
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ
- by Jasbeer Singh
- August 18, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਤ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਕਿਉਂਕਿ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਕੀ ਖਿਡਾਰੀਆਂ ਦੀ ਇਹ ਸ਼ਾਨਦਾਰ ਜਿੱਤ ਪੂਰੇ ਦੇਸ਼ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਟੀਮ ਦਾ ਹਰ ਮੈਚ ਨਿੱਜੀ ਤੌਰ `ਤੇ ਦੇਖਿਆ ਹੈ ਅਤੇ ਇਨ੍ਹਾਂ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਭਾਰਤੀ ਟੀਮ ਨੂੰ ਆਸਟਰੇਲੀਆ ਨੂੰ ਹਰਾ ਕੇ ਬਹੁਤ ਖ਼ੁਸ਼ੀ ਹੋਈ ਹੈ ਅਤੇ ਸਪੇਨ, ਇੰਗਲੈਂਡ ਅਤੇ ਹੋਰ ਟੀਮਾਂ ਵਿਰੁੱਧ ਮੈਚ ਵੀ ਸ਼ਾਨਦਾਰ ਸਨ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਤਗ਼ਮਾ ਜਿੱਤਣਾ ਹਰ ਦੇਸ਼ ਵਾਸੀ ਲਈ ਸੁਪਨੇ ਦੇ ਸਾਕਾਰ ਹੋਣ ਵਰਗਾ ਹੈ ਅਤੇ ਸਭ ਤੋਂ ਚੰਗੀ ਗੱਲ ਇਹ ਹੈ ਕਿ ਕਪਤਾਨ ਹਰਮਨਪ੍ਰੀਤ ਨੇ ਅੱਗੇ ਵਧ ਕੇ ਟੀਮ ਦੀ ਅਗਵਾਈ ਕੀਤੀ, ਜਿਸ ਨਾਲ ਟੀਮ ਜਿੱਤ ਵੱਲ ਸੇਧਿਤ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਲੀਡਰਸ਼ਿਪ ਕਾਬਲੀਅਤ ਬੇਮਿਸਾਲ ਸੀ, ਜਿਸ ਕਾਰਨ ਟੀਮ ਨੇ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ । ਮੁੱਖ ਮੰਤਰੀ ਨੇ ਕਿਹਾ ਕਿ ਹਰਮਨ ਨੇ ਇਕੱਲੇ ਨੇ ਓਲੰਪਿਕ ਵਿੱਚ 10 ਗੋਲ ਕੀਤੇ ਹਨ ਅਤੇ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਸੂਬਾ ਸਰਕਾਰ ਅੱਜ ਇਨ੍ਹਾਂ ਹੀਰਿਆਂ ਨੂੰ ਸਨਮਾਨਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਇਨ੍ਹਾਂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦੇ ਰਿਹਾ ਹੈ ਅਤੇ ਉਨ੍ਹਾਂ ਦੇ ਕੀਰਤੀਮਾਨ ਦੀ ਸ਼ਲਾਘਾ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਸੁਰਜੀਤੀ ਦੇ ਰਾਹ `ਤੇ ਹੈ ਅਤੇ ਪੰਜਾਬ ਨਵੰਬਰ ਮਹੀਨੇ ਵਿੱਚ ਹਾਕੀ ਦੀਆਂ ਚਾਰ ਵਿਸ਼ਵ ਪੱਧਰੀ ਟੀਮਾਂ ਵਿਚਕਾਰ ਲੀਗ ਟੂਰਨਾਮੈਂਟ ਕਰਵਾਉਣ ਲਈ ਵਿਚਾਰ ਕਰ ਰਿਹਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਤੀਜਾ ਐਡੀਸ਼ਨ 28 ਅਗਸਤ ਤੋਂ ਸ਼ੁਰੂ ਹੋਵੇਗਾ, ਜੋ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮਾਹਿਲਪੁਰ ਖੇਤਰ ਵਿੱਚ ਫੁੱਟਬਾਲ, ਸੰਗਰੂਰ ਵਿੱਚ ਬਾਕਸਿੰਗ, ਜਲੰਧਰ ਵਿੱਚ ਹਾਕੀ, ਲੁਧਿਆਣਾ ਵਿੱਚ ਅਥਲੈਟਿਕਸ ਅਤੇ ਹੋਰ ਖੇਡ ਕਲੱਸਟਰਾਂ ਦਾ ਵਿਕਾਸ ਕਰੇਗੀ । ਮੁੱਖ ਮੰਤਰੀ ਨੇ ਕਿਹਾ ਕਿ ਤਗ਼ਮਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਨੌਕਰੀਆਂ ਦੇਣ ਤੋਂ ਇਲਾਵਾ ਸੂਬਾ ਸਰਕਾਰ ਉਨ੍ਹਾਂ ਨੂੰ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਨੌਕਰੀਆਂ ਵਿੱਚ ਤਰੱਕੀਆਂ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ। ਇਕ ਵਿਲੱਖਣ ਭੂਮਿਕਾ ਨਿਭਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਓਲੰਪਿਕ ਮੈਚਾਂ ਦੌਰਾਨ ਮੈਦਾਨ ਵਿੱਚ ਉਨ੍ਹਾਂ ਦੇ ਤਜਰਬਿਆਂ ਬਾਰੇ ਖਿਡਾਰੀਆਂ ਨਾਲ ਸਵਾਲ-ਜਵਾਬ ਵੀ ਕੀਤੇ। ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ ਅਤੇ ਹੋਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਮੈਚਾਂ ਦੌਰਾਨ ਖਿਡਾਰੀਆਂ ਵੱਲੋਂ ਦਿਖਾਈ ਗਈ ਸ਼ਾਨਦਾਰ ਖੇਡ ਭਾਵਨਾ ਦੀ ਸ਼ਲਾਘਾ ਕੀਤੀ, ਜਿਸ ਸਦਕਾ ਟੀਮ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ । ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਖੇਡ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮੁੱਚਾ ਦੇਸ਼ ਇਨ੍ਹਾਂ ਸਾਰੇ ਖਿਡਾਰੀਆਂ ਦਾ ਰਿਣੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੀ ਇਤਿਹਾਸਕ ਪ੍ਰਾਪਤੀ ਨੂੰ ਬਿਆਨ ਕਰਨ ਲਈ ਸ਼ਬਦ ਵੀ ਥੋੜ੍ਹੇ ਪੈ ਜਾਂਦੇ ਹਨ। ਉਨ੍ਹਾਂ ਨੇ ਟੀਮ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਸੂਬੇ ਦੀ ਮੁਹਿੰਮ ਲਈ ਬ੍ਰਾਂਡ ਅੰਬੈਸਡਰ ਬਣਾਇਆ ਜਾਵੇਗਾ ਤਾਂ ਕਿ ਸਾਡੇ ਨੌਜਵਾਨਾਂ ਨੂੰ ਪ੍ਰੇਰਨਾ ਮਿਲ ਸਕੇ । ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਗ਼ਮਾ ਜੇਤੂ ਖਿਡਾਰੀਆਂ ਦਾ ਸਨਮਾਨ ਸੂਬੇ ਵਿੱਚ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਵੇਗਾ। ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਵਿੱਚ ਹੋਰ ਮਦਦ ਕਰੇਗਾ । ਭਾਰਤੀ ਹਾਕੀ ਖਿਡਾਰੀ ਮਨਦੀਪ ਸਿੰਘ ਨੇ ਵੀ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਨਾਲ ਵਾਅਦਾ ਵੀ ਕੀਤਾ ਕਿ ਅਗਲੀ ਵਾਰ ਓਲੰਪਿਕ ਵਿੱਚ ਤਗ਼ਮੇ ਦਾ ਰੰਗ ਬਦਲੇਗਾ। ਮਨਦੀਪ ਸਿੰਘ ਨੇ ਇਹ ਵੀ ਉਮੀਦ ਜ਼ਾਹਰ ਕੀਤੀ ਕਿ ਅਗਲੀ ਵਾਰ ਸੂਬੇ ਦੇ ਓਲੰਪਿਕ ਦਲ ਵਿਚ ਪੰਜਾਬ ਦੇ ਖਿਡਾਰੀਆਂ ਦੀ ਗਿਣਤੀ ਵਿਚ ਵੀ ਵਾਧਾ ਹੋਵੇਗਾ । ਮੁੱਖ ਮੰਤਰੀ ਨੇ ਅੱਠ ਹਾਕੀ ਖਿਡਾਰੀਆਂ ਨੂੰ ਇੱਕ-ਇਕ ਕਰੋੜ ਰੁਪਏ ਅਤੇ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ 11 ਹੋਰ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਦਿੱਤੇ ।
Related Post
Popular News
Hot Categories
Subscribe To Our Newsletter
No spam, notifications only about new products, updates.