
ਮੰਡੀਆਂ ਵਿੱਚੋਂ ਜਲਦ ਤੋਂ ਜਲਦ ਕਣਕ ਦੀ ਲਿਫਟਿੰਗ ਕਰਵਾਏ ਕੇਂਦਰ ਸਰਕਾਰ : ਹਰਚੰਦ ਸਿੰਘ ਬਰਸਟ
- by Jasbeer Singh
- April 29, 2025

ਮੰਡੀਆਂ ਵਿੱਚੋਂ ਜਲਦ ਤੋਂ ਜਲਦ ਕਣਕ ਦੀ ਲਿਫਟਿੰਗ ਕਰਵਾਏ ਕੇਂਦਰ ਸਰਕਾਰ : ਹਰਚੰਦ ਸਿੰਘ ਬਰਸਟ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ - ਕੇਂਦਰ ਸਰਕਾਰ ਆਪਣੀ ਜਿੰਮੇਵਾਰੀਆਂ ਨੂੰ ਸਮਝੇ ਮੰਡੀਆਂ ਵਿੱਚ 106.85 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ, 104.72 ਲੱਖ ਮੀਟ੍ਰਿਕ ਟਨ ਦੀ ਹੋਈ ਖਰੀਦ ਚੰਡੀਗੜ੍ਹ, 29 ਅਪ੍ਰੈਲ 2025 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਜੋਰਾ-ਸ਼ੋਰਾ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਪਰ ਹੁਣ ਲਿਫਟਿੰਗ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਬਣਦੀ ਹੈ। ਕੇਂਦਰ ਸਰਕਾਰ ਅਤੇ ਐਫਸੀਆਈ ਆਪਣੀ ਜਿੰਮੇਵਾਰੀ ਨੂੰ ਸਹੀ ਢੰਗ ਨਾਲ ਨਹੀਂ ਨਿਭਾ ਰਹੀ ਹੈ ਅਤੇ ਲਿਫਟਿੰਗ ਦੇ ਕੰਮ ਵਿੱਚ ਅਣਗਹਿਲੀ ਵਰਤ ਰਹੀ ਹੈ । ਸ. ਬਰਸਟ ਨੇ ਕਿਹਾ ਕਿ ਮੰਡੀਆਂ ਵਿੱਚੋਂ ਖਰੀਦੀ ਫਸਲ ਦੀ ਲਿਫਟਿੰਗ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਬਣਦੀ ਹੈ। ਪਰ ਕੇਂਦਰ ਸਰਕਾਰ ਹਰ ਵਾਰ ਲਿਫਟਿੰਗ ਦੇ ਕੰਮ ਵਿੱਚ ਅਣਗਹਿਲੀ ਵਰਤਦੀ ਹੈ। ਜਿਸਦਾ ਨੁਕਸਾਨ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਭੁਗਤਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤ ਦੀ ਮਹਿਰਬਾਣੀ ਸਦਕਾ ਹੁਣ ਤੱਕ ਤਾਂ ਮੌਸਮ ਠੀਕ ਰਿਹਾ ਹੈ, ਪਰ ਜੇਕਰ ਮੌਸਮ ਖਰਾਬ ਹੋ ਗਿਆ ਅਤੇ ਕਣਕ ਭਿੱਜ ਗਈ, ਤਾਂ ਉਸਦੀ ਜਿੰਮੇਵਾਰੀ ਵੀ ਕੇਂਦਰ ਸਰਕਾਰ ਦੀ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਹੀ ਕਿਸਮ ਦਾ ਅਨਾਜ ਪਹੁੰਚਾਉਣ ਵਾਸਤੇ ਕੇਂਦਰ ਸਰਕਾਰ ਅਤੇ ਐਫਸੀਆਈ ਆਪਣੀ ਜਿੰਮੇਵਾਰੀ ਸਮਝੇ ਅਤੇ ਜਲਦ ਤੋਂ ਜਲਦ ਲਿਫਟਿੰਗ ਕਰਵਾ ਕੇ ਜਿੱਥੇ-ਜਿੱਥੇ ਮਾਲ ਪਹੁੰਚਾਉਣਾ ਹੈ, ਉੱਥੇ ਤੱਕ ਪਹੁੰਚਾਵੇ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਈਆ ਜਾ ਰਿਹਾ ਹੈ। ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਯੋਗ ਪਾਣੀ, ਬਾਥਰੂਮ, ਛਾਂ, ਬੈਠਣ ਆਦਿ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾ ਕਰਨਾ ਪਵੇ। ਪਰ ਲਿਫਟਿੰਗ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੈ ਅਤੇ ਕੇਂਦਰ ਸਰਕਾਰ ਆਪਣੀ ਜਿੰਮੇਵਾਰੀ ਨੂੰ ਸਮੇਂ ਰਹਿੰਦੀਆਂ ਨਿਭਾਵੇ । ਸ. ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1865 ਪੱਕੀਆਂ ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ 152 ਮੁੱਖ ਯਾਰਡ, 285 ਸਬ-ਯਾਰਡ ਅਤੇ 1428 ਖਰੀਦ ਕੇਂਦਰ ਆਉਂਦੇ ਹਨ। ਇਸ ਦੇ ਨਾਲ ਹੀ ਕਣਕ ਦੀ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ 1028 ਆਰਜੀ ਮੰਡੀਆਂ ਘੋਸ਼ਿਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕਣਕ ਦੀ ਖਰੀਦ ਜਾਰੀ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 106.85 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 104.72 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ 47.19 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 28 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ ਵਿੱਚ 4.41 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਦਕਿ 4.96 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.