

ਜਹਿਰੀਲੀ ਸ਼ਰਾਬ ਤੇ ਬੋਲੇ ਮੁੱਖ ਮੰਤਰੀ ਇਹ ਮੌਤਾਂ ਨਹੀਂ ਕਤਲ ਨੇ ਚੰਡੀਗੜ੍ਹ, 13 ਮਈ 2025 : ਪੰਜਾਬ ਦੇ ਮਜੀਠਾ ਵਿਖੇ ਵਾਪਰੇ ਜਹਿਰੀਲੀ ਸ਼ਰਾਬ ਕਾਂਡ ਕਾਰਨ ਮੌਤ ਦੇ ਘਾਟ ਉਤਰੇ ਲੋਕਾਂ ਦੇ ਹੱਕ ਵਿਚ ਨਾਅਰਾ ਮਾਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਇਹ ਮੌਤਾਂ ਨਹੀਂ ਬਲਕਿ ਇਹ ਤਾਂ ਕਤਲ ਨੇ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਉਂਟ ਤੇ ਟਵੀਟ ਕਰਕੇ ਮਜੀਠੇ ਦੇ ਆਲੇ-ਦੁਆਲੇ ਦੇ ਕੁਝ ਪਿੰਡਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮਾਸੂਮ ਲੋਕਾਂ ਦੇ ਇਨ੍ਹਾਂ ਕਾਤਲਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਖਿਆ ਹੈ ਕਿ ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ’ਚ ਸੱਥਰ ਵਿਛਾਉਣ ਵਾਲੇ ਇਨ੍ਹਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ । ਉਨ੍ਹਾਂ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ ਤੇ ਆਖਿਆ ਕਿ ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ ।