 
                                              
                              ਸੀਬੀਆਈ ਕੀਤਾ ਸੰਦੀਪ ਘੋਸ਼ ਨੰੁ ਗ੍ਰਿਫ਼ਤਾਰ ਕੋਲਾਕਾਤਾ : ਭਾਰਤ ਦੇਸ਼ ਦੇ ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਸੀਬੀਆਈ ਨੇ ਵਿੱਤੀ ਬੇਨੇਮੀਆਂ ਦੇ ਮਾਮਲੇ ’ਚ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਘੋਸ਼ ਤੋਂ ਅੱਜ 15ਵੇਂ ਦਿਨ ਪੁੱਛ-ਪੜਤਾਲ ਕਰਨ ਮਗਰੋਂ ਗ੍ਰਿਫ਼ਤਾਰੀ ਪਾਈ ਗਈ। ਉੱਧਰ ਮਹਿਲਾ ਡਾਕਟਰ ਨਾਲ ਕਥਿਤ ਜਬਰ ਜਨਾਹ ਮਗਰੋਂ ਉਸ ਦੀ ਹੱਤਿਆ ਦੀ ਘਟਨਾ ਦੇ ਰੋਸ ਵਜੋਂ ਰੈਲੀ ’ਚ ਹਿੱਸਾ ਲੈਣ ਵਾਲੀਆਂ ਫਿਲਮੀ ਹਸਤੀਆਂ ਤੇ ਮਨੁੱਖੀ ਅਧਿਕਾਰ ਬਾਰੇ ਕਾਰਕੁਨਾਂ ਸਮੇਤ ਵੱਡੀ ਗਿਣਤੀ ਲੋਕਾਂ ਨੇ ਰਾਤ ਭਰ ਧਰਨਾ ਦਿੱਤਾ। ਧਰਨਾ ਤੜਕੇ ਚਾਰ ਵਜੇ ਤੱਕ ਜਾਰੀ ਰਿਹਾ। ਇਸੇ ਤਰ੍ਹਾਂ ਕੂਚ ਬਿਹਾਰ ’ਚ ਰੈਲੀ ਕਰ ਰਹੇ ਭਾਜਪਾ ਵਰਕਰਾਂ ਦੀ ਪੁਲੀਸ ਨਾਲ ਝੜਪ ਮਗਰੋਂ ਸਾਬਕਾ ਕੇਂਦਰੀ ਮੰਤਰੀ ਨਿਤੀਸ਼ ਪ੍ਰਮਾਣਿਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਹਜ਼ਾਰਾਂ ਦੀ ਗਿਣਤੀ ’ਚ ਲੋਕ ਰੋਸ ਮਾਰਚ ’ਚ ਸ਼ਾਮਲ ਹੋਏ ਅਤੇ ਰੈਲੀ ਦੇ ਅਖੀਰ ’ਚ ਉਹ ਮੱਧ ਕੋਲਕਾਤਾ ਦੇ ਐਸਪਲੇਨੇਡ ਖੇਤਰ ’ਚ ਧਰਨੇ ’ਤੇ ਬੈਠ ਗਏ। ਉਨ੍ਹਾਂ ਪੀੜਤ ਡਾਕਟਰ ਲਈ ਇਨਸਾਫ ਦੀ ਮੰਗ ਕਰਦਿਆਂ ਸਰਕਾਰ ’ਤੇ ਦਬਾਅ ਬਣਾਉਣ ਵਾਸਤੇ ਸਵੇਰੇ ਤੱਕ ਡਟੇ ਰਹਿਣ ਦਾ ਫ਼ੈਸਲਾ ਲਿਆ। ਇਸੇ ਦੌਰਾਨ ਪੱਛਮੀ ਬੰਗਾਲ ਦੇ ਵੱਖ ਵੱਖ ਮੈਡੀਕਲ ਕਾਲਜਾਂ ਦੇ ਜੂਨੀਅਰ ਡਾਕਟਰਾਂ ਨੇ ਪੁਲੀਸ ਕਮਿਸ਼ਨਰ ਵਿਨੀਤ ਗੋਇਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਕੋਲਕਾਤਾ ਪੁਲੀਸ ਹੈਡਕੁਆਰਟਰ ਲਾਲ ਬਾਜ਼ਾਰ ਤੱਕ ਰੈਲੀ ਕੀਤੀ। ਇਸ ਘਟਨਾ ਦੇ ਰੋਸ ਵਜੋਂ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਪੱਛਮੀ ਬੰਗਾਲ ਦੇ ਵੱਖ ਵੱਖ ਹਿੱਸਿਆਂ ’ਚ ਰੋਸ ਰੈਲੀਆਂ ਕੀਤੀਆਂ ਗਈਆਂ। ਇਸੇ ਤਰ੍ਹਾਂ ਪੱਛਮੀ ਬੰਗਾਲ ਵਿਧਾਨ ਸਭਾ ’ਚ ਭਲਕੇ ਮਮਤਾ ਬੈਨਰਜੀ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਜਬਰ ਜਨਾਹ ਰੋਕੂ ਬਿੱਲ ਦੇ ਖਰੜੇ ’ਚ ਜਬਰ ਜਨਾਹ ਪੀੜਤਾ ਦੀ ਮੌਤ ਹੋਣ ਦੀ ਸੂਰਤ ’ਚ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਤਜਵੀਜ਼ ਪੇਸ਼ ਕੀਤੀ ਗਈ ਹੈ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     