post

Jasbeer Singh

(Chief Editor)

Patiala News

ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ ਵੱਲੋਂ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ 21 ਕਿਸਾਨਾਂ ਦਾ ਸਨਮਾਨ

post-img

ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ ਵੱਲੋਂ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ 21 ਕਿਸਾਨਾਂ ਦਾ ਸਨਮਾਨ ਸੁਨਾਮ ਊਧਮ ਸਿੰਘ ਵਾਲਾ, 21 ਅਗਸਤ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਸਬ ਡਵੀਜਨਾਂ ਵਿੱਚ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਦਾ ਵਿਸ਼ੇਸ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨ ਇਨ੍ਹਾਂ ਅਗਾਹਵਧੂ ਕਿਸਾਨਾਂ ਤੋਂ ਪ੍ਰੇਰਨਾ ਲੈ ਕੇ ਆਉਂਦੇ ਸੀਜਨ ਦੌਰਾਨ ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰਨ ਅਤੇ ਵਾਤਾਵਰਨ ਨੂੰ ਪ੍ਰਦੂਸਿਤ ਹੋਣ ਤੋਂ ਬਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਇਸ ਮੁਹਿੰਮ ਵਿੱਚ ਅਪਣਾ ਵਿਸ਼ੇਸ ਯੋਗਦਾਨ ਪਾਉਣ। ਅੱਜ ਉਪ ਮੰਡਲ ਮੈਜਿਸਟਰੇਟ ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ ਦੀ ਰਹਿਨੁਮਾਨੀ ਹੇਠ ਸਬ ਡਵੀਜਨ ਸੁਨਾਮ ਊਧਮ ਸਿੰਘ ਵਾਲਾ ਵਿਖੇ 21 ਕਿਸਾਨਾਂ ਦਾ ਵਿਸ਼ੇਸ ਸਨਮਾਨ ਕਰਨ ਲਈ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਪਨਸੀਡ ਪੰਜਾਬ ਉਚੇਚ ਤੌਰ ਤੇ ਪਹੁੰਚੇ। ਉਨ੍ਹਾਂ ਵੱਲੋਂ ਇਹਨਾਂ ਕਿਸਾਨਾਂ ਨੂੰ ਇਨਸੀਟੂ ਸਕੀਮ ਅਧੀਨ ਸਨਮਾਨਿਤ ਕੀਤਾ ਗਿਆ ਅਤੇ ਸਨਮਾਨ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਅਜਿਹੀ ਵਿਧੀ ਅਪਨਾਉਣ ਲਈ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪਰਾਲੀ ਦੀ ਰਹਿੰਦ ਖੂਹੰਦ ਨੂੰ ਨਾ ਸਾੜਨ ਵਾਲੇ ਕਿਸਾਨਾਂ ਦੀ ਗਿਣਤੀ ਵਿੱਚ ਵਾਧਾ ਹੋ ਸਕੇ। ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਦੇਣ ਲਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ । ਉਹਨਾਂ ਆਸ ਪ੍ਰਗਟਾਈ ਕਿ ਕਿਸਾਨਾਂ ਦੇ ਸਹਿਯੋਗ ਨਾਲ ਜਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਵਿੱਚ ਪ੍ਰਸ਼ਾਸਨਿਕ ਉਪਰਾਲੇ ਸਾਰਥਕ ਸਾਬਤ ਹੋਣਗੇ। ਇਸ ਮੌਕੇ ਕਿਸਾਨ ਗੁਰਪ੍ਰੀਤ ਸਿੰਘ ਖਡਿਆਲ ਨੇ ਦੱਸਿਆ ਕਿ ਉਹ ਝੋਨੇ ਦੀ ਰਹਿੰਦ ਖੂੰਹਦ ਦੀਆਂ ਗੰਢਾ ਮਸੀਨਾਂ ਰਾਹੀਂ ਬਣਾਉਦੇ ਹਨ ਜਿਸ ਨਾਲ ਵਾਤਾਵਰਨ ਦੀ ਸੁੱਧਤਾ ਬਣੀ ਰਹਿੰਦੀ ਹੈ। ਇਸ ਮੌਕੇ ਦਮਨਜੀਤ ਸਿੰਘ ਏ.ਡੀ.ਓ, ਸੁਨਾਮ ਊਧਮ ਸਿੰਘ ਵਾਲਾ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸੁਚੇਤ ਕਰਦਿਆਂ ਆਪਣੇ ਵਿਚਾਰ ਪੇਸ਼ ਕੀਤੇ ਅਤੇ ਅੱਗ (ਪ੍ਰਦੂਸ਼ਣ) ਨਾਲ ਵਾਤਾਵਰਨ ਵਿਚ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਵੱਖ ਵੱਖ ਮਸ਼ੀਨਾਂ ਤੇ ਮਿਲ ਰਹੀ ਸਬਸਿਡੀ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਬਲਵਿੰਦਰ ਸਿੰਘ ਸੁਪਰਡੈਂਟ ਸਮੇਤ ਹੋਰ ਸਟਾਫ ਅਤੇ ਕਿਸਾਨ ਹਾਜਰ ਸਨ ।

Related Post