਮਿਲ ਕੇ ਬਟਾਲਾ ਤੋਂ ਸਪਰੇਅ ਪੇਂਟ ਖਰੀਦਿਆ ਅਤੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ, ਜਿਸ ਉਪਰੰਤ ਉਨ੍ਹਾਂ ਵੱਲੋਂ ਸਬੂਤ ਵਜੋਂ ਸ਼ੇਰਾ ਮਾਨ ਨਾਲ ਇਸ ਕਾਰਵਾਈ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ। ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀ. ਐਨ. ਐਸ.) ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਰੋਕਥਾਮ ਬਾਰੇ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਥਾਣਿਆਂ ਕੰਟੋਨਮੈਂਟ, ਡਿਵੀਜ਼ਨ-ਏ ਅਤੇ ਸਿਵਲ ਲਾਈਨਜ਼ ਵਿਖੇ ਤਿੰਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ।