
ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ 'ਆਪ' ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ
- by Jasbeer Singh
- August 28, 2025

ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ 'ਆਪ' ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ ਚੰਡੀਗੜ੍ਹ, 28 ਅਗਸਤ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਇਹ ਅਜਿਹਾ ਸਮਾਂ ਹੈ, ਜਦੋਂ ਸਾਰੇ ਪੰਜਾਬੀਆਂ ਨੂੰ ਇੱਕ ਦੂਜੇ ਦੀ ਬਾਂਹ ਫੜਨ ਲਈ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਮੰਤਰੀਆਂ ਅਤੇ 'ਆਪ' ਵਿਧਾਇਕਾਂ ਨਾਲ ਮਿਲ ਕੇ ਹੜ੍ਹਾਂ ਤੋਂ ਪੀੜਤ ਲੋਕਾਂ ਦੀ ਸਹਾਇਤਾ ਲਈ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।