
ਹੜ ਪ੍ਰਭਾਵਿਤਾਂ ਦੀ ਮਦਦ ਲਈ ਕੇਂਦਰ ਸਰਕਾਰ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰੇ : ਬਡੂੰਗਰ

ਹੜ ਪ੍ਰਭਾਵਿਤਾਂ ਦੀ ਮਦਦ ਲਈ ਕੇਂਦਰ ਸਰਕਾਰ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰੇ : ਬਡੂੰਗਰ ਪਟਿਆਲਾ, 30 ਅਗਸਤ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਬੁਰੀ ਤਰ੍ਹਾਂ ਕੁਦਰਤ ਹੜਾਂ ਦੀ ਮਾਰ ਹੇਠ ਆ ਚੁੱਕਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਦਾ ਵੱਡੇ ਪੱਧਰ ਤੇ ਆਰਥਿਕ ਤੌਰ ਤੇ ਮਾਲੀ ਨੁਕਸਾਨ ਹੋ ਰਿਹਾ ਹੈ ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕਜ ਜਾਰੀ ਕਰੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕੁਝ ਆਰਥਿਕ ਮਦਦ ਮਿਲ ਸਕੇ । ਉਹਨਾਂ ਕਿਹਾ ਕਿ ਇਸ ਸੇਵਾ ਦੇ ਕਾਰਜ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਵਿਸ਼ੇਸ਼ ਯਤਨ ਕਰਨੇ ਚਾਹੀਦੇ ਹਨ, ਤੇ ਕੇਂਦਰ ਸਰਕਾਰ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਉਠਾ ਕੇ ਉਹਨਾਂ ਦੀ ਮਦਦ ਲਈ ਪੰਜਾਬ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ, ਕਿਉਂਕਿ ਕੁਦਰਤੀ ਹੜਾ ਦੀ ਮਾਰ ਝੱਲਣ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਗਈਆਂ ਹਨ , ਪਸ਼ੂਆਂ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਰਿਹਾ ਹੈ, ਲੋਕਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਣ ਦੇ ਨਾਲ ਨਾਲ ਘਰਾਂ ਦਾ ਕੀਮਤੀ ਸਮਾਨ ਵੀ ਹੜਾਂ ਦੇ ਭਾਰ ਵਹਾਅ ਵਿੱਚ ਰੁੜ ਗਿਆ ਹੈ, ਇਸ ਲਈ ਦੁੱਖ ਦੀ ਘੜੀ ਵਿੱਚ ਸਰਕਾਰਾਂ ਨੂੰ ਹੀ ਪੀੜਤ ਲੋਕਾਂ ਦੀ ਮਦਦ ਲਈ ਖੁੱਲ ਕੇ ਅੱਗੇ ਆਉਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਤੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਰਾਹਤ ਦੇਣ ਦੇ ਕਾਰਜ ਕੀਤੇ ਜਾ ਰਹੇ ਹਨ ਵਿਸ਼ੇਸ਼ ਕੈਂਪ ਲਗਾ ਕੇ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਲੰਗਰਾਂ ਦਾ ਵੀ ਲੋੜਵੰਦ ਲੋਕਾਂ ਤੱਕ ਪਹੁੰਚਾ ਕੇ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਦੁੱਖ ਦੀ ਘੜੀ ਵਿੱਚ ਹਰੇਕ ਲੋੜਵੰਦ ਦੀ ਮਦਦ ਲਈ ਅੱਗੇ ਹੋ ਕੇ ਸਹਾਇਤਾ ਕਰਦੀ ਆ ਰਹੀ ਹੈ । ਪ੍ਰੋਫੈਸਰ ਬਡੂੰਗਰ ਨੇ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਵੱਖੋ ਵੱਖ ਜਥੇਬੰਦੀਆਂ ਦਾ ਵੀ ਧੰਨਵਾਦ ਕੀਤਾ ਹੈ ਜੋ ਔਖੇ ਸਮੇਂ ਵਿੱਚ ਲੋੜਵੰਦ ਦੇ ਲੋਕਾਂ ਦੀ ਮਦਦ ਲਈ ਅੱਗੇ ਆ ਕੇ ਸਹਾਇਤਾ ਕਰ ਰਹੇ ਹਨ।